ਭਗਤ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਸ਼ਾਨੋ-ਸ਼ੌਕਤ ਨਾਲ ਮਨਾਈ ਜਾਵੇਗੀ — ਐਡਵੋਕੇਟ ਧਾਮੀ
ਗੋਵਰਧਨਪੁਰ ਵਾਰਾਣਸੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਉਣ ਦੇ ਨਾਲ 8 ਕੀਰਤਨ ਦਰਬਾਰ ਅਤੇ 6 ਸੈਮੀਨਾਰ ਕਰਵਾਉਣ ਦਾ ਐਲਾਨ, ਸਮਾਗਮਾਂ ਦੀ ਯੋਜਨਾ ਲਈ ਸਬ-ਕਮੇਟੀ ਦੀ ਹੋਈ ਅਹਿਮ ਬੈਠਕ

ਸ੍ਰੀ ਅੰਮ੍ਰਿਤਸਰ ਸਾਹਿਬ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨ ਲਈ ਅੱਜ ਸਬ-ਕਮੇਟੀ ਦੀ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮੁੱਖ ਦਫ਼ਤਰ ਵਿਖੇ ਕਰਵਾਈ ਗਈ। ਮੀਟਿੰਗ ਦੌਰਾਨ 20 ਫਰਵਰੀ 2027 ਨੂੰ ਮਨਾਏ ਜਾਣ ਵਾਲੇ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ, ਸੈਮੀਨਾਰਾਂ, ਕੀਰਤਨ ਦਰਬਾਰਾਂ ਅਤੇ ਉਨ੍ਹਾਂ ਦੇ ਜਨਮ ਅਸਥਾਨ ਤੋਂ ਨਿਕਲਣ ਵਾਲੇ ਨਗਰ ਕੀਰਤਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਤਹਿਤ ਭਗਤ ਰਵਿਦਾਸ ਜੀ ਦੇ ਜੀਵਨ, ਵਿਚਾਰਧਾਰਾ ਅਤੇ ਗੁਰਬਾਣੀ ਨਾਲ ਸੰਬੰਧਿਤ 6 ਸੈਮੀਨਾਰ ਕਰਵਾਏ ਜਾਣਗੇ ਅਤੇ ਵੱਖ-ਵੱਖ ਥਾਵਾਂ ‘ਤੇ 8 ਕੀਰਤਨ ਦਰਬਾਰ ਸਜਾਏ ਜਾਣਗੇ। ਇਸਦੇ ਨਾਲ ਹੀ ਭਗਤ ਰਵਿਦਾਸ ਜੀ ਦੇ ਜਨਮ ਅਸਥਾਨ ਗੋਵਰਧਨਪੁਰ (ਵਾਰਾਣਸੀ) ਤੋਂ ਵਿਸ਼ੇਸ਼ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਵੱਖ-ਵੱਖ ਸੂਬਿਆਂ ਰਾਹੀਂ ਹੁੰਦਾ ਹੋਇਆ ਪੰਜਾਬ ਪਹੁੰਚੇਗਾ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਇਤਿਹਾਸ ਨਾਲ ਸੰਬੰਧਿਤ ਕਿਤਾਬਚੇ ਵੱਖ-ਵੱਖ ਭਾਸ਼ਾਵਾਂ ਵਿੱਚ ਵੀ ਪ੍ਰਕਾਸ਼ਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਯੋਜਨਾ ਬਣਾਉਣ ਦੇ ਨਾਲ-ਨਾਲ ਮਹਾਂਪੁਰਖਾਂ ਅਤੇ ਭਾਈਚਾਰੇ ਨਾਲ ਸਾਂਝ ਬਣਾਉਣ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ‘ਤੇ ਆਧਾਰਿਤ ਸਬ-ਕਮੇਟੀਆਂ ਵੀ ਬਣਾਈਆਂ ਗਈਆਂ ਹਨ। ਇਹ ਕਮੇਟੀਆਂ ਵੱਖ-ਵੱਖ ਮਹਾਂਪੁਰਖਾਂ ਨਾਲ ਸੰਪਰਕ ਕਰਨਗੀਆਂ ਅਤੇ ਇਸ ਤੋਂ ਬਾਅਦ 25 ਮਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਸਮਾਗਮਾਂ ਦੀ ਸਫ਼ਲਤਾ ਲਈ ਸੁਝਾਅ ਲਏ ਜਾਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਵੀ ਦੱਸਿਆ ਕਿ ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਦੇ ਕਕਾਰ ਉਤਾਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼ ਜਤਾਉਣ ਮਗਰੋਂ ਨੈਸ਼ਨਲ ਟੈਸਟਿੰਗ ਏਜੰਸੀ ਨੇ ਅਜਿਹੀਆਂ ਘਟਨਾਵਾਂ ਲਈ ਮੁਆਫ਼ੀ ਮੰਗੀ ਹੈ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀ ਘਟਨਾ ਨਾ ਹੋਵੇ, ਇਸ ਸਬੰਧੀ ਪੱਤਰ ਵੀ ਭੇਜਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ ਅਤੇ ਭਵਿੱਖ ਵਿੱਚ ਕਿਸੇ ਵੀ ਸਿੱਖ ਵਿਦਿਆਰਥੀ ਨਾਲ ਅਜਿਹਾ ਨਾ ਹੋਵੇ, ਇਸ ਲਈ ਸਬੰਧਤ ਏਜੰਸੀ ਨੂੰ ਪਬਲਿਕ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।
ਬੇਅਦਬੀ ਮਾਮਲਿਆਂ ਸਬੰਧੀ ਬਣਾਏ ਗਏ ਕਾਨੂੰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੇ ਹੱਕ ਵਿੱਚ ਰਹੀ ਹੈ, ਪਰ ਪਾਸ ਕੀਤੇ ਕਾਨੂੰਨ ਵਿੱਚ ਸ਼ਾਮਲ ਕੁਝ ਧਾਰਾਵਾਂ ਕਿਸੇ ਵੀ ਤਰ੍ਹਾਂ ਮਨਜ਼ੂਰ ਨਹੀਂ ਕੀਤੀਆਂ ਜਾ ਸਕਦੀਆਂ, ਕਿਉਂਕਿ ਇਹ ਸੰਗਤ ਨੂੰ ਗੁਰਬਾਣੀ ਤੋਂ ਦੂਰ ਕਰਨ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਧਰਮ ਨਿਰਮਲਤਾ ਦਾ ਸੁਨੇਹਾ ਦਿੰਦਾ ਹੈ ਅਤੇ ਸਰਕਾਰ ਨੂੰ ਇਸਨੂੰ ਵਕਾਰ ਦਾ ਮਸਲਾ ਬਣਾਉਣ ਦੀ ਬਜਾਏ ਸੰਗਤਾਂ ਵੱਲੋਂ ਜਤਾਏ ਜਾ ਰਹੇ ਖ਼ਦਸ਼ਿਆਂ ਨੂੰ ਦੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਵੀ ਆਦੇਸ਼ ਦਿੱਤੇ ਜਾਣਗੇ, ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਪੂਰੀ ਤਰ੍ਹਾਂ ਪਾਲਣਾ ਕਰੇਗੀ।
ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਚਰਨ ਸਿੰਘ ਗਰੇਵਾਲ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਕੇਵਲ ਸਿੰਘ ਬਾਦਲ, ਬਾਬਾ ਬੂਟਾ ਸਿੰਘ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਪਾਲ ਸਿੰਘ ਜੱਲ੍ਹਾ, ਸ. ਅਵਤਾਰ ਸਿੰਘ ਰਿਆ, ਸ. ਗੁਰਨਾਮ ਸਿੰਘ ਜੱਸਲ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਗੁਰਮੀਤ ਸਿੰਘ ਮੁਕਤਸਰੀ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਅਤੇ ਇੰਚਾਰਜ ਸ. ਰਾਜਵਿੰਦਰ ਸਿੰਘ ਜੋਗਾ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


