ਲਾਈਨਮੈਨਾਂ ‘ਤੇ ਪੁਲਿਸ ਕਾਰਵਾਈ ਮਾਮਲੇ ‘ਚ ਹਿਊਮਨ ਰਾਈਟਸ ਕਮਿਸ਼ਨ ਸਖ਼ਤ, DIG ਪਟਿਆਲਾ ਤੋਂ ਮੰਗਿਆ ਜਵਾਬ
ਪੰਜਾਬ ਰਾਜ ਹਿਊਮਨ ਰਾਈਟਸ ਕਮਿਸ਼ਨ ਨੇ ਇਸ ਘਟਨਾ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪਟਿਆਲਾ ਰੇਂਜ ਦੇ ਡੀਆਈਜੀ ਨੂੰ ਨੋਟਿਸ ਜਾਰੀ ਕਰਕੇ ਪੂਰਾ ਸਪੱਸ਼ਟੀਕਰਨ ਮੰਗਿਆ ਹੈ।

ਪਟਿਆਲਾ
ਪਟਿਆਲਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (PSPCL) ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕਰ ਰਹੇ ਲਾਈਨਮੈਨਾਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦਾ ਮਾਮਲਾ ਹੁਣ ਤੂਲ ਫੜ ਗਿਆ ਹੈ। ਪੰਜਾਬ ਰਾਜ ਹਿਊਮਨ ਰਾਈਟਸ ਕਮਿਸ਼ਨ ਨੇ ਇਸ ਘਟਨਾ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪਟਿਆਲਾ ਰੇਂਜ ਦੇ ਡੀਆਈਜੀ ਨੂੰ ਨੋਟਿਸ ਜਾਰੀ ਕਰਕੇ ਪੂਰਾ ਸਪੱਸ਼ਟੀਕਰਨ ਮੰਗਿਆ ਹੈ।
ਕਮਿਸ਼ਨ ਨੇ ਆਪਣੇ ਨੋਟਿਸ ਵਿੱਚ 2600 ਅਪ੍ਰੈਂਟਿਸਸ਼ਿਪ ਲਾਈਨਮੈਨ ਯੂਨੀਅਨ ਦੇ ਮੈਂਬਰਾਂ ਉੱਤੇ ਕੀਤੀ ਗਈ ਪੁਲਿਸ ਕਾਰਵਾਈ ਨੂੰ ਗਲਤ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਹੈ। ਨੋਟਿਸ ਵਿੱਚ ਇਹ ਵੀ ਪੁੱਛਿਆ ਗਿਆ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਹੋਰ ਕਾਨੂੰਨੀ ਅਤੇ ਸ਼ਾਂਤੀਪੂਰਨ ਤਰੀਕੇ ਕਿਉਂ ਨਹੀਂ ਅਪਣਾਏ ਗਏ।
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਨੇ ਪਾਵਰਕਾਮ ਦਫ਼ਤਰ ਅੱਗੇ ਧਰਨਾ ਦਿੱਤਾ ਸੀ। ਇਸ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਲਾਠੀਚਾਰਜ ਕੀਤਾ ਗਿਆ। ਘਟਨਾ ਦੌਰਾਨ ਇੱਕ ਪੁਲਿਸ ਅਧਿਕਾਰੀ ਵੱਲੋਂ ਇੱਕ ਨੌਜਵਾਨ ਦਾ ਮੋਬਾਈਲ ਫ਼ੋਨ ਖੋਹੇ ਜਾਣ ਦੀ ਵੀ ਚਰਚਾ ਰਹੀ।
ਲਾਠੀਚਾਰਜ ਤੋਂ ਬਾਅਦ ਪੁਲਿਸ ਨੇ 160 ਤੋਂ ਵੱਧ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਬੀਐਨਐਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ। ਇਨ੍ਹਾਂ ਵਿੱਚੋਂ 12 ਵਿਅਕਤੀਆਂ ਦੀ ਪਛਾਣ ਕੀਤੀ ਗਈ, ਜਦਕਿ ਹਿਰਾਸਤ ਵਿੱਚ ਲਏ ਗਏ 11 ਪ੍ਰਦਰਸ਼ਨਕਾਰੀਆਂ ਨੂੰ ਅਗਲੇ ਦਿਨ ਰਿਹਾਅ ਕਰ ਦਿੱਤਾ ਗਿਆ।
17 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ
ਕਮਿਸ਼ਨ ਨੇ ਆਪਣੇ ਨਿਰੀਖਣ ਵਿੱਚ ਕਿਹਾ ਕਿ ਪ੍ਰਦਰਸ਼ਨਕਾਰੀ ਸ਼ਾਂਤੀਪੂਰਨ ਢੰਗ ਨਾਲ ਧਰਨਾ ਦੇ ਰਹੇ ਸਨ ਅਤੇ ਉਨ੍ਹਾਂ ਵੱਲੋਂ ਕੋਈ ਹਿੰਸਕ ਕਾਰਵਾਈ ਨਹੀਂ ਕੀਤੀ ਜਾ ਰਹੀ ਸੀ। ਭਾਵੇਂ ਉਨ੍ਹਾਂ ਨੇ ਸਰਕਾਰੀ ਦਫ਼ਤਰ ਦੇ ਦਾਖ਼ਲਾ ਮਾਰਗ ਨੂੰ ਰੋਕਿਆ ਹੋਇਆ ਸੀ, ਪਰ ਪੁਲਿਸ ਵੱਲੋਂ ਮਿਆਰੀ ਪ੍ਰਕਿਰਿਆ ਦੀ ਪਾਲਣਾ ਕਰਨ ਦੀ ਬਜਾਏ ਸਿੱਧਾ ਬਲ ਪ੍ਰਯੋਗ ਕੀਤਾ ਗਿਆ। ਇਸ ਦੌਰਾਨ ਕਈ ਲੋਕ ਜ਼ਖ਼ਮੀ ਹੋਏ ਅਤੇ ਕੁਝ ਨੂੰ ਫ੍ਰੈਕਚਰ ਹੋਣ ਕਾਰਨ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਪਿਆ।
ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਕਮਿਸ਼ਨ ਨੇ ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਤੋਂ ਵਿਸਥਾਰਤ ਰਿਪੋਰਟ ਮੰਗੀ ਹੈ। ਹੁਕਮਾਂ ਅਨੁਸਾਰ ਇਹ ਰਿਪੋਰਟ ਅਗਲੀ ਸੁਣਵਾਈ ਤੋਂ ਇੱਕ ਹਫ਼ਤਾ ਪਹਿਲਾਂ ਜਮ੍ਹਾਂ ਕਰਵਾਉਣੀ ਹੋਵੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ 2026 ਨੂੰ ਨਿਰਧਾਰਤ ਕੀਤੀ ਗਈ ਹੈ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


