ਸੰਜੀਵ ਅਰੋੜਾ ਦੇ ਘਰ ਫਿਰ ED ਦੀ ਛਾਪੇਮਾਰੀ, CM ਮਾਨ ਦਾ ਕੇਂਦਰ ‘ਤੇ ਨਿਸ਼ਾਨਾ — “ਪੰਜਾਬ ਨੂੰ ਕੋਈ ਨਹੀਂ ਝੁਕਾ ਸਕਦਾ”
ਇਸ ਕਾਰਵਾਈ ਸਬੰਧੀ ਈਡੀ ਵੱਲੋਂ ਹਾਲੇ ਤੱਕ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ, ਪਰ ਇਸ ਛਾਪੇਮਾਰੀ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਚਰਚਾ ਛੇੜ ਦਿੱਤੀ ਹੈ।

ਚੰਡੀਗੜ੍ਹ- ਚੰਡੀਗੜ੍ਹ ਵਿੱਚ ਅੱਜ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਇੱਕ ਵਾਰ ਫਿਰ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ, ਈਡੀ ਦੀ ਟੀਮ ਕਰੀਬ 20 ਗੱਡੀਆਂ ਦੇ ਕਾਫਲੇ ਨਾਲ ਸੈਕਟਰ-2 ਸਥਿਤ ਉਨ੍ਹਾਂ ਦੇ ਨਿਵਾਸ ‘ਤੇ ਪਹੁੰਚੀ ਅਤੇ ਘਰ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਬਣਾਇਆ ਗਿਆ।
ਸੂਤਰਾਂ ਦੇ ਮੁਤਾਬਕ, ਈਡੀ ਵੱਲੋਂ ਚੰਡੀਗੜ੍ਹ ਅਤੇ ਦਿੱਲੀ-ਐਨਸੀਆਰ ਵਿੱਚ ਸੰਜੀਵ ਅਰੋੜਾ ਅਤੇ ਉਨ੍ਹਾਂ ਨਾਲ ਜੁੜੇ ਹੋਰ ਲੋਕਾਂ ਦੇ ਚਾਰ ਟਿਕਾਣਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਾਂਚ ਏਜੰਸੀ ਵਿੱਤੀ ਲੈਣ-ਦੇਣ ਅਤੇ ਕਥਿਤ ਮਨੀ ਲਾਂਡਰਿੰਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ। ਹਾਲਾਂਕਿ ਇਸ ਕਾਰਵਾਈ ਸਬੰਧੀ ਈਡੀ ਵੱਲੋਂ ਹਾਲੇ ਤੱਕ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ, ਪਰ ਇਸ ਛਾਪੇਮਾਰੀ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਚਰਚਾ ਛੇੜ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ ਕਿ BJP ਦੀ ED ਇੱਕ ਸਾਲ ਵਿੱਚ ਤੀਜੀ ਵਾਰ ਅਤੇ ਇੱਕ ਮਹੀਨੇ ਵਿੱਚ ਦੂਜੀ ਵਾਰ ਸੰਜੀਵ ਅਰੋੜਾ ਦੇ ਘਰ ਪਹੁੰਚੀ ਹੈ, ਪਰ ਏਜੰਸੀ ਨੂੰ ਅਜੇ ਤੱਕ ਕੁਝ ਵੀ ਨਹੀਂ ਮਿਲਿਆ। ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਸਨੂੰ ਨਾ ਔਰੰਗਜ਼ੇਬ ਝੁਕਾ ਸਕਿਆ ਸੀ ਅਤੇ ਨਾ ਹੀ ਅੰਗਰੇਜ਼। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਕਿਸੇ ਵੀ ਰਾਜਨੀਤਿਕ ਦਬਾਅ ਅੱਗੇ ਨਹੀਂ ਝੁਕਣਗੇ।
ਉਧਰ, ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੇ ਵੀ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਅਤੇ ਪੰਜਾਬ ਦੇ ਵਿਕਾਸ ਕਾਰਜਾਂ ਵਿੱਚ ਰੁਕਾਵਟ ਪੈਦਾ ਕਰਨ ਲਈ ਵੱਖ-ਵੱਖ ਏਜੰਸੀਆਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਆਖ਼ਿਰ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਣ ਲਈ ਹੋਰ ਕਿੰਨੇ ਹੱਥਕੰਡੇ ਵਰਤੇ ਜਾਣਗੇ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


