ਪੰਜਾਬ ਤੋਂ ਵੱਡੀ ਖ਼ਬਰ: ਮੋਗਾ ਸਰਪੰਚ ਕਤਲ ਕੇਸ ਵਿੱਚ ਮੁਲਜ਼ਮ ਗ੍ਰਿਫ਼ਤਾਰ: ਜਾਣੋ ਕਿਵੇਂ ਫੜਿਆ ਗਿਆ
ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਇਲਾਕੇ ਦੇ ਪੱਤੋ ਹੀਰਾ ਪਿੰਡ ਦੇ ਸਰਪੰਚ ਹਰਵਿੰਦਰ ਸਿੰਘ ਹੈਪੀ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਬਬਲੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਮੋਗਾ- ਮੋਗਾ ਜ਼ਿਲ੍ਹੇ ਵਿੱਚ ਬਾਘਾਪੁਰਾਣਾ ਖੇਤਰ ਦੇ ਪਿੰਡ ਪੱਤੋ ਹੀਰਾ ਦੇ ਸਰਪੰਚ ਹਰਵਿੰਦਰ ਸਿੰਘ ਹੈਪੀ ਦੇ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਬਬਲੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਕਸ਼ਮੀਰ ਦੇ ਲੱਦਾਖ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਿਸਨੂੰ ਹੁਣ ਮੋਗਾ ਲਿਆਂਦਾ ਜਾਵੇਗਾ ਅਤੇ ਸੀਆਈਏ ਟੀਮ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਸ਼ਾਮਲ ਹੋਰ ਫਰਾਰ ਸ਼ੱਕੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਬਾਕੀ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
11 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ
ਪੱਤੋ ਹੀਰਾ ਸਿੰਘ ਪਿੰਡ ਵਿੱਚ ਸਰਪੰਚ ਹਰਵਿੰਦਰ ਸਿੰਘ ਉਰਫ਼ ਹੈਪੀ ਦੇ ਕਤਲ ਦੇ ਸਬੰਧ ਵਿੱਚ ਬਾਘਾਪੁਰਾਣਾ ਪੁਲਿਸ ਨੇ 11 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਸੀ। ਇਹ ਮਾਮਲਾ ਪੱਤੋ ਹੀਰਾ ਸਿੰਘ ਦੇ ਵਸਨੀਕ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤਾ ਗਿਆ ਸੀ।
ਪੁਲਿਸ ਨੇ ਜੈਮਲਵਾਲਾ ਪਿੰਡ ਦੇ ਮਨਪ੍ਰੀਤ ਸਿੰਘ ਉਰਫ਼ ਬਬਲੂ, ਜੋਬਨਪ੍ਰੀਤ ਸਿੰਘ, ਜਸਵੰਤ ਸਿੰਘ ਅਤੇ ਪੱਤੋ ਹੀਰਾ ਸਿੰਘ ਪਿੰਡ ਦੇ ਜਸਕਰਨ ਸਿੰਘ ਉਰਫ਼ ਜੱਸੂ ਸ਼ਰਮਾ ਦੇ ਨਾਲ ਛੇ ਤੋਂ ਸੱਤ ਅਣਪਛਾਤੇ ਵਿਅਕਤੀਆਂ ਵਿਰੁੱਧ ਕਤਲ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਪੈਟਰੋਲ ਪੰਪ ਦੇ ਸਾਹਮਣੇ ਮਾਰੀ ਸੀ ਗੋਲੀ
ਇਸ ਮਾਮਲੇ ਵਿੱਚ ਮੋਗਾ ਦੇ SSP ਅਜੇ ਗਾਂਧੀ ਨੇ ਦੱਸਿਆ ਕਿ ਸਰਪੰਚ ਹਰਵਿੰਦਰ ਸਿੰਘ ਉਰਫ਼ ਹੈਪੀ ਨੂੰ ਕੋਟਕਪੂਰਾ ਰੋਡ ‘ਤੇ ਇੱਕ ਪੈਟਰੋਲ ਪੰਪ ਦੇ ਸਾਹਮਣੇ ਉਸ ਸਮੇਂ ਗੋਲੀ ਮਾਰ ਦਿੱਤੀ ਗਈ ਜਦੋਂ ਉਹ ਆਪਣੀ ਕਾਰ ਤੋਂ ਉਤਰ ਰਹੇ ਸਨ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ।
ਮੁਲਜ਼ਮਾਂ ਦੀ ਭਾਲ ਜਾਰੀ
ਹਮਲਾਵਰਾਂ ਨੂੰ ਫੜਨ ਲਈ ਪੁਲਿਸ ਟੀਮਾਂ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀਆਂ ਹਨ ਅਤੇ ਕਈ ਲੋਕਾਂ ਤੋਂ ਪੁੱਛਗਿੱਛ ਕਰ ਰਹੀਆਂ ਹਨ। ਮੋਗਾ ਦੇ ਐਸਐਸਪੀ ਅਜੇ ਗਾਂਧੀ ਨੇ ਭਰੋਸਾ ਦਿੱਤਾ ਕਿ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਹੈਪੀ ਸਰਪੰਚ ਦੇ ਹੋਰ ਫਰਾਰ ਕਾਤਲਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮਾਮਲੇ ਦੀ ਅਗਲੇਰੀ ਜਾਂਚ ਬਾਘਾ ਪੁਰਾਣਾ ਥਾਣੇ ਦੇ ਇੰਚਾਰਜ ਇੰਸਪੈਕਟਰ ਜਤਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


