ਮਹਿੰਗਾਈ ਦੀ ਮਾਰ! ਪੈਟਰੋਲ-ਡੀਜ਼ਲ ਫਿਰ ਮਹਿੰਗੇ, 10 ਦਿਨਾਂ ’ਚ 7 ਰੁਪਏ ਤੋਂ ਵੱਧ ਵਧੀਆਂ ਕੀਮਤਾਂ
ਪਿਛਲੇ 10 ਦਿਨਾਂ ਦੌਰਾਨ ਇਹ ਚੌਥੀ ਵਾਰ ਹੈ ਜਦੋਂ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਦੀ ਜੇਬ ’ਤੇ ਵੱਡਾ ਬੋਝ ਪੈ ਰਿਹਾ ਹੈ।

ਚੰਡੀਗੜ੍ਹ
ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਕੇਂਦਰ ਸਰਕਾਰ ਦੀਆਂ ਤੇਲ ਕੰਪਨੀਆਂ ਵੱਲੋਂ ਸੋਮਵਾਰ ਨੂੰ ਇਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਨਵੇਂ ਰੇਟਾਂ ਮੁਤਾਬਕ ਪੈਟਰੋਲ 2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 2.71 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਪਿਛਲੇ 10 ਦਿਨਾਂ ਦੌਰਾਨ ਇਹ ਚੌਥੀ ਵਾਰ ਹੈ ਜਦੋਂ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਦੀ ਜੇਬ ’ਤੇ ਵੱਡਾ ਬੋਝ ਪੈ ਰਿਹਾ ਹੈ।
ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਹੁਣ 102.12 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ 95.20 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਤੋਂ ਪਹਿਲਾਂ 23 ਮਈ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਰੀਬ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।
15 ਮਈ ਤੋਂ ਹੁਣ ਤੱਕ ਪੈਟਰੋਲ 7.35 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 7.82 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਚੁੱਕਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਕੀਮਤਾਂ ਹੋਰ ਵੀ ਵਧ ਸਕਦੀਆਂ ਹਨ।
ਮਈ ਮਹੀਨੇ ਦੌਰਾਨ ਕਦੋਂ ਵਧੀਆਂ ਕੀਮਤਾਂ?
15 ਮਈ : ਪੈਟਰੋਲ ਅਤੇ ਡੀਜ਼ਲ ਲਗਭਗ 3 ਰੁਪਏ ਪ੍ਰਤੀ ਲੀਟਰ ਮਹਿੰਗੇ ਹੋਏ
19 ਮਈ : ਦੋਵਾਂ ਈਂਧਨਾਂ ਦੀ ਕੀਮਤ ਵਿੱਚ 90 ਪੈਸੇ ਪ੍ਰਤੀ ਲੀਟਰ ਦਾ ਵਾਧਾ
23 ਮਈ : ਪੈਟਰੋਲ 87 ਪੈਸੇ ਅਤੇ ਡੀਜ਼ਲ 91 ਪੈਸੇ ਪ੍ਰਤੀ ਲੀਟਰ ਮਹਿੰਗਾ
25 ਮਈ : ਪੈਟਰੋਲ 2.61 ਰੁਪਏ ਅਤੇ ਡੀਜ਼ਲ 2.71 ਰੁਪਏ ਪ੍ਰਤੀ ਲੀਟਰ ਵਧੇ
ਨਵੇਂ ਵਾਧੇ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ ਦੀ ਕੀਮਤ 99.51 ਰੁਪਏ ਤੋਂ ਵੱਧ ਕੇ 102.12 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ 92.49 ਰੁਪਏ ਤੋਂ ਵੱਧ ਕੇ 95.20 ਰੁਪਏ ਪ੍ਰਤੀ ਲੀਟਰ ਪਹੁੰਚ ਗਿਆ ਹੈ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੈਟਰੋਲ 101.51 ਰੁਪਏ ਅਤੇ ਡੀਜ਼ਲ 89.47 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਹੋਰ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਦੀਆਂ ਕੀਮਤਾਂ
ਕੋਲਕਾਤਾ : 113.51 ਰੁਪਏ
ਮੁੰਬਈ : 111.21 ਰੁਪਏ
ਚੇਨਈ : 107.77 ਰੁਪਏ
ਡੀਜ਼ਲ ਦੀਆਂ ਨਵੀਆਂ ਕੀਮਤਾਂ
ਕੋਲਕਾਤਾ : 99.82 ਰੁਪਏ
ਮੁੰਬਈ : 97.83 ਰੁਪਏ
ਚੇਨਈ : 99.55 ਰੁਪਏ
ਤੇਲ ਕੰਪਨੀਆਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਕਮਜ਼ੋਰੀ ਕਾਰਨ ਆਯਾਤ ਲਾਗਤ ਵਿੱਚ ਵਾਧਾ ਹੋਇਆ ਹੈ। ਇਸੇ ਕਾਰਨ ਕੰਪਨੀਆਂ ਵੱਲੋਂ ਲਗਾਤਾਰ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।
ਮਾਹਿਰਾਂ ਅਨੁਸਾਰ ਕੱਚੇ ਤੇਲ ਦੀ ਕੀਮਤ ਲੰਮੇ ਸਮੇਂ ਤੋਂ 100 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਬਣੀ ਹੋਈ ਹੈ। ਇਸਦੇ ਨਾਲ ਹੀ ਰੁਪਏ ਦੀ ਕੀਮਤ ਵਿੱਚ ਵੀ ਰਿਕਾਰਡ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਤੇਲ ਕੰਪਨੀਆਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਕੰਪਨੀਆਂ ਹੁਣ ਇਹ ਨੁਕਸਾਨ ਘਟਾਉਣ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰ ਰਹੀਆਂ ਹਨ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


