“ਸਿਰਫ਼ ਬਿਆਨਬਾਜ਼ੀ ਨਾਲ ਸਮੱਸਿਆਵਾਂ ਹੱਲ ਨਹੀਂ ਹੁੰਦੀਆਂ…”; ਧਰਮ ਪਰਿਵਰਤਨ ਬਾਰੇ ਅਮਿਤ ਸ਼ਾਹ ਦੇ ਬਿਆਨ ‘ਤੇ ਸ਼੍ਰੋਮਣੀ ਕਮੇਟੀ ਨੇ ਦਿੱਤੀ ਪ੍ਰਤੀਕਿਰਿਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿਰਫ਼ ਬਿਆਨਬਾਜ਼ੀ ਨਾਲ ਸਮੱਸਿਆਵਾਂ ਦਾ ਹੱਲ ਨਹੀਂ ਨਿਕਲਦਾ, ਸਗੋਂ ਸਰਕਾਰ ਨੂੰ ਇਸ ਸੰਵੇਦਨਸ਼ੀਲ ਮੁੱਦੇ ਉਤੇ ਢੁੱਕਵੇਂ ਅਤੇ ਢੰਗ ਨਾਲ ਕਦਮ ਚੁੱਕਣੇ ਚਾਹੀਦੇ ਹਨ।

ਸ੍ਰੀ ਅਨੰਦਪੁਰ ਸਾਹਿਬ- ਗ੍ਰਹਿ ਮੰਤਰੀ ਵੱਲੋਂ ਧਰਮ ਪਰਿਵਰਤਨ ਦੇ ਮਾਮਲੇ ਉਤੇ ਦਿੱਤੇ ਗਏ ਬਿਆਨ ਉਪਰ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿਰਫ਼ ਬਿਆਨਬਾਜ਼ੀ ਨਾਲ ਸਮੱਸਿਆਵਾਂ ਦਾ ਹੱਲ ਨਹੀਂ ਨਿਕਲਦਾ, ਸਗੋਂ ਸਰਕਾਰ ਨੂੰ ਇਸ ਸੰਵੇਦਨਸ਼ੀਲ ਮੁੱਦੇ ਉਤੇ ਢੁੱਕਵੇਂ ਅਤੇ ਢੰਗ ਨਾਲ ਕਦਮ ਚੁੱਕਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਅਕਸਰ ਜਿਸਨੂੰ ਧਰਮ ਪਰਿਵਰਤਨ ਕਿਹਾ ਜਾਂਦਾ ਹੈ, ਅਸਲ ਵਿੱਚ ਉਹ “ਧਰਮ ਪਰਿਵਰਤਨ” ਨਹੀਂ ਸਗੋਂ “ਲਾਲਚ ਪਰਿਵਰਤਨ” ਹੁੰਦਾ ਹੈ। ਧਾਮੀ ਨੇ ਦਲੀਲ ਦਿੱਤੀ ਕਿ ਆਰਥਿਕ ਲਾਭ ਜਾਂ ਹੋਰ ਲਾਲਚ ਦੇ ਜ਼ਰੀਏ ਲੋਕਾਂ ਨੂੰ ਪ੍ਰਭਾਵਿਤ ਕਰਦੇ ਹਨ, ਜੋ ਕਿ ਚਿੰਤਾਜਨਕ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮਾਮਲਾ ਸਿਰਫ਼ ਧਾਰਮਿਕ ਨਹੀਂ, ਸਗੋਂ ਸਮਾਜਿਕ ਅਤੇ ਨੈਤਿਕ ਪੱਖ ਤੋਂ ਵੀ ਗੰਭੀਰ ਹੈ, ਜਿਸ ਉਤੇ ਗੰਭੀਰ ਵਿਚਾਰ ਅਤੇ ਕਾਰਵਾਈ ਦੀ ਲੋੜ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮੁੱਦੇ ਨੂੰ ਪੂਰੀ ਗੰਭੀਰਤਾ ਨਾਲ ਲਿਆ ਗਿਆ ਹੈ ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ ਸਮਿਆਂ ਵਿੱਚ ਪੰਜਾਬ ਅੰਦਰ ਇਸ ਮਾਮਲੇ ਨੂੰ ਲੈ ਕੇ ਕਾਫ਼ੀ ਚਰਚਾ ਰਹੀ ਪਰ ਹੁਣ ਇਸ ਪ੍ਰਵਿਰਤੀ ਉਤੇ ਕਾਫ਼ੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਅਤੇ ਹਾਲਾਤ ਕਾਫ਼ੀ ਹੱਦ ਤੱਕ ਸੁਧਰੇ ਹਨ।
ਇਸ ਦੇ ਨਾਲ ਹੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਵਿੱਚ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਵੇਚਣ ਦੇ ਮਾਮਲੇ ਉਤੇ ਵੀ ਤਿੱਖਾ ਪ੍ਰਤੀਕਰਮ ਦਿੱਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਗੁਰਦੁਆਰਾ ਸਾਹਿਬਾਨ ਦੀ ਸੰਪਤੀ ਦਾ ਪ੍ਰਬੰਧ ਉਥੋਂ ਦੇ ਓਕਾਫ ਬੋਰਡ ਦੇ ਹੱਥ ਵਿੱਚ ਹੈ ਅਤੇ ਇਹ ਜ਼ਮੀਨਾਂ ਲਗਾਤਾਰ ਵੇਚੀਆਂ ਜਾ ਰਹੀਆਂ ਹਨ, ਜੋ ਕਿ ਬਹੁਤ ਹੀ ਨਿੰਦਣਯੋਗ ਅਤੇ ਦੁੱਖਦਾਈ ਗੱਲ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸਾਹਿਬਾਨ ਦੀ ਜ਼ਮੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਨਹੀਂ ਹੈ, ਜਿਸ ਕਰਕੇ ਇਸ ਸਬੰਧੀ ਕਮੇਟੀ ਦੇ ਅਧਿਕਾਰ ਸੀਮਿਤ ਹਨ।
ਫਿਰ ਵੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਅੰਤਰਰਾਸ਼ਟਰੀ ਪੱਧਰ ਉਤੇ ਉਠਾਇਆ ਜਾਣਾ ਚਾਹੀਦਾ ਹੈ ਤਾਂ ਜੋ ਇਤਿਹਾਸਕ ਤੇ ਧਾਰਮਿਕ ਵਿਰਾਸਤ ਦੀ ਰੱਖਿਆ ਯਕੀਨੀ ਬਣਾਈ ਜਾ ਸਕੇ। ਅੰਤ ਵਿੱਚ ਧਾਮੀ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਅਤੇ ਸਰਕਾਰਾਂ ਨੂੰ ਮਿਲ ਕੇ ਇਸ ਤਰ੍ਹਾਂ ਦੇ ਮਾਮਲਿਆਂ ਉਤੇ ਸੰਵੇਦਨਸ਼ੀਲਤਾ ਅਤੇ ਦ੍ਰਿੜਤਾ ਨਾਲ ਕੰਮ ਕਰਨ ਦੀ ਲੋੜ ਹੈ ਤਾਂ ਜੋ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ, ਸੰਪਤੀ ਅਤੇ ਮਰਿਆਦਾ ਕਾਇਮ ਰਹੇ।
-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


