Breaking- ਵਧੀਕ ਡਿਪਟੀ ਕਮਿਸ਼ਨਰ ਨੇ ਟੀ.ਐਨ.ਸੀ ਮੁਹਿੰਮ ਦੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਜਾਗਰੂਕਤਾ ਵੈਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰੇਗੀ
ਫਰੀਦਕੋਟ, 3 ਅਕਤੂਬਰ – (ਪੰਜਾਬ ਡਾਇਰੀ) ਪੰਜਾਬ ਵਿੱਚ ਦਿ ਨੇਚਰ ਕੰਜ਼ਰਵੈਂਸੀ (ਟੀ.ਐਨ.ਸੀ.) ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟ ਪ੍ਰਮੋਟਿੰਗ ਰੀਜਨਰੇਟਿਵ ਐਂਡ ਨੋ ਬਰਨ ਐਗਰੀਕਲਚਰ (ਪ੍ਰਾਣਾ) ਤਹਿਤ ਜ਼ਿਲ੍ਹੇ ਵਿੱਚ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਤਹਿਤ ਮੋਬਾਈਲ ਵੈਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨਗੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਨੇ ਕਿਹਾ ਕਿ ਨੇਚਰ ਕੰਜ਼ਰਵੈਂਸੀ ਨੇ ਪੰਜਾਬ ਵਿੱਚ ਪ੍ਰਾਣਾ (ਪ੍ਰੋਮੋਟਿੰਗ ਰੀਜਨਰੇਟਿਵ ਐਂਡ ਨੋ-ਬਰਨ ਐਗਰੀਕਲਚਰ) ਪ੍ਰੋਜੈਕਟ ਲਾਂਚ ਕੀਤਾ ਹੈ। ਪ੍ਰਾਣਾ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਅਤੇ ਕਾਰਬਨ ਦੇ ਨਿਕਾਸ ਨੂੰ ਘਟਾਉਣ ਲਈ ਇੱਕ ਚਾਰ ਸਾਲਾਂ ਦਾ ਪ੍ਰੋਜੈਕਟ ਹੈ। ਇਸ ਪ੍ਰੋਜੈਕਟ ਰਾਹੀਂ ਟੀ.ਐਨ.ਸੀ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਕਿਸਾਨਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ ਤਾਂ ਜੋ ਵਿਹਾਰਕ ਸੀ.ਆਰ.ਐੱਮ ਤਕਨਾਲੋਜੀਆਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ।
ਉਨ੍ਹਾਂ ਟੀ.ਐਨ.ਸੀ ਵੱਲੋਂ ਸ਼ੁਰੂ ਕੀਤੀ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਤੇ ਕਿਹਾ ਕਿ ਜਾਗਰੂਕਤਾ ਵੈਨਾਂ ਨੂੰ ਵੱਧ ਤੋਂ ਵੱਧ ਪਿੰਡਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਖੇਤੀ ਦੇ ਆਧੁਨਿਕ ਤਰੀਕਿਆਂ ਬਾਰੇ ਜਾਣਕਾਰੀ ਮਿਲ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਚਾਰ ਮੋਬਾਈਲ ਜਾਗਰੂਕਤਾ ਵੈਨਾਂ ਚਲਾਈਆਂ ਜਾਣਗੀਆਂ। ਇਹ ਵੈਨਾਂ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਆਧੁਨਿਕ ਖੇਤੀ ਨਾਲ ਜੁੜਨ ਅਤੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨਗੀਆਂ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਟਿਕਾਊ, ਲਾਭਕਾਰੀ ਅਤੇ ਪੁਨਰ-ਉਤਪਾਦਕ ਖੇਤੀ ਵੱਲ ਵਧਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਸਭ ਤੋਂ ਮਹੱਤਵਪੂਰਨ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਬਹੁਤ ਸਾਰੇ ਨੁਕਸਾਨ ਹਨ। ਸਾਨੂੰ ਇਸ ਦੇ ਦੂਰਗਾਮੀ ਨਤੀਜਿਆਂ ਨੂੰ ਧਿਆਨ ਵਿਚ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਮਿੱਟੀ ਵਿੱਚ ਮਿਲਾਉਣ ਦੇ ਬਹੁਤ ਸਾਰੇ ਫਾਇਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਵੈਨ (ਪ੍ਰਾਣਾ) ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਬਿਨਾਂ ਸਾੜਨ ਵਾਲੀ ਖੇਤੀ ਨਾਲ ਜੋੜਨਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਂਦੇ ਹੋਏ ਘੱਟ ਪਾਣੀ ਨਾਲ ਫਸਲਾਂ ਦਾ ਝਾੜ ਵਧਾਉਣਾ ਹੈ।
ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਅਮਿਤ ਸ਼ਰਮਾ, ਟੀ.ਐਨ.ਸੀ. ਦੇ ਰਾਜਬੀਰ, ਸਿਨਜੈਂਟਆ ਦੇ ਮਹਾਦੇਵ ਸਿਅੰਬਰ, ਪੀ. ਏ ਗੁਰਨਾਮ ਸਿੰਘ, ਕਿਸਾਨ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।