CM ਮਾਨ ਨੇ ਗ੍ਰਹਿ ਮੰਤਰੀ ਸ਼ਾਹ ਕੋਲ ‘Seed Act’ ਸਮੇਤ ਚੁੱਕੇ ਪੰਜਾਬ ਦੇ ਅਹਿਮ ਮਸਲੇ
ਕੇਂਦਰ ਸਰਕਾਰ ਜਲਦ ਹੀ ਸਰਹੱਦੀ ਖੇਤਰ ‘ਤੇ ਤਾਰੋਂ ਪਾਰ ਖੇਤੀ ਦੀ ਜ਼ਮੀਨ ਦਾ ਦਾਇਰਾ ਘਟਾ ਸਕਦੀ ਹੈ, ਜਿਸ ਪਿੱਛੋਂ ਕਿਸਾਨ ਬੀਐਸਐਫ਼ ਦੀ ਨਿਗਰਾਨੀ ਤੋਂ ਬਿਨਾਂ ਵੀ ਖੇਤੀ ਕਰ ਸਕਣਗੇ। ਇਹ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸ਼ਨੀਵਾਰ ਮੀਟਿੰਗ ਕਰਨ ਉਪਰੰਤ ਦਿੱਤੀ।

ਦਿੱਲੀ – ਪੰਜਾਬ ਦੇ ਸਰਹੱਦੀ ਕਿਸਾਨਾਂ ਲਈ ਵੱਡੀ ਖ਼ਬਰ ਹੈ। ਕੇਂਦਰ ਸਰਕਾਰ ਜਲਦ ਹੀ ਸਰਹੱਦੀ ਖੇਤਰ ‘ਤੇ ਤਾਰੋਂ ਪਾਰ ਖੇਤੀ ਦੀ ਜ਼ਮੀਨ ਦਾ ਦਾਇਰਾ ਘਟਾ ਸਕਦੀ ਹੈ, ਜਿਸ ਪਿੱਛੋਂ ਕਿਸਾਨ ਬੀਐਸਐਫ਼ ਦੀ ਨਿਗਰਾਨੀ ਤੋਂ ਬਿਨਾਂ ਵੀ ਖੇਤੀ ਕਰ ਸਕਣਗੇ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸ਼ਨੀਵਾਰ ਮੀਟਿੰਗ ਕਰਨ ਉਪਰੰਤ ਦਿੱਤੀ।
ਬੀਜ ਐਕਟ ਸਮੇਤ ਇਨ੍ਹਾਂ ਮੁੱਦਿਆਂ ‘ਤੇ ਜਤਾਇਆ ਇਤਰਾਜ਼
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖੇਤੀਬਾੜੀ, ਸੰਘੀ ਅਧਿਕਾਰਾਂ ਅਤੇ ਕਿਸਾਨਾਂ ਦੀ ਭਲਾਈ ਨਾਲ ਜੁੜੇ ਮਾਮਲਿਆਂ ‘ਤੇ ਪੰਜਾਬ ਦਾ ਸਟੈਂਡ ਮਜ਼ਬੂਤੀ ਨਾਲ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਸਤਾਵਿਤ ਬੀਜ ਐਕਟ (Seed Act) ਦਾ ਪੰਜਾਬ ਦਾ ਵਿਰੋਧ ਸਪੱਸ਼ਟ ਤੌਰ ‘ਤੇ ਦਰਜ ਕਰਵਾਇਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਐਕਟ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪੰਜਾਬ ਦੀ ਰਾਏ ਲਏ ਬਿਨਾਂ ਇਸਨੂੰ ਸੰਸਦ ਵਿੱਚ ਪਾਸ ਨਹੀਂ ਕੀਤਾ ਜਾਣਾ ਚਾਹੀਦਾ।
ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਸਥਿਤ ਭਾਰਤੀ ਖੁਰਾਕ ਨਿਗਮ ਵਿੱਚ ਰਾਜ ਤੋਂ ਬਾਹਰੋਂ ਜਨਰਲ ਮੈਨੇਜਰ ਦੀ ਨਿਯੁਕਤੀ ‘ਤੇ ਵੀ ਸਖ਼ਤ ਇਤਰਾਜ਼ ਪ੍ਰਗਟ ਕੀਤਾ।ਉਨ੍ਹਾਂ ਮੰਗ ਕੀਤੀ ਕਿ ਪੰਜਾਬ ਲਈ FCI ਮੁਖੀ ਪੰਜਾਬ ਕੇਡਰ ਤੋਂ ਹੋਣਾ ਚਾਹੀਦਾ ਹੈ ਤਾਂ ਜੋ ਸਥਾਨਕ ਖੇਤੀਬਾੜੀ ਅਭਿਆਸਾਂ, ਭਾਸ਼ਾ ਅਤੇ ਜ਼ਮੀਨੀ ਹਕੀਕਤਾਂ ਨੂੰ ਸਹੀ ਢੰਗ ਨਾਲ ਸਮਝਿਆ ਜਾ ਸਕੇ।
”ਸੂਬਿਆਂ ਦੇ ਅਧਿਕਾਰਾਂ ‘ਚ ਦਖਲ ਤੋਂ ਗੁਰੇਜ਼ ਕਰੇ ਕੇਂਦਰ”
ਉਨ੍ਹਾਂ ਅੱਗੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਨੂੰ ਸੂਬਿਆਂ ਦੇ ਅਧਿਕਾਰਾਂ ਵਿੱਚ ਦਖਲ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਖੇਤੀਬਾੜੀ ਨਾਲ ਸਬੰਧਤ ਫੈਸਲਿਆਂ ‘ਤੇ ਪੰਜਾਬ ਨਾਲ ਸਲਾਹ-ਮਸ਼ਵਰਾ ਕਰਨਾ ਲਾਜ਼ਮੀ ਹੈ। ਪਾਣੀ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਕੋਲ ਵੰਡਣ ਲਈ ਕੋਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਗੱਲਬਾਤ ਜਾਂ ਕਿਸੇ ਢੁਕਵੇਂ ਢੰਗ ਨਾਲ ਹਮੇਸ਼ਾ ਲਈ ਹੱਲ ਕੀਤਾ ਜਾਣਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਪੰਜਾਬ ਦਾ ਪੱਖ ਬਿਲਕੁਲ ਸਪੱਸ਼ਟ ਹੈ।
8500 ਕਰੋੜ ਰੁਪਏ ਦਾ ਪੇਂਡੂ ਵਿਕਾਸ ਫੰਡ ਜਾਰੀ ਕਰਨ ਦੀ ਮੰਗ
ਮੁੱਖ ਮੰਤਰੀ ਨੇ ਪੰਜਾਬ ਦੇ ਲੰਬਿਤ ਪੇਂਡੂ ਵਿਕਾਸ ਫੰਡ ਵਿੱਚੋਂ ਲਗਭਗ 8,500 ਕਰੋੜ ਰੁਪਏ ਜਾਰੀ ਕਰਨ ਦੀ ਮੰਗ ਵੀ ਕੀਤੀ, ਇਹ ਕਹਿੰਦੇ ਹੋਏ ਕਿ ਇਹ ਰਕਮ ਮੰਡੀਆਂ ਵਿੱਚ ਸੜਕਾਂ ਬਣਾਉਣ ਲਈ ਬਹੁਤ ਜ਼ਰੂਰੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਬੰਧਤ ਅਧਿਕਾਰੀਆਂ ਨਾਲ ਜਲਦੀ ਹੀ ਮੀਟਿੰਗ ਕੀਤੀ ਜਾਵੇਗੀ ਅਤੇ ਪਹਿਲੀ ਕਿਸ਼ਤ ਜਾਰੀ ਕਰਨ ‘ਤੇ ਵਿਚਾਰ ਕੀਤਾ ਜਾਵੇਗਾ।
(ਪੀਟੀਸੀ ਨਿਊਜ਼)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


