Breaking News – ਆਂਗਣਵਾੜੀ ਸੈਂਟਰਾਂ ਦੇ ਸੁਧਾਰ ਲਈ ਕੀਤੇ ਜਾਣਗੇ ਵਿਸ਼ੇਸ਼ ਯਤਨ – ਚੇਅਰਮੈਨ ਢਿੱਲਵਾਂ
ਚੇਅਰਮੈਨ ਢਿੱਲਵਾਂ ਨੇ ਆਂਗਣਵਾੜੀ ਤੇ ਸਮਾਜਿਕ ਸੁਰੱਖਿਆ ਵਿਭਾਗ ਨਾਲ ਕੀਤੀ ਬੈਠਕ
ਫਰੀਦਕੋਟ, 22 ਫਰਵਰੀ – (ਪੰਜਾਬ ਡਾਇਰੀ) ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਅਤੇ ਆਂਗਣਵਾੜੀ ਵਰਕਰਾਂ ਨਾਲ ਵਿਸ਼ੇਸ਼ ਤੌਰ ਤੇ ਬੈਠਕ ਕੀਤੀ। ਇਸ ਮੌਕੇ ਸੀ.ਡੀ.ਪੀ.ਓ ਸ੍ਰੀ ਕਰਨ ਬਰਾੜ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਇਸ ਦੌਰਾਨ ਜਿਲ੍ਹਾ ਯੋਜਨਾ ਬੋਰਡ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਨੇ ਜਿਲ੍ਹੇ ਅੰਦਰ ਚਲਾਏ ਜਾ ਰਹੇ ਆਂਗਣਵਾੜੀ ਸੈਂਟਰਾਂ ਅਤੇ ਬੱਚਿਆਂ ਨੂੰ ਮੁੱਹਈਆਂ ਕਰਵਾਈਆਂ ਜਾਂਦੀਆਂ ਸਹੂਲਤਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਆਂਗਣਵਾੜੀ ਵਰਕਰਾਂ ਤੋਂ ਬੱਚਿਆਂ ਨੂੰ ਦਿੱਤੀ ਜਾਂਦੇ ਭੋਜਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਲੈਂਦੇ ਹੋਏ ਮੈਨੀਊ ਅਨੁਸਾਰ ਪੋਸ਼ਟਿਕ ਆਹਾਰ ਉਪਲਬਧ ਕਰਵਾਉਣ ਸਬੰਧੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਦੇ ਵਿੱਚ ਸਮੇਂ ਸਮੇਂ ਤੇ ਬੱਚਿਆਂ ਦੀ ਸਿਹਤ ਦੀ ਜਾਂਚ ਵੀ ਕੀਤੀ ਜਾਣੀ ਚਾਹੀਦੀ ਹੈ।
ਇਸ ਦੇ ਲਈ ਸਮੇਂ ਸਮੇਂ ਤੇ ਛੋਟੇ ਬੱਚਿਆ ਲਈ ਕੈਂਪ ਵੀ ਲਗਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਵੱਲੋਂ ਪੈਨਸ਼ਨ ਸਬੰਧੀ ਪਿੰਡਾਂ ਵਿੱਚ ਜੋ ਫਾਰਮ ਭਰੇ ਜਾਂਦੇ ਹਨ, ਇਸ ਸਬੰਧੀ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਖੁਦ ਪੈਨਸ਼ਨਾਂ ਦੇ ਲਾਭਪਾਤਰੀਆਂ ਦੇ ਫਾਰਮ ਭਰਵਾਉਣ । ਜਿਆਦਾਤਰ ਇਹ ਵੇਖਣ ਵਿੱਚ ਆਉਂਦਾ ਹੈ ਕਿ ਕਈ ਵਾਰ ਬਜ਼ੁਰਗਾਂ ਨੂੰ ਫਾਰਮ ਨਾ ਭਰਨ ਅਤੇ ਕਾਗਜ਼ੀ ਕਾਰਵਾਈ ਸਬੰਧੀ ਜਾਣਕਾਰੀ ਨਾ ਹੋਣ ਕਰਕੇ ਇਸ ਲਾਭ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਲਈ ਆਂਗਣਵਾਰੀ ਵਰਕਰ ਖੁਦ ਰੁਚੀ ਲੈ ਕੇ ਪਹਿਲ ਦੇ ਆਧਾਰ ਤੇ ਇਸ ਕੰਮ ਨੂੰ ਕਰਨ। ਇਸ ਦੌਰਾਨ ਉਨ੍ਹਾਂ ਨੇ ਆਂਗਣਵਾੜੀ ਸੈਂਟਰਾਂ ਦੀ ਹਾਲਤ ਦੇ ਸੁਧਾਰ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ਅਤੇ ਨਿਰਦੇਸ਼ ਜਾਰੀ ਕੀਤੇ।