Breaking- ਦੁਕਾਨਦਾਰਾਂ ਦੇ ਚਿਹਰੇ ਖੁਸ਼ੀ ਨਾਲ ਖਿੜ੍ਹ ਉੱਠੇ, ਗਰੀਨ ਪਟਾਕੇ ਚਲਾਉਣ ਅਤੇ ਵੇਚਣ ਦੀ ਦਿੱਤੀ ਇਜਾਜ਼ਤ
ਚੰਡੀਗੜ੍ਹ, 1 ਅਕਤੂਬਰ – ਇਸ ਵਾਰ ਸ਼ਹਿਰ ’ਚ ਤਿਉਹਾਰਾਂ ਦੇ ਸੀਜ਼ਨ ਦੌਰਾਨ ਬਜ਼ਾਰਾਂ ’ਚ ਖੂਬ ਰੌਣਕ ਦੀ ਉਮੀਦ ਕੀਤੀ ਜਾ ਸਕਦੀ ਹੈ। ਦਰਅਸਲ ਕੋਰੋਨਾ ਮਹਾਂਮਾਰੀ ਤੋਂ ਬਾਅਦ ਚੰਡੀਗੜ੍ਹ ਵਾਸੀ ਪਹਿਲੀ ਵਾਰ ਬੰਦਿਸ਼ਾਂ ਤੋਂ ਬਿਨਾ ਦੀਵਾਲੀ ਮਨਾਉਣਗੇ। ਉੱਧਰ ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਹਵਾ ਦੀ ਗੁਣਵਤਾ ਨੂੰ ਦੇਖਦਿਆਂ ਗ੍ਰੀਨ ਪਟਾਕਿਆਂ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
ਚੰਡੀਗੜ੍ਹ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇਸ ਫ਼ੈਸਲੇ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ ਐਲਾਨ ਕੀਤਾ ਕਿ ਦੀਵਾਲੀ ਦੀ ਰਾਤ 8 ਤੋਂ 10 ਵਜੇ ਤੱਕ, ਗੁਰਪੁਰਬ ਮੌਕੇ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਤੋਂ 10 ਵਜੇ ਤੱਕ ਸ਼ਹਿਰ ਵਾਸੀਆਂ ਨੂੰ ਪਟਾਕੇ ਚਲਾਉਣ ਦੀ ਖੁੱਲ੍ਹ ਹੋਵੇਗੀ। ਪ੍ਰਸਾਸ਼ਨ ਦੁਆਰਾ ਸਿਰਫ਼ ਗਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ ਅਤੇ ਦੁਕਾਨਦਾਰਾਂ ਦੁਆਰਾ ਸਿਰਫ਼ ਗ੍ਰੀਨ ਪਟਾਕੇ ਹੀ ਵੇਚੇ ਜਾਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਇਹ ਫ਼ੈਸਲਾ ਲਿਆ। ਬੈਠਕ ’ਚ ਰਾਜਪਾਲ ਨੂੰ ਜਾਣੂ ਕਰਵਾਇਆ ਗਿਆ ਕਿ ਸਾਲ 2020 ਅਤੇ 2021 ’ਚ ਦੀਵਾਲੀ ਮੌਕੇ ਸ਼ਹਿਰ ਦੀ ਹਵਾ ਦੀ ਗੁਣਵੱਤਾ ਸੰਤੋਸ਼ਜਨਕ ਰਹੀ।
ਪ੍ਰਸ਼ਾਸਨ ਦੇ ਇਸ ਫ਼ੈਸਲੇ ਦਾ ਚੰਡੀਗੜ੍ਹ ਕਰੈਕਰਜ਼ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਗੁਪਤਾ ਨੇ ਸਵਾਗਤ ਕੀਤਾ ਹੈ। ਇਸਦੇ ਨਾਲ ਹੀ ਪ੍ਰਸਾਸ਼ਨ ਅੱਗੇ ਐਸੋਸੀਏਸ਼ਨ ਨੇ ਗ੍ਰੀਨ ਪਟਾਕੇ ਵੇਚਣ ਦੀ ਮਨਜ਼ੂਰੀ ਮੰਗੀ ਸੀ, ਜਿਸਨੂੰ ਪ੍ਰਵਾਨ ਕਰ ਲਿਆ ਗਿਆ ਹੈ।