ਬਹਿਬਲ ਕਲਾਂ ਮਾਮਲੇ ‘ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਨੇ ਦਿੱਕਤਾਂ, ਸਾਬਕਾ ਜਥੇਦਾਰ ਨੇ SIT ਅੱਗੇ ਦਿੱਤਾ ਬਿਆਨ
ਇਸ ਗੋਲੀਬਾਰੀ ਦੌਰਾਨ ਦੋ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਸੀ, ਜਦਕਿ ਕਈ ਹੋਰ ਜ਼ਖਮੀ ਹੋਏ ਸਨ।

ਚੰਡੀਗੜ੍ਹ
ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਲਈ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਹੈ। ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਸਵੀਕਾਰ ਕੀਤੀ ਸੀ।
ਗਿਆਨੀ ਰਘਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਇਸ ਕਬੂਲਨਾਮੇ ਦੀ ਵੀਡੀਓ ਰਿਕਾਰਡਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਮੌਜੂਦ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇੱਕ ਸਾਜ਼ਿਸ਼ ਤਹਿਤ ਨਿਹੱਥੇ ਅਤੇ ਬੇਕਸੂਰ ਲੋਕਾਂ ‘ਤੇ ਗੋਲੀਆਂ ਚਲਵਾਈਆਂ ਗਈਆਂ ਸਨ ਅਤੇ ਇਸ ਲਈ ਸੁਖਬੀਰ ਬਾਦਲ ਜ਼ਿੰਮੇਵਾਰ ਸਨ।
ਬਹਿਬਲ ਕਲਾਂ ਗੋਲੀਕਾਂਡ
ਅਕਤੂਬਰ 2015 ਵਿੱਚ ਫਰੀਦਕੋਟ ਦੇ ਬਹਿਬਲ ਕਲਾਂ ਵਿਖੇ ਪੁਲਿਸ ਵੱਲੋਂ ਗੋਲੀਬਾਰੀ ਕੀਤੀ ਗਈ ਸੀ। ਇਹ ਘਟਨਾ ਉਸ ਵੇਲੇ ਵਾਪਰੀ ਸੀ ਜਦੋਂ ਲੋਕ ਬਹਿਬਲ ਕਲਾਂ, ਕੋਟਕਪੂਰਾ ਅਤੇ ਹੋਰ ਇਲਾਕਿਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ। ਇਸ ਗੋਲੀਬਾਰੀ ਦੌਰਾਨ ਦੋ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਸੀ, ਜਦਕਿ ਕਈ ਹੋਰ ਜ਼ਖਮੀ ਹੋਏ ਸਨ।
ਉਸ ਸਮੇਂ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ ਅਤੇ ਉਨ੍ਹਾਂ ਕੋਲ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਵੀ ਸੀ। ਕਿਉਂਕਿ ਪੁਲਿਸ ਪ੍ਰਸ਼ਾਸਨ ਗ੍ਰਹਿ ਵਿਭਾਗ ਦੇ ਅਧੀਨ ਆਉਂਦਾ ਹੈ, ਇਸ ਲਈ ਵਿਰੋਧੀ ਧਿਰਾਂ, ਪੀੜਤ ਪਰਿਵਾਰਾਂ ਅਤੇ ਕੁਝ ਸਿੱਖ ਜਥੇਬੰਦੀਆਂ ਨੇ ਦੋਸ਼ ਲਗਾਇਆ ਕਿ ਇਸ ਗੋਲੀਬਾਰੀ ਲਈ ਤਤਕਾਲੀ ਸਰਕਾਰ ਅਤੇ ਇਸ ਦੀ ਲੀਡਰਸ਼ਿਪ ਜ਼ਿੰਮੇਵਾਰ ਸੀ। ਇਸੇ ਸਿਲਸਿਲੇ ਵਿੱਚ SIT ਵੱਲੋਂ ਕਈ ਵਾਰ ਸੁਖਬੀਰ ਬਾਦਲ ਤੋਂ ਪੁੱਛਗਿੱਛ ਵੀ ਕੀਤੀ ਜਾ ਚੁੱਕੀ ਹੈ।
ਇਸ ਮਾਮਲੇ ਨਾਲ ਜੁੜੀਆਂ ਕਾਨੂੰਨੀ ਕਾਰਵਾਈਆਂ ਅਜੇ ਵੀ ਅਦਾਲਤਾਂ ਵਿੱਚ ਜਾਰੀ ਹਨ। ਸਾਲ 2024 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਹੋਰ ਆਗੂਆਂ ਨੂੰ ਉਨ੍ਹਾਂ ਦੇ ਕਾਰਜਕਾਲ ਦੌਰਾਨ ਵਾਪਰੀਆਂ ਵਿਵਾਦਿਤ ਅਤੇ ਬੇਅਦਬੀ ਨਾਲ ਜੁੜੀਆਂ ਘਟਨਾਵਾਂ ਸਬੰਧੀ ਤਲਬ ਕੀਤਾ ਸੀ। ਇਸ ਮੌਕੇ ਸੁਖਬੀਰ ਬਾਦਲ ਪੇਸ਼ ਹੋਏ ਸਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ। ਉਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਗਿਆਨੀ ਰਘਬੀਰ ਸਿੰਘ ਸੇਵਾ ਨਿਭਾ ਰਹੇ ਸਨ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


