ਬਾਬਾ ਫ਼ਰੀਦ ਆਗਮਨ-ਪੁਰਬ ਮੌਕੇ ਸਕੂਲੀ ਬੱਚਿਆਂ ਦੇ ਭਾਸ਼ਣ-ਮੁਕਾਬਲੇ ਕਰਵਾਏ – ਇੰਦਰਜੀਤ ਸਿੰਘ ਖਾਲਸਾ
ਫ਼ਰੀਦਕੋਟ, 16 ਸਤੰਬਰ (ਪੰਜਾਬ ਡਾਇਰੀ)- ਬਾਬਾ ਫਰੀਦ ਜੀ ਦੀ ਰਹਿਨੁਮਾਈ ਅਤੇ ਚੇਅਰਮੈਂਨ ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਪ੍ਰਧਾਨਗੀ ਹੇਠ ਬਾਬਾ ਫਰੀਦ ਜੀ ਦੀ ਚਰਨ-ਛੋਹ ਪ੍ਰਾਪਤ ਨਗਰੀ ਫ਼ਰੀਦਕੋਟ ਵਿਖੇ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਭਾਸ਼ਣ-ਮੁਕਾਬਲੇ ਕਰਵਾਏ ਗਏ। ਬਾਬਾ ਫਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੌਰਾਨ ਇਲਾਕੇ ਦੇ ਬਹੁਤ ਸਾਰੇ ਸਕੂਲਾਂ ਨੇ ਭਾਗ ਲਿਆ।
ਬਾਬਾ ਫਰੀਦ ਧਾਰਮਿਕ ਸੰਸਥਾਵਾਂ ਦੇ ਪ੍ਰਧਾਨ ਡਾ ਗੁਰਇੰਦਰ ਮੋਹਨ ਸਿੰਘ ਨੇ ਇੰਨ੍ਹਾਂ ਮੁਕਾਬਲਿਆਂ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜੇ ਇਹ ਮੁਕਾਬਲੇ ਬਾਬਾ ਫ਼ਰੀਦ ਜੀ ਦੇ ਸ਼ਲੋਕਾਂ ‘ਤੇ ਅਧਾਰਿਤ ਸਨ । ਵਿਦਿਆਰਥੀਆਂ ਨੇ ਆਪਣੀ ਸੂਖਮ ਦ੍ਰਿਸ਼ਟੀ ਅਤੇ ਉਚੇਰੀ ਸੂਝ-ਬੂਝ ਦਾ ਪ੍ਰਗਟਾਵਾ ਕਰਦਿਆਂ ਆਪਣੇ ਭਾਸ਼ਣਾਂ ਰਾਹੀਂ ਬਾਬਾ ਫ਼ਰੀਦ ਜੀ ਦੇ ਸ਼ਲੋਕਾਂ ਦਾ ਵਿਸਥਾਰ ਵਿੱਚ ਅਤੇ ਬਹੁਤ ਹੀ ਪ੍ਰਭਾਵਸ਼ਾਲੀ ਤਰੀਕੇ ਰਾਹੀਂ ਪੇਸ਼ ਕੀਤਾ ।
ਇਨ੍ਹਾਂ ਮੁਕਾਬਲਿਆਂ ਦਾ ਨਤੀਜਾ ਮਿਤੀ 16 ਸਤੰਬਰ, ਦਿਨ ਸ਼ਨੀਵਾਰ ਨੂੰ ਐਲਾਨਿਆ ਜਾਵੇਗਾ ਅਤੇ 23 ਸਤੰਬਰ ਨੂੰ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਜਾਣਗੇ। ਸ. ਕੁਲਦੀਪ ਸਿੰਘ, ਸ. ਭੱਖਰ ਸਿੰਘ ਵੱਲੋਂ ਜੱਜ ਦੀ ਭੂਮਿਕਾ ਸੁਚੱਜੇ ਢੰਗ ਨਾਲ ਅਤੇ ਨਿਰਪੱਖ ਹੋ ਕੇ ਨਿਭਾਈ । ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਨੇ ਆਏ ਹੋਏ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਵਿੱਦਿਅਕ ਅਦਾਰੇ ਦੇ ਮੁਖੀਆਂ ਦਾ ਧੰਨਵਾਦ ਕਰਦਿਆਂ ਆਪਣਾ ਅਸ਼ੀਰਵਾਦ ਦਿੱਤਾ । ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਅਤੇ ਹੋਰ ਕਮੇਟੀ ਮੈਂਬਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।