Saturday, June 27, 2026
Google search engine
Homeਤਾਜ਼ਾ ਖਬਰਪੰਜਾਬ ‘ਚ 1 ਜੁਲਾਈ ਤੋਂ VB-G RAM G ਯੋਜਨਾ ਲਾਗੂ, ਜਿਸ ਸਕੀਮ...

ਪੰਜਾਬ ‘ਚ 1 ਜੁਲਾਈ ਤੋਂ VB-G RAM G ਯੋਜਨਾ ਲਾਗੂ, ਜਿਸ ਸਕੀਮ ਦਾ ਪਹਿਲਾਂ ਕੀਤਾ ਸੀ ਵਿਰੋਧ ਹੁਣ ਉਸੇ ਨੂੰ ਦਿੱਤੀ ਮਨਜ਼ੂਰੀ

ਧਿਆਨਯੋਗ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਸਰਕਾਰ ਨੇ ਵਿਧਾਨ ਸਭਾ ਵਿੱਚ ਇਸ ਕਾਨੂੰਨ ਦਾ ਵਿਰੋਧ ਕਰਦਿਆਂ ਮਤਾ ਵੀ ਪਾਸ ਕੀਤਾ ਸੀ।

ਚੰਡੀਗੜ੍ਹ
ਪੰਜਾਬ ਸਰਕਾਰ ਨੇ VB-G RAM G (Viksit Bharat Guarantee for Rozgar and Ajeevika Mission) ਯੋਜਨਾ ਨੂੰ ਸੂਬੇ ਵਿੱਚ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਸਰਕਾਰ ਦੇ ਹੁਕਮਾਂ ਅਨੁਸਾਰ ਇਹ ਸਕੀਮ 1 ਜੁਲਾਈ ਤੋਂ ਪ੍ਰਭਾਵੀ ਹੋ ਜਾਵੇਗੀ। ਧਿਆਨਯੋਗ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਸਰਕਾਰ ਨੇ ਵਿਧਾਨ ਸਭਾ ਵਿੱਚ ਇਸ ਕਾਨੂੰਨ ਦਾ ਵਿਰੋਧ ਕਰਦਿਆਂ ਮਤਾ ਵੀ ਪਾਸ ਕੀਤਾ ਸੀ।

ਇਸ ਨਵੀਂ ਯੋਜਨਾ ਤਹਿਤ ਪੇਂਡੂ ਖੇਤਰਾਂ ਦੇ ਯੋਗ ਪਰਿਵਾਰਾਂ ਨੂੰ ਹਰ ਵਿੱਤੀ ਸਾਲ ਵਿੱਚ 125 ਦਿਨਾਂ ਦੇ ਰੁਜ਼ਗਾਰ ਦੀ ਗਾਰੰਟੀ ਦਿੱਤੀ ਜਾਵੇਗੀ। ਇਹ ਸਕੀਮ “ਵਿਕਸਤ ਭਾਰਤ @2047” ਦੇ ਟੀਚੇ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਗਈ ਹੈ, ਜਿਸ ਦਾ ਮਕਸਦ ਪੇਂਡੂ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨਾ ਹੈ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪਹਿਲਾਂ ਲਾਗੂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (MGNREGA) ਨੂੰ ਖਤਮ ਕਰਕੇ ਉਸ ਦੀ ਥਾਂ ਵਿਕਸਤ ਭਾਰਤ–ਰੁਜ਼ਗਾਰ ਅਤੇ ਆਜੀਵਿਕਾ ਗਰੰਟੀ ਮਿਸ਼ਨ (VB-G RAM G) ਐਕਟ ਲਾਗੂ ਕੀਤਾ ਸੀ। ਇਹ ਬਿੱਲ ਪਿਛਲੇ ਸਾਲ ਦਸੰਬਰ ਵਿੱਚ ਸੰਸਦ ਤੋਂ ਪਾਸ ਹੋਣ ਮਗਰੋਂ ਰਾਸ਼ਟਰਪਤੀ ਦੀ ਮਨਜ਼ੂਰੀ ਨਾਲ ਕਾਨੂੰਨ ਬਣ ਗਿਆ ਸੀ।

ਸਾਲ 2005 ਵਿੱਚ ਕਾਂਗਰਸ ਦੀ ਅਗਵਾਈ ਵਾਲੀ UPA ਸਰਕਾਰ ਨੇ ਮਨਰੇਗਾ ਸਕੀਮ ਸ਼ੁਰੂ ਕੀਤੀ ਸੀ, ਜਿਸ ਤਹਿਤ ਹਰ ਪੇਂਡੂ ਪਰਿਵਾਰ ਨੂੰ ਸਾਲਾਨਾ 100 ਦਿਨਾਂ ਦੇ ਰੁਜ਼ਗਾਰ ਦੀ ਗਾਰੰਟੀ ਮਿਲਦੀ ਸੀ। ਹੁਣ ਨਵੇਂ ਕਾਨੂੰਨ ਦੇ ਲਾਗੂ ਹੋਣ ਨਾਲ ਇਹ ਮਿਆਦ ਵਧਾ ਕੇ 125 ਦਿਨ ਕਰ ਦਿੱਤੀ ਗਈ ਹੈ।

ਪਹਿਲਾਂ ਪੰਜਾਬ ਸਮੇਤ ਪੰਜ ਰਾਜਾਂ ਨੇ ਕੀਤਾ ਸੀ ਵਿਰੋਧ
ਕਰਨਾਟਕ, ਕੇਰਲ, ਪੰਜਾਬ, ਤੇਲੰਗਾਨਾ ਅਤੇ ਝਾਰਖੰਡ ਵਰਗੇ ਵਿਰੋਧੀ ਧਿਰ ਦੇ ਸ਼ਾਸਨ ਵਾਲੇ ਰਾਜਾਂ ਨੇ VB-G RAM G ਐਕਟ ਦੇ ਖਿਲਾਫ਼ ਮਤੇ ਪਾਸ ਕਰਕੇ ਮਨਰੇਗਾ ਸਕੀਮ ਨੂੰ ਬਹਾਲ ਕਰਨ ਦੀ ਮੰਗ ਕੀਤੀ ਸੀ। ਪੰਜਾਬ ਸਰਕਾਰ ਨੇ ਉਸ ਵੇਲੇ ਦਲੀਲ ਦਿੱਤੀ ਸੀ ਕਿ ਨਵਾਂ ਕਾਨੂੰਨ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ, ਅਨੁਸੂਚਿਤ ਜਾਤੀ ਭਾਈਚਾਰਿਆਂ ਅਤੇ ਮਨਰੇਗਾ ‘ਤੇ ਨਿਰਭਰ ਪੇਂਡੂ ਮਜ਼ਦੂਰਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

ਕੇਂਦਰ ਦਾ ਦਾਅਵਾ—ਪੇਂਡੂ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ
ਕੇਂਦਰੀ ਗ੍ਰਾਮੀਣ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ VB-G RAM G ਯੋਜਨਾ ਪੇਂਡੂ ਮਜ਼ਦੂਰਾਂ ਦੀ ਜ਼ਿੰਦਗੀ ਵਿੱਚ ਨਵਾਂ ਬਦਲਾਅ ਲਿਆਏਗੀ। ਉਨ੍ਹਾਂ ਦੱਸਿਆ ਕਿ ਇਸ ਤਹਿਤ ਜਲ ਸੰਭਾਲ, ਪੇਂਡੂ ਬੁਨਿਆਦੀ ਢਾਂਚੇ ਦਾ ਵਿਕਾਸ, ਸੜਕਾਂ, ਪੁਲਾਂ, ਪੁਲੀਆਂ, ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੇ ਨਿਰਮਾਣ ਵਰਗੇ ਕੰਮਾਂ ਨੂੰ ਵਧਾਵਾ ਮਿਲੇਗਾ। ਕੇਂਦਰ ਸਰਕਾਰ ਨੇ ਵਿੱਤੀ ਸਾਲ 2026-27 ਲਈ ਇਸ ਯੋਜਨਾ ਵਾਸਤੇ 95,600 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਹੈ।

1 ਜੁਲਾਈ ਤੋਂ ਸ਼ੁਰੂ ਹੋਵੇਗੀ ਨਵੀਂ ਵਿਵਸਥਾ
ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ 1 ਜੁਲਾਈ ਤੋਂ ਲਾਗੂ ਹੋ ਰਹੀ VB-G RAM G ਯੋਜਨਾ ਨੂੰ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਮਜ਼ਦੂਰ ਨੂੰ ਇੱਕ ਦਿਨ ਲਈ ਵੀ ਕੰਮ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਨਾ ਹੀ ਰੁਜ਼ਗਾਰ, ਮਜ਼ਦੂਰੀ ਭੁਗਤਾਨ ਜਾਂ ਕਾਨੂੰਨੀ ਹੱਕਾਂ ਵਿੱਚ ਕੋਈ ਰੁਕਾਵਟ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਮਨਰੇਗਾ ਤਹਿਤ ਪਹਿਲਾਂ ਹੀ 30 ਹਜ਼ਾਰ ਕਰੋੜ ਰੁਪਏ ਜਾਰੀ ਕਰ ਚੁੱਕੀ ਹੈ। ਨਵੀਂ ਰਾਸ਼ੀ ਸ਼ਾਮਲ ਹੋਣ ਨਾਲ ਇਸ ਯੋਜਨਾ ਲਈ ਕੁੱਲ ਫੰਡਿੰਗ 1.25 ਲੱਖ ਕਰੋੜ ਰੁਪਏ ਤੋਂ ਵੱਧ ਹੋ ਗਈ ਹੈ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments