ਨੌਜਵਾਨ ਨਾਲ ਅਣਮਨੁੱਖੀ ਸਲੂਕ, ਚੋਰੀ ਦੇ ਸ਼ੱਕ ‘ਚ ਵਾਲ ਕੱਟ ਕੇ ‘ਮੈਂ ਚੋਰ ਹਾਂ’ ਦਾ ਪੋਸਟਰ ਪਾ ਖੰਭੇ ਨਾਲ ਬੰਨ੍ਹਿਆ; ਕੇਸ ਦਰਜ
ਇਸ ਸਾਰੀ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ।

ਲੁਧਿਆਣਾ
ਲੁਧਿਆਣਾ ਦੇ ਜੋਧੇਵਾਲ ਇਲਾਕੇ ਤੋਂ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਅਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕੁਝ ਨੌਜਵਾਨਾਂ ਨੇ ਚੋਰੀ ਦੇ ਸ਼ੱਕ ਵਿੱਚ ਇੱਕ ਨੌਜਵਾਨ ਨੂੰ ਬੰਧਕ ਬਣਾ ਕੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਬੇਇੱਜ਼ਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਸਾਰੀ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਜੋਧੇਵਾਲ ਇਲਾਕੇ ਵਿੱਚ ਕੁਝ ਨੌਜਵਾਨਾਂ ਨੇ ਇੱਕ ਵਿਅਕਤੀ ‘ਤੇ ਚੋਰੀ ਕਰਨ ਦਾ ਸ਼ੱਕ ਜਤਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਕਾਨੂੰਨ ਆਪਣੇ ਹੱਥ ਵਿੱਚ ਲੈਂਦੇ ਹੋਏ ਉਸ ਨੂੰ ਬੰਧਕ ਬਣਾ ਲਿਆ ਅਤੇ ਉਸ ਦੇ ਵਾਲ ਕੱਟ ਦਿੱਤੇ। ਇੰਨਾ ਹੀ ਨਹੀਂ, ਉਸ ਦੇ ਗਲ ਵਿੱਚ ‘ਮੈਂ ਚੋਰ ਹਾਂ’ ਲਿਖਿਆ ਹੋਇਆ ਇੱਕ ਪੋਸਟਰ ਵੀ ਪਾ ਦਿੱਤਾ ਗਿਆ ਅਤੇ ਉਸ ਨੂੰ ਬਾਜ਼ਾਰ ਵਿੱਚ ਘੁਮਾਇਆ ਗਿਆ। ਇਸ ਤੋਂ ਬਾਅਦ ਨੌਜਵਾਨ ਨੂੰ ਇੱਕ ਬੈਂਕ ਨੇੜੇ ਲੱਗੇ ਬਿਜਲੀ ਦੇ ਖੰਭੇ ਨਾਲ ਬੰਨ੍ਹ ਦਿੱਤਾ ਗਿਆ।
ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਅਤੇ ਪੁਲਿਸ ਨੂੰ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ। ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਕਾਨੂੰਨ ਨੂੰ ਹੱਥ ਵਿੱਚ ਲੈਣ, ਇੱਕ ਨੌਜਵਾਨ ਨੂੰ ਬੰਧਕ ਬਣਾਉਣ ਅਤੇ ਉਸ ਨਾਲ ਅਣਮਨੁੱਖੀ ਵਿਵਹਾਰ ਕਰਨ ਦੇ ਦੋਸ਼ ਹੇਠ ਪੁਲਿਸ ਨੇ ਸਬੰਧਤ ਵਿਅਕਤੀਆਂ ਖ਼ਿਲਾਫ਼ ਐਫਆਈਆਰ (FIR) ਦਰਜ ਕਰ ਲਈ ਹੈ। ਪੁਲਿਸ ਵੱਲੋਂ ਵਾਇਰਲ ਵੀਡੀਓ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
–(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


