ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਕਾਰਵਾਈ, 2400 ਮੀਟ੍ਰਿਕ ਟਨ ਸਾਮਾਨ ਜ਼ਬਤ; ਚੀਮਾ ਨੇ ਦਿੱਤੀ ਸਖ਼ਤ ਚੇਤਾਵਨੀ
ਇਸ ਦੇ ਨਾਲ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਪਾਰੀਆਂ ਉੱਤੇ 3.5 ਕਰੋੜ ਰੁਪਏ ਦੇ ਜੁਰਮਾਨੇ ਵੀ ਲਗਾਏ ਗਏ ਹਨ।

ਚੰਡੀਗੜ੍ਹ
ਪੰਜਾਬ ਸਰਕਾਰ ਵੱਲੋਂ ਟੈਕਸ ਚੋਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਵਸਤੂ ਅਤੇ ਸੇਵਾ ਕਰ ਵਿਭਾਗ ਨੇ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਹੈ। ਇੱਕ ਹਫ਼ਤਾ ਚੱਲੀ ਇਸ ਕਾਰਵਾਈ ਦੌਰਾਨ ਕਰੀਬ 200 ਵਾਹਨਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚੋਂ ਲਗਭਗ 7 ਕਰੋੜ ਰੁਪਏ ਮੁੱਲ ਦਾ ਸਾਮਾਨ ਜ਼ਬਤ ਕੀਤਾ ਗਿਆ। ਅਧਿਕਾਰੀਆਂ ਨੇ ਕੁੱਲ 2400 ਮੀਟ੍ਰਿਕ ਟਨ ਮਾਲ ਕਬਜ਼ੇ ਵਿੱਚ ਲਿਆ, ਜਿਸ ਦਾ ਵਪਾਰ ਬਿਨਾਂ ਜਾਇਜ਼ ਬਿੱਲਾਂ ਜਾਂ ਜਾਅਲੀ ਦਸਤਾਵੇਜ਼ਾਂ ਰਾਹੀਂ ਕੀਤਾ ਜਾ ਰਿਹਾ ਸੀ। ਇਸ ਦੇ ਨਾਲ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਪਾਰੀਆਂ ਉੱਤੇ 3.5 ਕਰੋੜ ਰੁਪਏ ਦੇ ਜੁਰਮਾਨੇ ਵੀ ਲਗਾਏ ਗਏ ਹਨ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਟੈਕਸ ਚੋਰੀ ਪ੍ਰਤੀ ਬਿਲਕੁਲ ਵੀ ਰਿਆਇਤ ਨਾ ਦੇਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਪਿਛਲੇ ਸਮਿਆਂ ਦੌਰਾਨ ਪੈਦਾ ਹੋਈਆਂ ਗ਼ਲਤ ਰਵਾਇਤਾਂ ਨੂੰ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਟੈਕਸ ਚੋਰੀ ਰੋਕਣ ਲਈ ਸਰਕਾਰ ਦਾ ਸਖ਼ਤ ਰੁਖ
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਵਿੱਚ ਟੈਕਸ ਚੋਰੀ ਦੀ ਪੁਰਾਣੀ ਪ੍ਰਥਾ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ ਨਿਸ਼ਚੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਸਤੂ ਅਤੇ ਸੇਵਾ ਕਰ ਜਾਂ ਹੋਰ ਕਰਾਂ ਤੋਂ ਬਚਣ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਕਿਸੇ ਵੀ ਤਰੀਕੇ ਨਾਲ ਟੈਕਸ ਚੋਰੀ ਨੂੰ ਸਹਿਣ ਨਹੀਂ ਕਰੇਗੀ। ਸ਼ੱਕੀ ਕਾਰੋਬਾਰੀ ਗਤੀਵਿਧੀਆਂ ‘ਤੇ ਨਜ਼ਰ ਰੱਖਣ ਅਤੇ ਕਰ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਵਿਸ਼ੇਸ਼ ਦਸਤੇ ਬਣਾਏ ਗਏ ਹਨ।
ਨਿਗਰਾਨੀ ਲਈ ਤਾਇਨਾਤ ਕੀਤੀਆਂ ਵਿਸ਼ੇਸ਼ ਟੀਮਾਂ
ਵਿੱਤ ਮੰਤਰੀ ਨੇ ਦੱਸਿਆ ਕਿ ਕਰ ਸਬੰਧੀ ਬੇਨਿਯਮੀਆਂ ਦੀ ਪਛਾਣ ਅਤੇ ਜਾਂਚ ਲਈ ਪੰਜਾਬ ਭਰ ਵਿੱਚ ਵਿਸ਼ੇਸ਼ ਜਾਂਚ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੇ ਪੱਧਰ ‘ਤੇ ਟੈਕਸ ਚੋਰੀ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਵਸਤੂ ਅਤੇ ਸੇਵਾ ਕਰ ਵਿਭਾਗ ਨੇ ਜਾਂਚ ਕੀਤੀ, ਜਿਸ ਦੌਰਾਨ ਵੱਡੀ ਮਾਤਰਾ ਵਿੱਚ ਸਾਮਾਨ ਜ਼ਬਤ ਕੀਤਾ ਗਿਆ ਅਤੇ ਭਾਰੀ ਜੁਰਮਾਨੇ ਲਗਾਏ ਗਏ।
ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕੀਤੀ ਅਪੀਲ
ਹਰਪਾਲ ਸਿੰਘ ਚੀਮਾ ਨੇ ਵਪਾਰੀਆਂ, ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਕਾਨੂੰਨੀ ਨਿਯਮਾਂ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਨ ਅਤੇ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਤੋਂ ਦੂਰ ਰਹਿਣ ਦੀ ਅਪੀਲ ਕੀਤੀ।
ਉਨ੍ਹਾਂ ਵਪਾਰਕ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਮਾਨਦਾਰ ਉੱਦਮੀਆਂ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਕਾਰੋਬਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੱਚੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਨਾਲ ਹੀ ਸਾਰਿਆਂ ਨੂੰ ਕਾਨੂੰਨ ਅਨੁਸਾਰ ਕਾਰੋਬਾਰ ਚਲਾਉਣ ਅਤੇ ਪੰਜਾਬ ਦੀ ਆਰਥਿਕ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


