ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਨਿਕਲੇ ਲੋਕ ਸੜਕ ਹਾਦਸੇ ਦਾ ਸ਼ਿਕਾਰ, 7 ਲੋਕਾਂ ਦੀ ਮੌਤ
ਚੰਡੀਗੜ੍ਹ, 24 ਮਈ (ਬਾਬੂਸ਼ਾਹੀ)- ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮਾਂ ਵੈਸ਼ਨੋ ਦੇਵੀ ਦੇ 7 ਸ਼ਰਧਾਲੂਆਂ ਦੀ ਮੌਤ ਹੋ ਗਈ। 15 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਮ੍ਰਿਤਕਾਂ ‘ਚ 6 ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਅੰਬਾਲਾ-ਦਿੱਲੀ-ਜੰਮੂ ਨੈਸ਼ਨਲ ਹਾਈਵੇ ‘ਤੇ ਮਿੰਨੀ ਬੱਸ ਅਤੇ ਟਰੱਕ ਦੀ ਟੱਕਰ ਕਾਰਨ ਇਹ ਹਾਦਸਾ ਵਾਪਰਿਆ। ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਅੰਬਾਲਾ ਪੁਲੀਸ ਨੇ ਨੁਕਸਾਨੀ ਮਿੰਨੀ ਬੱਸ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਹਾਈਵੇਅ ’ਤੇ ਪਿੰਡ ਮੁਹਾਡਾ ਨੇੜੇ ਵਾਪਰਿਆ। ਮਿੰਨੀ ਬੱਸ ‘ਚ ਕਰੀਬ 25 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 7 ਲੋਕਾਂ ਦੀ ਜਾਨ ਚਲੀ ਗਈ। ਮਾਂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਨਿਕਲੇ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦੇ ਲੋਕ ਹਾਦਸੇ ਦਾ ਸ਼ਿਕਾਰ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮਿੰਨੀ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।