ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਇਸ ਜ਼ਿਲ੍ਹੇ ‘ਚ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ
ਸੰਗਰੂਰ/ਚੰਡੀਗੜ੍ਹ, 26 ਜੁਲਾਈ (ਬਾਬੂਸ਼ਾਹੀ)- ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ 31 ਜੁਲਾਈ, 2023 ਨੂੰ ਸੁਨਾਮ ਸ਼ਹੀਦ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਵਿਖੇ ਰਾਜ ਪੱਧਰ ਤੇ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਲਈ ਸੰਗਰੂਰ ਜ਼ਿਲ੍ਹੇ ਦੇ ਡਿਪਟੀ ਕਸਿਮ਼ਨਰ ਸ੍ਰੀ ਜਤਿੰਦਰ ਜੋਰਵਾਲ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ।
ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜਾਂ ਅਤੇ ਬੈਂਕਾਂ ਆਦਿ ਵਿੱਚ ਮਿਤੀ 31 ਜੁਲਾਈ, 2023 ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਹੁਕਮ ਵਿੱਦਿਅਕ ਅਦਾਰਿਆਂ, ਬੋਰਡਾਂ, ਯੂਨੀਵਰਸਿਟੀ, ਸਕੂਲਾਂ, ਕਾਲਜਾਂ ਆਦਿ ਜਿੰਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉੱਤੇ ਲਾਗੂ ਨਹੀਂ ਹੋਣਗੇ।