Saturday, June 27, 2026
Google search engine
Homeਤਾਜ਼ਾ ਖਬਰ1984 ਵਰਗੀਆਂ ਧਮਕੀਆਂ ਦੇਣ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਉੱਤਰਾਖੰਡ ਸਰਕਾਰ...

1984 ਵਰਗੀਆਂ ਧਮਕੀਆਂ ਦੇਣ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਉੱਤਰਾਖੰਡ ਸਰਕਾਰ : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਲੋਕਾਂ ਤੋਂ ਸੁਚੇਤ ਰਹਿਣ ਅਤੇ ਯਾਤਰਾ ਦੌਰਾਨ ਕਿਸੇ ਵੀ ਤਰ੍ਹਾਂ ਦੀ ਭੜਕਾਹਟ ਦਾ ਹਿੱਸਾ ਨਾ ਬਣਨ।

ਸ੍ਰੀ ਅਮ੍ਰਿਤਸਰ ਸਾਹਿਬ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉੱਤਰਾਖੰਡ ਦੇ ਆਸ਼ੀਸ਼ ਨੇਗੀ ਨਾਮਕ ਵਿਅਕਤੀ ਵੱਲੋਂ ਸਿੱਖ ਭਾਈਚਾਰੇ ਨੂੰ ਜੂਨ 1984 ਵਰਗੇ ਹਾਲਾਤ ਦੁਹਰਾਉਣ ਦੀ ਧਮਕੀ ਦੇਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉੱਤਰਾਖੰਡ ਸਰਕਾਰ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਲੋਕ ਦੇਸ਼ ਦੀ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰੇ ਲਈ ਖ਼ਤਰਾ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਸ਼ੀਸ਼ ਨੇਗੀ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਸਿੱਖ ਕੌਮ ਦੀਆਂ ਕੁਰਬਾਨੀਆਂ ਸਦਕਾ ਹੀ ਦੇਸ਼ ਅੱਜ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ, ਪਰ ਉਹ ਉਸੇ ਕੌਮ ਨੂੰ ਖੁੱਲ੍ਹੀਆਂ ਧਮਕੀਆਂ ਦੇ ਰਿਹਾ ਹੈ, ਜਿਸ ਦੇ ਨਤੀਜੇ ਗੰਭੀਰ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਨੇਗੀ ਦੇ ਬਿਆਨ ਤੋਂ ਸਾਫ਼ ਹੁੰਦਾ ਹੈ ਕਿ ਕੁਝ ਲੋਕਾਂ ਦੇ ਮਨਾਂ ਵਿੱਚ ਸਿੱਖਾਂ ਪ੍ਰਤੀ ਨਫ਼ਰਤ ਅਜੇ ਵੀ ਡੂੰਘੀ ਜੜ੍ਹਾਂ ਰੱਖਦੀ ਹੈ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਲੋਕਾਂ ਤੋਂ ਸੁਚੇਤ ਰਹਿਣ ਅਤੇ ਯਾਤਰਾ ਦੌਰਾਨ ਕਿਸੇ ਵੀ ਤਰ੍ਹਾਂ ਦੀ ਭੜਕਾਹਟ ਦਾ ਹਿੱਸਾ ਨਾ ਬਣਨ।

ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉੱਤਰਾਖੰਡ ਸਰਕਾਰ ਨੂੰ ਕਿਹਾ ਕਿ ਸਿੱਖਾਂ ਪ੍ਰਤੀ ਨਫ਼ਰਤ ਫੈਲਾਉਣ ਵਾਲੇ ਅਜਿਹੇ ਅਨਸਰਾਂ ਨੂੰ ਤੁਰੰਤ ਕਾਬੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉੱਤਰਾਖੰਡ ਵਿੱਚ ਕੁਝ ਲੋਕ ਵਾਰ-ਵਾਰ ਸਿੱਖਾਂ ਦੇ ਕਕਾਰਾਂ ਅਤੇ ਧਾਰਮਿਕ ਪਹਿਚਾਣ ਨੂੰ ਨਿਸ਼ਾਨਾ ਬਣਾ ਰਹੇ ਹਨ, ਜਿਸ ਨੂੰ ਹਰ ਹਾਲਤ ਵਿੱਚ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਸਿੱਖ ਅਤੇ ਪੰਜਾਬੀ ਉੱਤਰਾਖੰਡ ਦੀ ਯਾਤਰਾ ‘ਤੇ ਜਾਂਦੇ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਦੋਸ਼ੀਆਂ ਦੀ ਪਛਾਣ ਕਰਕੇ ਕੀਤੀ ਜਾਵੇ ਸਖ਼ਤ ਕਾਰਵਾਈ
ਉਨ੍ਹਾਂ ਕਿਹਾ ਕਿ ਇਹ ਬੇਹੱਦ ਚਿੰਤਾਜਨਕ ਗੱਲ ਹੈ ਕਿ ਪਹਿਲਾਂ ਕੁਝ ਸਥਾਨਕ ਲੋਕਾਂ ਨੇ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਕਕਾਰਾਂ ਅਤੇ ਧਾਰਮਿਕ ਬਾਣੇ ਦੇ ਆਧਾਰ ‘ਤੇ ਨਿਸ਼ਾਨਾ ਬਣਾਇਆ ਅਤੇ ਬਾਅਦ ਵਿੱਚ ਇਸ ਮਾਮਲੇ ਨੂੰ ਦੋ ਭਾਈਚਾਰਿਆਂ ਵਿਚਕਾਰ ਫਿਰਕੂ ਰੰਗ ਦੇਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਉੱਤਰਾਖੰਡ ਸਰਕਾਰ ਨੂੰ ਅਜਿਹੇ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਜੇਕਰ ਸਮੇਂ ਸਿਰ ਇਹ ਰੁਝਾਨ ਨਾ ਰੋਕਿਆ ਗਿਆ ਤਾਂ ਸਿੱਖ ਭਾਈਚਾਰੇ ਨੂੰ ਉੱਤਰਾਖੰਡ ਯਾਤਰਾ ਸਬੰਧੀ ਸਖ਼ਤ ਫ਼ੈਸਲੇ ਲੈਣ ਲਈ ਮਜਬੂਰ ਹੋਣਾ ਪੈ ਸਕਦਾ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸ਼ੀਸ਼ ਨੇਗੀ ਵੱਲੋਂ ਦਿੱਤੀਆਂ ਧਮਕੀਆਂ ਅਤੇ ਸਿੱਖ ਵਿਰੋਧੀ ਟਿੱਪਣੀਆਂ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਦਾਇਤ ਕੀਤੀ ਕਿ ਅੰਮ੍ਰਿਤਸਰ ਵਿੱਚ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹਾ ਵਿਅਕਤੀ ਇਸ ਤਰ੍ਹਾਂ ਦੀ ਹਰਕਤ ਕਰਨ ਤੋਂ ਪਹਿਲਾਂ ਕਾਨੂੰਨ ਦਾ ਡਰ ਮਹਿਸੂਸ ਕਰੇ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments