ਅਦਾਲਤੀ ਹੁਕਮਾਂ ਮਗਰੋਂ ਵੀ ਜੋਬਨਜੀਤ ਸਿੰਘ ਜੇਲ੍ਹ ਤੋਂ ਬਾਹਰ ਨਾ ਆਇਆ, ਪਰਿਵਾਰ ਨੇ ਮੁੜ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ
ਰਿਹਾਈ ਵਿੱਚ ਆਈ ਰੁਕਾਵਟ ਤੋਂ ਬਾਅਦ ਜੋਬਨਜੀਤ ਸਿੰਘ ਦੇ ਪਰਿਵਾਰਕ ਮੈਂਬਰ ਅੱਜ ਇੱਕ ਵਾਰ ਫਿਰ ਹਾਈਕੋਰਟ ਪਹੁੰਚੇ ਹਨ।

ਚੰਡੀਗੜ੍ਹ
ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਪੱਸ਼ਟ ਆਦੇਸ਼ ਜਾਰੀ ਕੀਤੇ ਜਾਣ ਦੇ ਬਾਵਜੂਦ ਜੋਬਨਜੀਤ ਸਿੰਘ ਦੀ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚੋਂ ਰਿਹਾਈ ਨਾ ਹੋਣ ਦਾ ਮਾਮਲਾ ਹੋਰ ਗੰਭੀਰ ਬਣ ਗਿਆ ਹੈ। ਰਿਹਾਈ ਵਿੱਚ ਆਈ ਰੁਕਾਵਟ ਤੋਂ ਬਾਅਦ ਜੋਬਨਜੀਤ ਸਿੰਘ ਦੇ ਪਰਿਵਾਰਕ ਮੈਂਬਰ ਅੱਜ ਇੱਕ ਵਾਰ ਫਿਰ ਹਾਈਕੋਰਟ ਪਹੁੰਚੇ ਹਨ।
ਮਿਲੀ ਜਾਣਕਾਰੀ ਮੁਤਾਬਕ ਅਦਾਲਤ ਵੱਲੋਂ ਰਿਹਾਈ ਦੇ ਹੁਕਮ ਜਾਰੀ ਹੋਣ ਤੋਂ ਬਾਅਦ ਵੀ ਬੀਤੀ ਰਾਤ ਜੋਬਨਜੀਤ ਸਿੰਘ ਨੂੰ ਜੇਲ੍ਹ ਵਿੱਚੋਂ ਰਿਹਾ ਨਹੀਂ ਕੀਤਾ ਗਿਆ। ਪਰਿਵਾਰ ਅਤੇ ਕਾਨੂੰਨੀ ਨੁਮਾਇੰਦਿਆਂ ਨੇ ਦੇਰ ਰਾਤ ਤੱਕ ਉਸਦੀ ਰਿਹਾਈ ਦੀ ਉਡੀਕ ਕੀਤੀ, ਪਰ ਜੇਲ੍ਹ ਅਧਿਕਾਰੀਆਂ ਨੇ ਕਿਹਾ ਕਿ ਰਿਹਾਈ ਸਬੰਧੀ ਭੇਜਿਆ ਗਿਆ ਈ-ਪੱਤਰ ਉਨ੍ਹਾਂ ਤੱਕ ਨਹੀਂ ਪਹੁੰਚਿਆ।
ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਨੇ ਦੋਸ਼ ਲਗਾਇਆ ਕਿ ਜੋਬਨਜੀਤ ਸਿੰਘ ਦੀ ਰਿਹਾਈ ਨੂੰ ਜਾਣਬੁੱਝ ਕੇ ਟਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਜੇਲ੍ਹ ਪ੍ਰਬੰਧਨ ਅਤੇ ਪੁਲਿਸ ਵੱਲੋਂ ਕਾਰਵਾਈ ਨਾ ਕਰਨਾ ਕਈ ਸ਼ੰਕੇ ਪੈਦਾ ਕਰਦਾ ਹੈ।
ਅਮਨਬੀਰ ਸਿੰਘ ਸਿਆਲੀ ਨੇ ਇਹ ਵੀ ਆਖਿਆ ਕਿ ਮਜੀਠਾ ਪੁਲਿਸ ਜੋਬਨਜੀਤ ਸਿੰਘ ਨੂੰ ਕਿਸੇ ਹੋਰ ਮਾਮਲੇ ਵਿੱਚ ਕਾਬੂ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਕਰਕੇ ਉਸਦੀ ਰਿਹਾਈ ਦੀ ਕਾਰਵਾਈ ਨੂੰ ਲੰਮਾ ਖਿੱਚਿਆ ਜਾ ਰਿਹਾ ਹੈ।
ਵਕੀਲਾਂ ਦਾ ਕਹਿਣਾ ਹੈ ਕਿ ਜੇਕਰ ਅਦਾਲਤ ਵੱਲੋਂ ਜਾਰੀ ਕੀਤੇ ਹੁਕਮਾਂ ਨੂੰ ਵੀ ਅਮਲ ਵਿੱਚ ਨਾ ਲਿਆਂਦਾ ਜਾਵੇ ਤਾਂ ਇਹ ਨਿਆਂ ਪ੍ਰਬੰਧ ਅਤੇ ਕਾਨੂੰਨੀ ਪ੍ਰਕਿਰਿਆ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਕਾਨੂੰਨੀ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਅਤੇ ਅਦਾਲਤੀ ਆਦੇਸ਼ਾਂ ਦੀ ਪਾਲਣਾ ਨਹੀਂ ਹੋ ਰਹੀ।
ਉੱਧਰ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਰਿਹਾਈ ਨਾ ਹੋਣ ਕਾਰਨ ਪਰਿਵਾਰਕ ਮੈਂਬਰਾਂ ਅਤੇ ਹਮਾਇਤੀਆਂ ਵਿੱਚ ਵੀ ਨਾਰਾਜ਼ਗੀ ਦੇਖੀ ਜਾ ਰਹੀ ਹੈ। ਹੁਣ ਸਭ ਦੀਆਂ ਨਜ਼ਰਾਂ ਹਾਈਕੋਰਟ ਵਿੱਚ ਹੋਣ ਵਾਲੀ ਅਗਲੀ ਸੁਣਵਾਈ ਅਤੇ ਪ੍ਰਸ਼ਾਸਨ ਦੇ ਅਗਲੇ ਕਦਮਾਂ ਉੱਤੇ ਟਿਕੀਆਂ ਹੋਈਆਂ ਹਨ।
-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


