Breaking- ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਲੁਧਿਆਣਾ ਵਿਖੇ 12 ਨਵੰਬਰ ਨੂੰ
ਕੋਟਕਪੂਰਾ, 1 ਨਵੰਬਰ – (ਪੰਜਾਬ ਡਾਇਰੀ) ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ 1680 ਸੈਕਟਰ 22-ਬੀ, ਚੰਡੀਗੜ੍ਹ ਦੀ ਸੂਬਾਈ ਕਾਰਜਕਾਰਨੀ ਕਮੇਟੀ ਦੀ ਇੱਕ ਜ਼ਰੂਰੀ ਮੀਟਿੰਗ 12 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ, ਨੇੜੇ ਬੱਸ ਸਟੈਂਡ ਲੁਧਿਆਣਾ ਵਿਖੇ ਰੱਖੀ ਗਈ ਹੈ । ਇਹ ਜਾਣਕਾਰੀ ਦਿੰਦਿਆਂ ਪ.ਸ.ਸ.ਫ. ਦੇ ਸੂਬਾਈ ਸਰਪ੍ਰਸਤ ਚਰਨ ਸਿੰਘ ਸਰਾਭਾ, ਚੇਅਰਮੈਨ ਰਣਬੀਰ ਸਿੰਘ ਢਿੱਲੋਂ, ਕਾਰਜਕਾਰੀ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਸੂਬਾਈ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਅਤੇ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ਹੈ ਕਿ
ਇਸ ਮੀਟਿੰਗ ਵਿੱਚ ਫੈਡਰੇਸ਼ਨ ਦੇ ਸੂਬਾਈ ਆਗੂ, ਜ਼ਿਲਿਆਂ ਦੇ ਪ੍ਰਧਾਨ, ਜਨਰਲ ਸਕੱਤਰ , ਫੈਡਰੇਸ਼ਨ ਨਾਲ ਸਬੰਧਿਤ ਅਤੇ ਏਟਕ ਨਾਲ ਸਬੰਧਤ ਸਹਿਯੋਗੀ ਮੁਲਾਜ਼ਮ ਜੱਥੇਬੰਦੀਆਂ ਦੇ ਸੂਬਾਈ ਆਗੂ ਵੀ ਸ਼ਾਮਲ ਹੋਣਗੇ ।
ਮੀਟਿੰਗ ਦੌਰਾਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ 17 ਦਸੰਬਰ ਨੂੰ ਕੀਤੀ ਜਾਣ ਵਾਲੀ ਸੂਬਾਈ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ । ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਸਾਰੇ ਵਿਭਾਗਾਂ ,ਬੋਰਡਾਂ ਤੇ ਨਿਗਮਾਂ ਦੇ ਸਮੂਹ ਕੱਚੇ , ਠੇਕਾ ਅਤੇ ਆਊਟਸੋਰਸ ਅਧੀਨ ਕੰਮ ਕਰਦੇ ਮੁਲਾਜ਼ਮਾਂ ਅਤੇ ਸਾਰੇ ਸਕੀਮ ਵਰਕਰਾਂ ਨੂੰ ਬਿਨਾਂ ਸ਼ਰਤ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ , ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ, 1 ਜਨਵਰੀ 2016 ਤੋਂ ਪਹਿਲਾਂ ਦੇ ਪੈਨਸ਼ਨਰਾਂ ਅਤੇ ਬਾਅਦ ਵਿੱਚ ਰਿਟਾਇਰ ਹੋਏ ਮੁਲਾਜ਼ਮਾਂ ਲਈ ਪੈਨਸ਼ਨ ਸੋਧ ਗੁਣਾਂਕ 3.8 ਕੀਤਾ ਜਾਵੇ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 1 ਜਨਵਰੀ 2016 ਤੋਂ 30 ਜੂਨ 2021 ਤੱਕ ਦਾ ਬਣਦਾ ਸਾਰਾ ਬਕਾਇਆ ਦਿੱਤਾ ਜਾਵੇ , ਮੁਲਾਜ਼ਮਾਂ ਦੇ ਪੇਂਡੂ ਇਲਾਕਾ ਭ੍ੱਤੇ ਸਮੇਤ ਰੈਸ਼ਨਲਾਈਜੇਸ਼ਨ ਦੇ ਨਾਂ ਤੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਰੋਕੇ ਗਏ 37 ਭੱਤੇ ਤਰੁੰਤ ਬਹਾਲ ਕੀਤੇ ਜਾਣ , ਕੇਂਦਰੀ ਪੈਟਰਨ ਅਨੁਸਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 38 ਫ਼ੀਸਦੀ ਮਹਿੰਗਾਈ ਭੱਤੇ ਦੀਆਂ ਸਾਰੀਆਂ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ ।