ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਜ਼ਿਲ੍ਹਾ-ਪੱਧਰੀ ਪ੍ਰਸ਼ਨੋਤਰੀ ਮੁਕਾਬਲਿਆਂ ਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਅਵੱਲ
* ਰਾਜ-ਪੱਧਰੀ ਮੁਕਾਬਲਿਆਂ ਲਈ ਹੋਈ ਚੋਣ
ਫ਼ਰੀਦਕੋਟ, 26 ਅਗਸਤ (ਪੰਜਾਬ ਡਾਇਰੀ)- ਬਾਬਾ ਫ਼ਰੀਦ ਜੀ ਦੀ ਅਪਾਰ ਬਖਸ਼ਿਸ਼ ਅਤੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਦੁਆਰਾ ਕਰਵਾਈ ਗਈ ਜਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲਿਆਂ ਵਿੱਚ ਆਪਣੇ ਵਰਗ ਵਿੱਚ ਪਹਿਲੇ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਪੂਰੇ ਇਲਾਕੇ ਵਿਚ ਰੌਸ਼ਨ ਕੀਤਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਦੱਸਿਆ ਕਿ ਪਿਛਲੇ ਦਿਨੀਂ ਭਾਸ਼ਾ ਵਿਭਾਗ ਫ਼ਰੀਦਕੋਟ ਦੁਆਰਾ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਜ਼ਿਲ੍ਹਾ-ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ । ਇੰਨ੍ਹਾਂ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੀ ਵਧ-ਚੜ੍ਹ ਅਤੇ ਉਤਸ਼ਾਹ ਨਾਲ ਹਿੱਸਾ ਲਿਆ।
ਆਪਣੀ ਸੋਚ ਅਤੇ ਗਹਿਰੀ ਸੂਝ ਬੂਝ ਦਾ ਪ੍ਰਗਟਾਵਾ ਕਰਦਿਆਂ ਜੂਨੀਅਰ ਵਰਗ ਵਿੱਚ ਸੁਖਮਨ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਸ ਨੂੰ ਇਸ ਪ੍ਰਾਪਤੀ ਲਈ ਵਿਭਾਗ ਵੱਲੋਂ 1000 ਦੀ ਨਕਦ ਰਾਸ਼ੀ ਅਤੇ ਸਰਟੀਫ਼ਿਕੇਟ ਨਾਲ ਸਨਮਾਨਿਤ ਕੀਤਾ ਗਿਆ ।
ਇਸੇ ਹੀ ਵਰਗ ਵਿੱਚੋਂ ਹਰਲੀਨ ਕੌਰ, ਜਮਾਤ ਅੱਠਵੀਂ ਨੇ ਦੂਜਾ ਸਥਾਨ ਹਾਸਲ ਕਰਕੇ 750 ਦੀ ਨਕਦ ਰਾਸ਼ੀ ਅਤੇ ਸਰਟੀਫ਼ਿਕੇਟ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਬਾਰੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਆਪਣੇ ਸੰਬੋਧਨ ਵਿਚ ਬੋਲਦਿਆਂ ਕਿਹਾ ਕਿ ਬਾਬਾ ਫਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਭਾਸ਼ਾ ਵਿਭਾਗ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ, ਅਦਾਰਿਆਂ, ਬੋਰਡਾਂ ਆਦਿ ਦੁਆਰਾ ਕਰਵਾਏ ਜਾਂਦੇ ਰਾਜ-ਪੱਧਰੀ ਅਤੇ ਰਾਸ਼ਟਰ-ਪੱਧਰੀ ਪ੍ਰੋਗਰਾਮਾਂ ਵਿੱਚ ਸਮੂਲੀਅਤ ਕਰਦੇ ਹਨ ਅਤੇ ਪਹਿਲੀਆਂ ਪੁਜੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਮ ਸਮੁੱਚੇ ਇਲਾਕੇ ਵਿੱਚ ਰੌਸ਼ਨ ਕਰਦੇ ਆ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਇਸ ਤਰ੍ਹਾਂ ਵਿਦਿਆਰਥੀਆਂ ਵਿੱਚ ਜਿੱਥੇ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ, ਉੱਥੇ ਨਾਲ ਹੀ ਨੈਤਿਕ ਕਦਰਾਂ-ਕੀਮਤਾਂ, ਇਤਿਹਾਸ, ਵਿਰਸੇ ਅਤੇ ਸੱਭਿਆਚਾਰ ਨਾਲ ਵੀ ਜੁੜਨ ਦੀ ਪ੍ਰੇਰਨਾ ਵੀ ਮਿਲਦੀ ਹੈ । ਫਿਰ ਉਹਨਾਂ ਨੇ ਇਹਨਾਂ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ।
ਸੰਸਥਾ ਦੇ ਚੇਅਰਮੈਨ ਸ.ਇੰਦਰਜੀਤ ਸਿੰਘ ਖ਼ਾਲਸਾ ਨੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ, ਅਧਿਆਪਕਾਂ ਅਤੇ ਇੰਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਆਪਣਾ ਅਸ਼ੀਰਵਾਦ ਦਿੰਦਿਆ ਮੁਬਾਰਕਬਾਦ ਦਿੱਤੀ ਅਤੇ ਉਹਨਾਂ ਦੇ ਉਜਵਲ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ ।