Breaking- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਭੇਜੇ ਗਏ ਮੰਗ ਪੱਤਰ
ਫਰੀਦਕੋਟ, 2 ਅਕਤੂਬਰ – (ਪੰਜਾਬ ਡਾਇਰੀ) ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ ਬਲਾਕ ਫਰੀਦਕੋਟ ਵੱਲੋਂ ਬਲਾਕ ਪ੍ਰਧਨ ਖੁਸ਼ਪਾਲ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਅੱਜ ਬਲਾਕ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਮੌਕੋ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਨਾਂ ਉੱਚ ਅਧਿਕਾਰੀਆਂ ਰਾਹੀਂ ਮੰਗ ਪੱਤਰ ਭੇਜੇ । ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ । ਇਸ ਮੌਕੇ ਬੋਲਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਆਈ ਸੀ ਡੀ ਐਸ ਸਕੀਮ ਨੂੰ 2 ਅਕਤੂਬਰ 1975 ਨੂੰ ਚਾਲੂ ਕੀਤਾ ਗਿਆ ਸੀ । ਇਸ ਸਕੀਮ ਵਿਚ ਇਸ ਵੇਲੇ 28 ਲੱਖ ਵਰਕਰਾਂ ਤੇ ਹੈਲਪਰਾਂ ਕੰਮ ਕਰ ਰਹੀਆਂ ਹਨ । ਜਿੰਨ੍ਹਾਂ ਨੂੰ ਕੰਮ ਕਰਦਿਆਂ 47 ਸਾਲ ਬੀਤ ਚੁੱਕੇ ਹਨ । ਪਰ ਐਨਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਵਰਕਰਾਂ ਤੇ ਹੈਲਪਰਾਂ ਨੂੰ ਪੱਕਾ ਨਹੀਂ ਕੀਤਾ ਗਿਆ ਤੇ ਨਾ ਹੀ ਘੱਟੋ ਘੱਟ ਉਜਰਤਾਂ ਨੂੰ ਲਾਗੂ ਕੀਤਾ ਗਿਆ ਹੈ, ਨਾ ਹੀ ਗੁਜ਼ਾਰੇ ਯੋਗ ਸਨਮਾਨਜਨਕ ਭੱਤਾ ਦਿੱਤਾ ਜਾ ਰਿਹਾ ਹੈ । ਕੇਂਦਰ ਸਰਕਾਰ ਵੱਲੋਂ ਕੇਵਲ 4500 ਰੁਪਏ ਵਰਕਰ ਨੂੰ ਅਤੇ 2250 ਹੈਲਪਰ ਨੂੰ ਦਿੱਤੇ ਜਾ ਰਹੇ ਹਨ । ਇਸ ਵਿਚ ਵੀ ਕੇਂਦਰ ਸਰਕਾਰ ਕੇਵਲ 60 ਫੀਸਦੀ ਹਿੱਸਾ ਹੀ ਪਾ ਰਹੀ ਹੈ । ਜਦੋਂ ਕਿ ਬਾਕੀ 40 ਫੀਸਦੀ ਹਿੱਸਾ ਸੂਬਾ ਸਰਕਾਰਾਂ ਤੋਂ ਪਵਾਇਆ ਜਾ ਰਿਹਾ ਹੈ । ਉਹਨਾਂ ਕਿਹਾ ਕਿ ਆਈ ਸੀ ਡੀ ਐਸ ਸਕੀਮ ਨੂੰ ਵਿਭਾਗ ਦਾ ਦਰਜਾ ਦਿੱਤਾ ਜਾਵੇ । ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇ ਕੇ ਸਰਕਾਰੀ ਮੁਲਾਜ਼ਮ ਘੋਸ਼ਿਤ ਕੀਤਾ ਜਾਵੇ । ਹੈਲਪਰ ਨੂੰ ਚੋਥੇ ਦਰਜ਼ੇ ਦੇ ਮੁਲਾਜ਼ਮ ਦਾ ਦਰਜਾ ਦਿੱਤਾ ਜਾਵੇ । ਜਿੰਨੀ ਦੇਰ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਜਾਂਦਾ ਉਹਨੀ ਦੇਰ ਘੱਟ ਘੱਟ ਉਜਰਤਾਂ ਨੂੰ ਲਾਗੂ ਕੀਤਾ ਜਾਵੇ । ਵਰਕਰਾਂ ਨੂੰ 24 ਹਜ਼ਾਰ ਅਤੇ ਹੈਲਪਰਾਂ ਨੂੰ 18 ਹਜ਼ਾਰ ਰੁਪਏ ਭੱਤਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਆਧੁਨਿਕ ਸਹੂਲਤਾਂ ਵਾਲੀਆਂ ਬਣਾਈਆਂ ਜਾਣ । ਐਨ ਜੀ ਓ ਅਧੀਨ ਚੱਲ ਰਹੇ ਪ੍ਰੋਜੈਕਟਾਂ ਨੂੰ ਵਾਪਸ ਮੁੱਖ ਵਿਭਾਗ ਦੇ ਅਧੀਨ ਲਿਆਂਦਾ ਜਾਵੇ ।
ਪੰਜਾਬ ਸਰਕਾਰ ਨਾਲ ਸਬੰਧਿਤ ਮੰਗਾਂ ਬਾਰੇ ਗੱਲ ਕਰਦਿਆੰ ਆਗੂਆਂ ਨੇ ਕਿਹਾ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ, ਨੂੰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ ਅਤੇ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜ਼ਾ ਦਿੱਤਾ ਜਾਵੇ । ਜਦੋਂ ਤੱਕ ਇਹ ਲਾਗੂ ਨਹੀਂ ਹੁੰਦਾ ਉਦੋਂ ਤੱਕ ਆਪ ਸਰਕਾਰ ਆਪਣੇ ਵਾਅਦੇ ਅਨੁਸਾਰ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰੇ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇਂ 4 ਸਾਲਾਂ ਤੋਂ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਦੀ ਭਰਤੀ ਤੁਰੰਤ ਕੀਤੀ ਜਾਵੇ । ਇਹ ਭਾਰਤੀ 2016 ਦੇ ਨਿਯਮਾਂ ਮੁਤਾਬਕ ਕੀਤੀ ਜਾਵੇ । ਆਂਗਣਵਾੜੀ ਕੇਂਦਰਾਂ ਦਾ ਕਰਾਇਆ ਤੁਰੰਤ ਰਲੀਜ ਕੀਤਾ ਜਾਵੇ । ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਬਿਨਾਂ ਰੋਕੇ ਲਗਾਤਾਰ ਦਿੱਤੀਆਂ ਜਾਣ । ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ, ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ ।
ਇਸ ਮੌਕੇ ਸਰਬਜੀਤ ਕੌਰ, ਸ਼ਰਨਜੀਤ ਕੌਰ, ਵੀਨਾ ਰਾਣੀ , ਬਲਦੇਵ ਕੌਰ, ਜਸਪਾਲ ਕੌਰ, ਚਰਨਜੀਤ ਕੌਰ ਡੋਡ, ਰਜਨੀ, ਕੁਲਵਿੰਦਰ ਕੌਰ, ਸ਼ਾਤੀ ਦੇਵੀ ਆਦਿ ਆਗੂ ਮੌਜੂਦ ਸਨ ।