Breaking- ਸਰਹੱਦ ‘ਤੇ ਕੰਡਿਆਲੀ ਤਾਰ ਦੀ ਦੂਰੀ ਘਟਾਉਣ ਨੂੰ ਲੈ ਕੇ, ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਤੋਂ ਮੰਗ ਕੀਤੀ, ਤਾਂ ਜੋ ਕਿਸਾਨਾਂ ਦੀਆਂ ਮੁਸ਼ਕਿਲਾ ਹੱਲ ਹੋ ਸਕਣ
ਫਰੀਦਾਬਾਦ, 28 ਅਕਤੂਬਰ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੂਬੇ ਵਿੱਚ ਭਾਰਤ-ਪਾਕਿਸਤਾਨ ਦਰਮਿਆਨ ਅੰਤਰਰਾਸ਼ਟਰੀ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਨਾਲ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਹਮਦਰਦੀ ਨਾਲ ਵਿਚਾਰਨ ਦੀ ਅਪੀਲ ਕੀਤੀ। ਅੱਜ ਇੱਥੇ ਗ੍ਰਹਿ ਮੰਤਰੀਆਂ ਦੀ ਕੌਮੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਕੰਡਿਆਲੀ ਤਾਰ ਅਤੇ ਅਸਲ ਸਰਹੱਦ ਵਿਚਕਾਰ ਦੂਰੀ ਨੂੰ ਘਟਾਉਣ ਦੀ ਅਪੀਲ ਕੀਤੀ ਤਾਂ ਜੋ ਤਾਰ ਦੇ ਪਾਰ ਆਪਣੀ ਜ਼ਮੀਨ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਦੂਰੀ ਮੌਜੂਦਾ ਇਕ ਕਿਲੋਮੀਟਰ ਦੀ ਬਜਾਏ 150-200 ਮੀਟਰ ਤੱਕ ਘਟਾ ਦਿੱਤੀ ਜਾਵੇ ਤਾਂ ਜੋ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਇਸ ਦਾ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇੱਕ ਪਾਸੇ ਜ਼ਮੀਨ ਦੀ ਸੁਚੱਜੀ ਵਰਤੋਂ ਯਕੀਨੀ ਬਣੇਗੀ ਅਤੇ ਦੂਜੇ ਪਾਸੇ ਦੇਸ਼ ਦੀ ਸੁਰੱਖਿਆ ਵੀ ਮਜ਼ਬੂਤ ਹੋਵੇਗੀ।
ਇੱਕ ਹੋਰ ਮੁੱਦੇ ਨੂੰ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਪਠਾਨਕੋਟ ਵਿਖੇ ਕੌਮੀ ਸੁਰੱਖਿਆ ਗਾਰਡਜ਼ (ਐਨ.ਐਸ.ਜੀ.) ਦਾ ਖੇਤਰੀ ਕੇਂਦਰ ਸਥਾਪਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੀਨਾਨਗਰ ‘ਤੇ ਹਮਲੇ ਦੌਰਾਨ ਗੁੜਗਾਓਂ ਤੋਂ ਐਨ.ਐਸ.ਜੀ. ਨੂੰ ਰਵਾਨਾ ਕੀਤਾ ਗਿਆ ਸੀ ਜਿਸ ਵਿਚ ਕਾਫੀ ਸਮਾਂ ਲੱਗਾ ਸੀ। ਭਗਵੰਤ ਮਾਨ ਨੇ ਕਿਹਾ ਕਿ ਪਠਾਨਕੋਟ ਵਿਖੇ ਐਨ.ਐਸ.ਜੀ. ਕੇਂਦਰ ਦੀ ਸਥਾਪਨਾ ਨਾਲ ਪੂਰੇ ਉੱਤਰੀ ਖੇਤਰ ਵਿੱਚ ਅੱਤਵਾਦ ਦੀਆਂ ਗਤੀਵਿਧੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਵਿੱਚ ਮਦਦ ਮਿਲੇਗੀ। ਪੰਜਾਬ ਨਾਲ 553 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਲਗਦੀ ਹੋਣ ਕਰਕੇ ਇਸ ਨੂੰ ਸੰਵੇਦਨਸ਼ੀਲ ਸੂਬਾ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਸੂਬੇ ਨੂੰ ਮੌਜੂਦਾ ਕੈਟਾਗਰੀ-ਬੀ ਦੀ ਬਜਾਏ ਕੈਟਾਗਰੀ-ਏ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।
ਅੱਜ ਇੱਥੇ ਗ੍ਰਹਿ ਮੰਤਰੀਆਂ ਦੀ ਕੌਮੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਸਰਹੱਦੀ ਸੂਬਾ ਹੋਣ ਦੇ ਨਾਤੇ ਸੁਰੱਖਿਆ ਕਾਰਨਾਂ ਕਰਕੇ ਏ ਸ਼੍ਰੇਣੀ ਵਿੱਚ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਜੰਮੂ-ਕਸ਼ਮੀਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਉੱਤਰ-ਪੂਰਬੀ ਰਾਜਾਂ ਦੇ ਬਰਾਬਰ ਸਮਝਿਆ ਜਾਣਾ ਚਾਹੀਦਾ ਹੈ ਕਿਉਂਕਿ ਸਰਹੱਦ ਪਾਰ ਤੋਂ ਡਰੋਨਾਂ ਦੀ ਘੁਸਪੈਠ ਨਾਲ ਅੱਤਵਾਦ ਦਾ ਖ਼ਤਰਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕੈਟਾਗਰੀ-ਏ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਕੇਂਦਰ ਅਤੇ ਸੂਬਿਆਂ ਦਰਮਿਆਨ 90:10 ਦੀ ਭਾਈਵਾਲੀ ਦੇ ਅਨੁਪਾਤ ਮੁਤਾਬਕ ਵਿੱਤੀ ਸਹਾਇਤਾ ਮਿਲਣੀ ਚਾਹੀਦੀ ਹੈ ਜਦੋਂ ਕਿ ਕੈਟਾਗਰੀ-ਬੀ ਦੇ ਤਹਿਤ ਸੂਬਿਆਂ ਲਈ 60:40 ਦੀ ਭਾਈਵਾਲੀ ਦੇ ਅਨੁਪਾਤ ‘ਤੇ ਵਿੱਤੀ ਸਹਾਇਤਾ ਦੀ ਵਿਵਸਥਾ ਹੈ।
ਅੱਜ ਬਤੌਰ ਪੰਜਾਬ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੂਬਿਆਂ ਦੇ ਗ੍ਰਹਿ ਮੰਤਰੀਆਂ ਦੇ ਦੂਜੇ ਚਿੰਤਨ ਸ਼ਿਵਿਰ 'ਚ ਭਾਗ ਲਿਆ ਤੇ ਪੰਜਾਬ ਦੇ ਮਸਲਿਆਂ ਨੂੰ ਕੇਂਦਰੀ ਗ੍ਰਹਿ ਮੰਤਰੀ @AmitShah ਅੱਗੇ ਰੱਖਿਆ..
ਸਰਹੱਦ 'ਤੇ ਕੰਡਿਆਲੀ ਤਾਰ ਨੂੰ ਅਸਲ ਬਾਰਡਰ ਨੇੜੇ ਲੈਕੇ ਜਾਣ ਦੀ ਮੰਗ ਰੱਖੀ ਤਾਂ ਜੋ ਕਿਸਾਨਾਂ ਤੇ BSF ਜਵਾਨਾਂ ਨੂੰ ਰਾਹਤ ਮਿਲੇ… pic.twitter.com/4H3vdr9urh
Advertisement— Bhagwant Mann (@BhagwantMann) October 27, 2022