ਪੰਜਾਬ ’ਚ ਗਰਮੀ ਦਾ ਜ਼ੋਰ ਬਰਕਰਾਰ, ਤਾਪਮਾਨ 41 ਡਿਗਰੀ ਤੱਕ ਪੁੱਜਿਆ; ਜਾਣੋ ਕਿਹੜੇ ਜ਼ਿਲ੍ਹਿਆਂ ਵਿੱਚ ਬਣੇ ਮੀਂਹ ਦੇ ਆਸਾਰ
ਬੀਤੇ ਦਿਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਮੁੜ 41 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ। ਪਟਿਆਲਾ ਸਭ ਤੋਂ ਗਰਮ ਰਿਹਾ, ਜਿੱਥੇ ਪਾਰਾ 41 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਚੰਡੀਗੜ੍ਹ
ਪੱਛਮੀ ਗੜਬੜੀ ਸਰਗਰਮ ਹੋਣ ਦੇ ਬਾਵਜੂਦ ਪੰਜਾਬ ਵਿੱਚ ਗਰਮੀ ਦਾ ਪ੍ਰਕੋਪ ਘੱਟ ਨਹੀਂ ਹੋਇਆ। ਬੀਤੇ ਦਿਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਮੁੜ 41 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ। ਪਟਿਆਲਾ ਸਭ ਤੋਂ ਗਰਮ ਰਿਹਾ, ਜਿੱਥੇ ਪਾਰਾ 41 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ ਦੌਰਾਨ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼, ਗਰਜ-ਚਮਕ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ ਸੂਬੇ ਦੇ ਜ਼ਿਆਦਾਤਰ ਮੈਦਾਨੀ ਇਲਾਕਿਆਂ ਵਿੱਚ ਮੌਸਮ ਮੁੱਖ ਤੌਰ ’ਤੇ ਖੁਸ਼ਕ ਬਣਿਆ ਰਹੇਗਾ।
ਮੌਸਮ ਕੇਂਦਰ ਮੁਤਾਬਕ 27 ਜੂਨ, ਸ਼ਨੀਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਗਰਜ ਨਾਲ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਗੁਰਦਾਸਪੁਰ ਦੇ ਕੁਝ ਹਿੱਸਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਵਾਚ ਸ਼੍ਰੇਣੀ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਅਗਲੇ ਦਿਨਾਂ ਲਈ ਕੋਈ ਖਾਸ ਚੇਤਾਵਨੀ ਨਹੀਂ
ਮੌਸਮ ਵਿਭਾਗ ਨੇ ਦੱਸਿਆ ਕਿ 28 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੁਹਾਲੀ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦਿਨ ਲਈ ਕੋਈ ਵਿਸ਼ੇਸ਼ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
ਇਸੇ ਤਰ੍ਹਾਂ 29 ਜੂਨ ਨੂੰ ਵੀ ਪੱਛਮੀ ਗੜਬੜੀ ਦਾ ਅਸਰ ਮੁੱਖ ਤੌਰ ’ਤੇ ਉੱਤਰ-ਪੂਰਬੀ ਪੰਜਾਬ ਤੱਕ ਹੀ ਸੀਮਤ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੁਹਾਲੀ ਅਤੇ ਰੂਪਨਗਰ ਵਿੱਚ ਖਿੰਡਵੇਂ ਮੀਂਹ ਦੇ ਆਸਾਰ ਹਨ, ਜਦਕਿ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਾ ਦੇ ਬਰਾਬਰ ਹੈ।
30 ਜੂਨ ਨੂੰ ਵੀ ਮੌਸਮ ਵਿੱਚ ਕੋਈ ਵੱਡਾ ਬਦਲਾਅ ਆਉਣ ਦੀ ਉਮੀਦ ਨਹੀਂ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੁਹਾਲੀ ਅਤੇ ਰੂਪਨਗਰ ਦੇ ਕੁਝ ਸਥਾਨਾਂ ’ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਜ਼ਿਲ੍ਹਿਆਂ ਲਈ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ, ਉੱਥੇ ਵੀ ਵਿਆਪਕ ਬਾਰਿਸ਼ ਨਹੀਂ ਹੋਵੇਗੀ। ਕੇਵਲ ਕੁਝ ਇਲਾਕਿਆਂ ਵਿੱਚ ਹੀ ਹਲਕੀ ਜਾਂ ਖਿੰਡ-ਪੁੰਡ ਬਾਰਿਸ਼ ਦਰਜ ਕੀਤੀ ਜਾ ਸਕਦੀ ਹੈ, ਜਦਕਿ ਜ਼ਿਆਦਾਤਰ ਥਾਵਾਂ ’ਤੇ ਮੌਸਮ ਖੁਸ਼ਕ ਹੀ ਬਣਿਆ ਰਹੇਗਾ।
–(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


