ਪੇਪਰ ਲੀਕ ਦੇ ਦੋਸ਼ਾਂ ਕਾਰਨ NEET UG 2026 ਪ੍ਰੀਖਿਆ ਕੀਤੀ ਗਈ ਰੱਦ, ਜਾਂਚ ਲਈ CBI ਨੂੰ ਸੌਂਪਿਆ ਗਿਆ ਮਾਮਲਾ
ਇਸ ਸਾਰੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ CBI ਵੱਲੋਂ ਕੀਤੀ ਜਾਵੇਗੀ। ਨਾਲ ਹੀ ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਵੀ ਜਲਦ ਕਰਨ ਦੀ ਗੱਲ ਕਹੀ ਜਾ ਰਹੀ ਹੈ।

ਦਿੱਲੀ
ਦੇਸ਼ ਭਰ ਦੇ ਮੈਡੀਕਲ ਕਾਲਜਾਂ ਵਿੱਚ ਦਾਖਲੇ ਲਈ ਕਰਵਾਈ ਜਾਣ ਵਾਲੀ NEET UG 2026 ਪ੍ਰੀਖਿਆ ਨੂੰ ਪੇਪਰ ਲੀਕ ਵਿਵਾਦ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਹੈ। ਪ੍ਰੀਖਿਆ ਰੱਦ ਕਰਨ ਦਾ ਫੈਸਲਾ ਉਸ ਸਮੇਂ ਲਿਆ ਗਿਆ ਜਦੋਂ ਜਾਂਚ ਦੌਰਾਨ ਪ੍ਰਸ਼ਨ ਪੱਤਰ ਲੀਕ ਹੋਣ ਦੇ ਸੰਕੇਤ ਮਿਲੇ। ਹੁਣ ਇਸ ਸਾਰੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ CBI ਵੱਲੋਂ ਕੀਤੀ ਜਾਵੇਗੀ। ਨਾਲ ਹੀ ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਵੀ ਜਲਦ ਕਰਨ ਦੀ ਗੱਲ ਕਹੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ NEET ਪ੍ਰੀਖਿਆ ਕਰਵਾਉਣ ਵਾਲੀ ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਆਪਣੇ ਅਧਿਕਾਰਿਕ ਬਿਆਨ ਵਿੱਚ ਕਿਹਾ ਹੈ ਕਿ NEET UG 2026 ਦੀ ਪ੍ਰੀਖਿਆ ਰੱਦ ਕਰਨ ਦਾ ਫੈਸਲਾ ਕੇਂਦਰ ਸਰਕਾਰ ਦੀ ਮਨਜ਼ੂਰੀ ਤੋਂ ਬਾਅਦ ਲਿਆ ਗਿਆ। 3 ਮਈ 2026 ਨੂੰ ਕਰਵਾਈ ਗਈ ਇਸ ਪ੍ਰੀਖਿਆ ਨੂੰ ਲੈ ਕੇ ਪੇਪਰ ਲੀਕ ਦੇ ਦੋਸ਼ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਸੀ, ਜਿਸ ਨਾਲ ਇਹ ਮਾਮਲਾ ਕਾਫੀ ਚਰਚਾ ਵਿੱਚ ਆ ਗਿਆ।
ਐਨਟੀਏ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਿਹੜੇ ਵਿਦਿਆਰਥੀ ਪਹਿਲਾਂ ਹੀ NEET UG 2026 ਲਈ ਰਜਿਸਟਰ ਕਰ ਚੁੱਕੇ ਹਨ, ਉਨ੍ਹਾਂ ਨੂੰ ਦੁਬਾਰਾ ਰਜਿਸਟ੍ਰੇਸ਼ਨ ਕਰਨ ਦੀ ਕੋਈ ਲੋੜ ਨਹੀਂ ਹੋਵੇਗੀ। ਏਜੰਸੀ ਨੇ ਕਿਹਾ ਕਿ ਸਾਰੇ ਉਮੀਦਵਾਰਾਂ ਦਾ ਡਾਟਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਨਵੀਂ ਪ੍ਰੀਖਿਆ ਦੌਰਾਨ ਪਹਿਲਾਂ ਕੀਤੀ ਗਈ ਰਜਿਸਟ੍ਰੇਸ਼ਨ ਨੂੰ ਹੀ ਵੈਧ ਮੰਨਿਆ ਜਾਵੇਗਾ।
ਹੁਣ ਸੀਬੀਆਈ ਵੱਲੋਂ ਪੇਪਰ ਲੀਕ ਮਾਮਲੇ ਨਾਲ ਜੁੜੇ ਹਰ ਪੱਖ ਦੀ ਵਿਸਥਾਰ ਨਾਲ ਜਾਂਚ ਕੀਤੀ ਜਾਵੇਗੀ। ਇਸ ਵਿੱਚ ਪ੍ਰਸ਼ਨ ਪੱਤਰ ਲੀਕ ਕਰਨ ਵਾਲੇ ਸਰੋਤ, ਸੰਭਾਵਿਤ ਗਿਰੋਹ ਅਤੇ ਇਸ ਘਟਨਾ ਵਿੱਚ ਸ਼ਾਮਲ ਲੋਕਾਂ ਦੀ ਭੂਮਿਕਾ ਦੀ ਜਾਂਚ ਵੀ ਸ਼ਾਮਲ ਹੋਵੇਗੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਕਾਫੀ ਚਿੰਤਾ ਅਤੇ ਅਣਸ਼ਚਿਤਤਾ ਦਾ ਮਾਹੌਲ ਬਣਿਆ ਹੋਇਆ ਹੈ।
-(ਜਗਬਾਣੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


