ਦੋ ਮੋਟਰਸਾਈਕਲ ਸਵਾਰ ਔਰਤ ਦੇ ਗਲੇ ‘ਚੋਂ ਸੋਨੇ ਦੀ ਚੇਨ ਝਪਟ ਕੇ ਹੋਏ ਫਰਾਰ
ਸ਼ੇਰਪੁਰ, 28 ਅਪ੍ਰੈਲ (ਪੰਜਾਬ ਡਾਇਰੀ) -ਇਲਾਕੇ ਵਿੱਚ ਦਿਨ-ਬ-ਦਿਨ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਬੀਤੇ ਦਿਨ ਫਤਿਹਗੜ੍ਹ ਪੰਜਗਰਾਈਆਂ ਵਿਖੇ ਚੋਰ ਸੋਨੇ-ਚਾਂਦੀ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਫਰਾਰ ਹੋ ਗਏ ਸਨ ਅਤੇ ਫਿਰ ਕੱਲ੍ਹ ਦਿਨ ਦਿਹਾੜੇ ਲੁਟੇਰੇ ਇਕ ਔਰਤ ਦੇ ਗਲੇ ‘ਚੋਂ ਸੋਨੇ ਦੀ ਚੇਨ ਝਪਟ ਕੇ ਫਰਾਰ ਹੋ ਗਏ।
ਇਸ ਸਬੰਧੀ ਪੀੜਤ ਸੰਜੇ ਗੋਇਲ ਪੁੱਤਰ ਬਾਲਕ੍ਰਿਸ਼ਨ ਨੇ ਦੱਸਿਆ ਕਿ ਉਸ ਦੀ ਪਤਨੀ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਏਕਤਾ ਮਾਰਕੀਟ ਜਾ ਰਹੀ ਸੀ। ਉਸ ਦੇ ਨਾਲ ਹੋਰ ਔਰਤਾਂ ਵੀ ਸਨ। ਪਿੱਛੇ ਤੋਂ ਆਏ ਦੋ ਮੋਟਰਸਾਈਕਲ ਸਵਾਰ ਉਸ ਦੀ ਪਤਨੀ ਦੇ ਗਲੇ ਵਿਚ ਪਾਈ ਕਰੀਬ 2 ਤੋਲੇ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ ਅਤੇ ਇਹ ਸਾਰੀ ਘਟਨਾ ਦੁਕਾਨ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰੇ ‘ਚ ਕੈਦ ਹੋ ਗਈ। ਸੰਜੇ ਗੋਇਲ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸ਼ੇਰਪੁਰ ਵਿਖੇ ਰਿਪੋਰਟ ਦਰਜ ਕਰਵਾਈ ਗਈ ਹੈ। ਥਾਣਾ ਸ਼ੇਰਪੁਰ ਦੀ ਪੁਲਿਸ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।