ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ, ਜਾਣੋ ਅਗਲੇ ਤਿੰਨ ਦਿਨਾਂ ਦਾ ਮੌਸਮ
ਮੌਸਮ ਕੇਂਦਰ ਅਨੁਸਾਰ 4 ਜੂਨ ਲਈ ਬਹੁਤੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਚੰਡੀਗੜ੍ਹ
ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਲੋਕਾਂ ਨੂੰ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਅਤੇ 3 ਜੂਨ ਤੋਂ ਮੌਸਮ ਵਿੱਚ ਹੋਰ ਤਬਦੀਲੀ ਦੇ ਆਸਾਰ ਬਣ ਰਹੇ ਹਨ। 5 ਜੂਨ ਤੱਕ ਸੂਬੇ ਦੇ ਕਈ ਇਲਾਕਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਵਰਖਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਕੇਂਦਰ ਅਨੁਸਾਰ 4 ਜੂਨ ਲਈ ਬਹੁਤੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਸੋਮਵਾਰ ਨੂੰ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 2.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਸ ਦੇ ਬਾਵਜੂਦ ਤਾਪਮਾਨ ਆਮ ਪੱਧਰ ਨਾਲੋਂ ਲਗਭਗ 4.2 ਡਿਗਰੀ ਸੈਲਸੀਅਸ ਘੱਟ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਦਾ ਮੌਸਮ
2 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। ਬਹੁਤੇ ਜ਼ਿਲ੍ਹਿਆਂ ਲਈ ਕੋਈ ਵਿਸ਼ੇਸ਼ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਹਾਲਾਂਕਿ ਕੁਝ ਥਾਵਾਂ ‘ਤੇ ਬੱਦਲ ਛਾਏ ਰਹਿ ਸਕਦੇ ਹਨ ਅਤੇ ਸ਼ਾਮ ਸਮੇਂ ਮੌਸਮ ਵਿੱਚ ਹਲਕਾ ਬਦਲਾਅ ਮਹਿਸੂਸ ਕੀਤਾ ਜਾ ਸਕਦਾ ਹੈ।
3 ਜੂਨ ਨੂੰ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ 4 ਜੂਨ ਲਈ ਵੀ ਬਹੁਤੇ ਜ਼ਿਲ੍ਹਿਆਂ ਵਿੱਚ ਚੇਤਾਵਨੀ ਜਾਰੀ ਕੀਤੀ ਗਈ ਹੈ। ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ, ਮੋਗਾ, ਬਰਨਾਲਾ, ਸੰਗਰੂਰ ਅਤੇ ਲੁਧਿਆਣਾ ਸਮੇਤ ਕਈ ਇਲਾਕਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਕੁਝ ਥਾਵਾਂ ‘ਤੇ ਹਲਕੀ ਵਰਖਾ ਹੋਣ ਦੀ ਵੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਵੀ ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੇ ਆਸਾਰ ਬਣੇ ਹੋਏ ਹਨ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


