7 ਕਰੋੜ ਦੀ ਵਸੂਲੀ ਲਈ ਕੇਜਰੀਵਾਲ ਪਰਿਵਾਰ ਨੂੰ ਧਮਕਾਉਣ ਦਾ ਮਾਮਲਾ, ਮੋਹਾਲੀ ’ਚ ਸਾਈਬਰ ਪੁਲਿਸ ਨੇ ਕੱਸਿਆ ਸ਼ਿਕੰਜਾ
‘ਆਪ’ ਵਿਧਾਇਕ ਜਰਨੈਲ ਸਿੰਘ ਨੂੰ ਆਇਆ ਧਮਕੀ ਭਰਿਆ ਫ਼ੋਨ, ਧੀ ਹਰਸ਼ਿਤਾ ਨੂੰ ਵੀ ਨਿਸ਼ਾਨਾ ਬਣਾਉਣ ਦੀ ਦਿੱਤੀ ਚਿਤਾਵਨੀ; ਲਾਰੈਂਸ ਗੈਂਗ ਨਾਲ ਸਬੰਧ ਹੋਣ ਦਾ ਕੀਤਾ ਦਾਅਵਾ

ਮੋਹਾਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਥਿਤ ਤੌਰ ’ਤੇ 7 ਕਰੋੜ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਦਿੱਲੀ ਦੇ ਤਿਲਕ ਨਗਰ ਤੋਂ ‘ਆਪ’ ਵਿਧਾਇਕ ਜਰਨੈਲ ਸਿੰਘ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਮੋਹਾਲੀ ਦੇ ਸਾਈਬਰ ਕ੍ਰਾਈਮ ਥਾਣੇ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਧਮਕੀ ਦੇਣ ਵਾਲੇ ਨੇ ਖ਼ੁਦ ਨੂੰ ਲਾਰੈਂਸ ਗੈਂਗ ਦਾ ਮੈਂਬਰ ਦੱਸਿਆ ਸੀ।
ਜਰਨੈਲ ਸਿੰਘ ਅਨੁਸਾਰ 6 ਨਵੰਬਰ 2026 ਨੂੰ ਸ਼ਾਮ ਕਰੀਬ 6 ਵਜੇ ਉਨ੍ਹਾਂ ਦੇ ਨਿੱਜੀ ਮੋਬਾਈਲ ਫ਼ੋਨ ’ਤੇ ਇੱਕ ਅਣਜਾਣ ਨੰਬਰ ਤੋਂ ਕਾਲ ਆਈ ਅਤੇ ਵਟਸਐਪ ਰਾਹੀਂ ਸੁਨੇਹਾ ਭੇਜਿਆ ਗਿਆ। ਸੁਨੇਹਾ ਭੇਜਣ ਵਾਲੇ ਦੀ ਪ੍ਰੋਫਾਈਲ ’ਤੇ ‘~ $H’ ਨਾਮ ਦਿਖਾਈ ਦੇ ਰਿਹਾ ਸੀ। ਧਮਕੀ ਭਰੇ ਸੁਨੇਹੇ ਵਿੱਚ ਅਰਵਿੰਦ ਕੇਜਰੀਵਾਲ ਤੋਂ 7 ਕਰੋੜ ਰੁਪਏ ਦੀ ਮੰਗ ਕੀਤੀ ਗਈ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਕੇਜਰੀਵਾਲ ਤੇ ਉਨ੍ਹਾਂ ਦੀ ਧੀ ਹਰਸ਼ਿਤਾ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਚਿਤਾਵਨੀ ਦਿੱਤੀ ਗਈ।
ਇਸ ਸ਼ਿਕਾਇਤ ਦੇ ਆਧਾਰ ’ਤੇ 7 ਨਵੰਬਰ 2026 ਨੂੰ ਰਾਤ 9:16 ਵਜੇ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ। ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 308(4), 351(2), 351(3), 351(4) ਅਤੇ 111(2) ਤੋਂ ਇਲਾਵਾ ਆਈਟੀ ਐਕਟ ਦੀ ਧਾਰਾ 66ਡੀ ਤਹਿਤ ਕਾਰਵਾਈ ਕੀਤੀ ਹੈ। ਮਾਮਲੇ ਦੀ ਤਕਨੀਕੀ ਜਾਂਚ ਇੰਸਪੈਕਟਰ ਸੁਨੀਲ ਕੁਮਾਰ ਨੂੰ ਸੌਂਪੀ ਗਈ ਹੈ।
ਗੈਂਗਸਟਰਾਂ ਦੀ ਸਰਗਰਮੀ ਨੂੰ ਲੈ ਕੇ ਪਹਿਲਾਂ ਵੀ ਸਿਆਸੀ ਹਮਲੇ ਕਰਦੇ ਰਹੇ ਕੇਜਰੀਵਾਲ
ਅਰਵਿੰਦ ਕੇਜਰੀਵਾਲ ਵੱਲੋਂ ਲਾਰੈਂਸ ਬਿਸ਼ਨੋਈ ਦੇ ਕਥਿਤ ਨੈੱਟਵਰਕ ਅਤੇ ਗੈਂਗਸਟਰਾਂ ਦੀਆਂ ਸਰਗਰਮੀਆਂ ਨੂੰ ਲੈ ਕੇ ਪਹਿਲਾਂ ਵੀ ਭਾਜਪਾ ਅਤੇ ਕੇਂਦਰ ਸਰਕਾਰ ਨੂੰ ਘੇਰਿਆ ਜਾਂਦਾ ਰਿਹਾ ਹੈ। ਉਨ੍ਹਾਂ ਨੇ ਦਿੱਲੀ ਵਿੱਚ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਦਾ ਮੁੱਦਾ ਉਠਾਉਂਦਿਆਂ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕੀਤੇ ਸਨ।
ਮੂਸੇਵਾਲਾ ਕਤਲ ਮਗਰੋਂ ਪੰਜਾਬ ’ਚ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਦੀ ਕੀਤੀ ਸੀ ਵਕਾਲਤ
15 ਜੂਨ 2022 ਨੂੰ ਦਿੱਲੀ ਦੇ ਸ਼ਹੀਦ ਭਗਤ ਸਿੰਘ ਇੰਟਰਸਟੇਟ ਬੱਸ ਟਰਮੀਨਲ ਵਿਖੇ ਲਗਜ਼ਰੀ ਬੱਸਾਂ ਨੂੰ ਰਵਾਨਾ ਕਰਨ ਦੇ ਸਮਾਗਮ ਦੌਰਾਨ ਕੇਜਰੀਵਾਲ ਨੇ ਪੰਜਾਬ ਵਿੱਚ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੱਤਾ ਸੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।
ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਗੈਂਗਸਟਰ ਲਾਰੈਂਸ ਨੂੰ ਪੁੱਛਗਿੱਛ ਲਈ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਸੀ। ਉਸ ਸਮੇਂ ਕੇਜਰੀਵਾਲ ਨੇ ਪਿਛਲੀਆਂ ਸਰਕਾਰਾਂ ’ਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਨਾ ਕਰਨ ਅਤੇ ਉਨ੍ਹਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਦੇ ਦੋਸ਼ ਲਗਾਏ ਸਨ।
ਸਾਬਰਮਤੀ ਜੇਲ੍ਹ ’ਚ ਬੰਦ ਲਾਰੈਂਸ ਦਾ ਗਿਰੋਹ ਬਾਹਰ ਕਿਵੇਂ ਚਲਾ ਰਿਹਾ ਨੈੱਟਵਰਕ?
29 ਨਵੰਬਰ 2024 ਨੂੰ ਦਿੱਲੀ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਕੇਜਰੀਵਾਲ ਨੇ ਦਿੱਲੀ ਵਿੱਚ ਵਧ ਰਹੇ ਅਪਰਾਧਾਂ ਅਤੇ ਕਾਰੋਬਾਰੀਆਂ ਤੋਂ ਜਬਰੀ ਵਸੂਲੀ ਦੇ ਮੁੱਦੇ ’ਤੇ ਲਾਰੈਂਸ ਬਿਸ਼ਨੋਈ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਸਵਾਲ ਉਠਾਇਆ ਸੀ ਕਿ ਸਾਬਰਮਤੀ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਲਾਰੈਂਸ ਦਾ ਗਿਰੋਹ ਦਿੱਲੀ ਵਿੱਚ ਫਿਰੌਤੀ ਦਾ ਨੈੱਟਵਰਕ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਪੁੱਛਿਆ ਸੀ ਕਿ ਕੀ ਲਾਰੈਂਸ ਨੂੰ ਭਾਜਪਾ ਦੀ ਸਿਆਸੀ ਸਰਪ੍ਰਸਤੀ ਹਾਸਲ ਹੈ।
-(ਟੀਵੀ 9 ਪੰਜਾਬੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


