ਬੀੜ ਸਿੱਖਾਂਵਾਲਾ ਦੇ ਵਸਨੀਕਾਂ ਦੀ ਬੇਨਤੀ ’ਤੇ ਗਲੀਆਂ ’ਚ ਇੰਟਰਲਾਕ ਟਾਈਲਾਂ ਲਾਉਣ ਦੇ ਕਾਰਜ ਸ਼ੁਰੂ : ਸੰਧਵਾਂ
ਫਰੀਦਕੋਟ, 2 ਅਗਸਤ (ਪੰਜਾਬ ਡਾਇਰੀ)- ਨੇੜਲੇ ਪਿੰਡ ਬੀੜ ਸਿੱਖਾਂਵਾਲਾ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਬਾਅਦ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਜਗਸੀਰ ਸਿੰਘ ਗਿੱਲ ਪ੍ਰਧਾਨ ਟਰੱਕ ਯੂਨੀਅਨ ਕੋਟਕਪੂਰਾ ਨੇ ਉੱਥੋਂ ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਾਉਣ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ। ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੌਕੇ ਪਿੰਡ ਦੇ ਮੋਹਤਬਰ ਸੱਜਣਾ ਵਿੱਚ ਸ਼ਾਮਲ ਅਨੇਕਾਂ ਮਰਦ-ਔਰਤਾਂ ਨੇ ਪਿੰਡ ਵਾਸੀਆਂ ਨੂੰ ਆਉਂਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਆਪਣੇ ਸੰਬੋਧਨ ਦੌਰਾਨ ਐਡਵੋਕੇਟ ਸੰਧਵਾਂ ਜਗਸੀਰ ਸਿੰਘ ਗਿੱਲ ਨੇ ਦੱਸਿਆ ਕਿ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੀਆਂ ਹਦਾਇਤਾਂ ਮੁਤਾਬਿਕ ਹਲਕੇ ਦੇ ਸਾਰੇ ਪਿੰਡਾਂ ਅਤੇ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਲੋਕਾਂ ਨਾਲ ਸੰਪਰਕ ਬਣਾਉਣ ਦੀ ਕੌਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹਨਾ ਨੂੰ ਆਉਂਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦਾ ਹੱਲ ਯਕੀਨੀ ਬਣਾਇਆ ਜਾ ਸਕੇ। ਉਹਨਾਂ ਦੱਸਿਆ ਕਿ ਰਵਾਇਤੀ ਪਾਰਟੀਆਂ ਦਾ ਪੁਰਾਣਾ ਇਤਿਹਾਸ ਪੜਨ ਤੋਂ ਬਾਅਦ ਇੰਝ ਮਹਿਸੂਸ ਹੁੰਦਾ ਹੈ ਕਿ ਜਿਵੇਂ ਰਵਾਇਤੀ ਪਾਰਟੀਆਂ ਸੱਤਾ ਸੰਭਾਲਣ ਤੋਂ ਬਾਅਦ ਲਗਾਤਾਰ 4 ਸਾਲ ਆਪਣੇ ਵੋਟਰਾਂ ਨੂੰ ਵਿਸਾਰ ਦਿੰਦੀਆਂ ਸਨ, ਕਿਸੇ ਨਾਲ ਗੱਲਬਾਤ ਕਰਨੀ ਤਾਂ ਦੂਰ, ਉਹ ਵਿਕਾਸ ਜਾਂ ਸਮੱਸਿਆਵਾਂ ਦੇ ਹੱਲ ਬਾਰੇ ਬਿਆਨ ਤੱਕ ਦੇਣ ਤੋਂ ਵੀ ਗੁਰੇਜ ਕਰਦੇ ਸਨ ਅਤੇ ਅਖੀਰਲੇ ਸਾਲ ਨੂੰ ਵਿਕਾਸ ਦਾ ਸਾਲ ਕਹਿ ਕੇ ਫਿਰ ਵੋਟਾਂ ਬਟੋਰ ਲੈਂਦੇ ਸਨ। ਉਹਨਾਂ ਦਾਅਵਾ ਕੀਤਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੀ ਉੱਚੀ ਸੁੱਚੀ ਸੋਚ ਕਾਰਨ ਹੀ ਜਿੱਥੇ ਸੱਤਾ ਸੰਭਾਲਦਿਆਂ ਹੀ ਸਰਕਾਰ ਨੇ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਹਨ ਅਤੇ ਆਮ ਲੋਕਾਂ ਨਾਲ ਨੇੜਤਾ ਬਣਾਉਣ ਲਈ ਤਰਾਂ ਤਰਾਂ ਦੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਉੱਥੇ ਆਮ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।