ਲੁਧਿਆਣਾ ਵਿੱਚ 9 ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ ਨੇ ਫੜਿਆ ਤੂਲ, ਪੰਜਾਬ ਮਹਿਲਾ ਕਮਿਸ਼ਨ ਨੇ ਆਪ ਲਿਆ ਨੋਟਿਸ
ਕਮਿਸ਼ਨ ਨੇ ਇਸ ਮਾਮਲੇ ਸਬੰਧੀ 8 ਜੂਨ ਤੱਕ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਚੰਡੀਗੜ੍ਹ
ਪੰਜਾਬ ਦੇ ਲੁਧਿਆਣਾ ਸ਼ਹਿਰ ਤੋਂ ਨੌਂ ਕੁੜੀਆਂ ਦੇ ਰਹੱਸਮਈ ਹਾਲਾਤਾਂ ਵਿੱਚ ਲਾਪਤਾ ਹੋਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੋਂ ਜਵਾਬ ਮੰਗਿਆ ਹੈ। ਕਮਿਸ਼ਨ ਨੇ ਇਸ ਮਾਮਲੇ ਸਬੰਧੀ 8 ਜੂਨ ਤੱਕ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮਹਿਲਾ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ 8 ਜੂਨ ਤੱਕ ਪੂਰੀ ਜਾਣਕਾਰੀ ਸਮੇਤ ਰਿਪੋਰਟ ਭੇਜੀ ਜਾਵੇ। ਇਸ ਦੇ ਨਾਲ ਹੀ ਪੁਲਿਸ ਕਮਿਸ਼ਨਰ ਨੂੰ ਆਦੇਸ਼ ਦਿੱਤੇ ਗਏ ਹਨ ਕਿ ਇਸ ਮਾਮਲੇ ਦੀ ਤੁਰੰਤ ਕਿਸੇ ਉੱਚ ਅਧਿਕਾਰੀ ਤੋਂ ਨਿਰਪੱਖ ਅਤੇ ਡੂੰਘੀ ਜਾਂਚ ਕਰਵਾਈ ਜਾਵੇ।
ਪੰਜਾਬ ਮਹਿਲਾ ਕਮਿਸ਼ਨ ਦੀ ਮੁਖੀ ਰਾਜ ਲਾਲੀ ਗਿੱਲ ਨੇ ਪੁਲਿਸ ਕਮਿਸ਼ਨਰ ਨੂੰ ਭੇਜੇ ਪੱਤਰ ਵਿੱਚ ਕਿਹਾ ਹੈ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਅਤੇ ਚਿੰਤਾਜਨਕ ਮਾਮਲਾ ਹੈ, ਜਿਸ ਦੀ ਗੰਭੀਰਤਾ ਨਾਲ ਜਾਂਚ ਹੋਣੀ ਲਾਜ਼ਮੀ ਹੈ। ਕਮਿਸ਼ਨ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ-2001 ਦੀ ਧਾਰਾ 12 ਅਧੀਨ ਇਹ ਨੋਟਿਸ ਜਾਰੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਲਾਪਤਾ ਹੋਈਆਂ ਕੁੜੀਆਂ ਦੀਆਂ ਤਸਵੀਰਾਂ ਵੀ ਲੋਕਾਂ ਨਾਲ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇੱਕੋ ਸ਼ਹਿਰ ਵਿੱਚ 9 ਕੁੜੀਆਂ ਦਾ ਲਾਪਤਾ ਹੋ ਜਾਣਾ ਕਾਨੂੰਨ-ਵਿਵਸਥਾ ਅਤੇ ਮਹਿਲਾਵਾਂ ਦੀ ਸੁਰੱਖਿਆ ਸਬੰਧੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਜਾਣਕਾਰੀ ਅਨੁਸਾਰ ਇਹ ਸਾਰੀਆਂ ਕੁੜੀਆਂ ਲੁਧਿਆਣਾ ਵਿੱਚ ਅਪ੍ਰੈਲ ਅਤੇ ਮਈ ਮਹੀਨੇ ਦੌਰਾਨ ਵੱਖ-ਵੱਖ ਸਮਿਆਂ ਵਿੱਚ ਲਾਪਤਾ ਹੋਈਆਂ ਹਨ।
–(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


