ਪੰਜਾਬ ਵਿੱਚ ਬਿਜਲੀ ਦੀ ਮੰਗ ਨੇ ਬਣਾਇਆ ਨਵਾਂ ਰਿਕਾਰਡ, 17 ਹਜ਼ਾਰ ਮੈਗਾਵਾਟ ਤੋਂ ਪਾਰ; ਮੌਨਸੂਨ ਤੋਂ ਵੱਡੀਆਂ ਉਮੀਦਾਂ
ਇਸ ਵਾਰ ਦੇ ਅੰਕੜੇ ਸਾਫ਼ ਦਰਸਾਉਂਦੇ ਹਨ ਕਿ ਪੰਜਾਬ ਵਿੱਚ ਬਿਜਲੀ ਦੀ ਲੋੜ ਪਿਛਲੇ ਸਾਲਾਂ ਦੇ ਮੁਕਾਬਲੇ ਕਾਫ਼ੀ ਵੱਧ ਗਈ ਹੈ।

ਚੰਡੀਗੜ੍ਹ
ਪੰਜਾਬ ਵਿੱਚ ਝੋਨੇ ਦੀ ਲੁਆਈ ਦਾ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ, ਜਿਸ ਕਾਰਨ ਸੂਬੇ ਵਿੱਚ ਬਿਜਲੀ ਦੀ ਖਪਤ ਲਗਾਤਾਰ ਵਧ ਰਹੀ ਹੈ। ਬੀਤੇ ਦਿਨ ਬਿਜਲੀ ਦੀ ਮੰਗ ਰਿਕਾਰਡ 17,147 ਮੈਗਾਵਾਟ ਤੱਕ ਪਹੁੰਚ ਗਈ। ਅਧਿਕਾਰਕ ਜਾਣਕਾਰੀ ਅਨੁਸਾਰ, ਪੰਜਾਬ ਆਪਣੇ ਸਰੋਤਾਂ ਤੋਂ ਸਿਰਫ਼ 5,788 ਮੈਗਾਵਾਟ ਬਿਜਲੀ ਪੈਦਾ ਕਰ ਰਿਹਾ ਹੈ, ਜਦਕਿ ਬਾਕੀ 11,359 ਮੈਗਾਵਾਟ ਬਿਜਲੀ ਬਾਹਰੀ ਸਰੋਤਾਂ ਤੋਂ ਲਈ ਜਾ ਰਹੀ ਹੈ। ਇਸ ਵਿੱਚੋਂ 10,594 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਮਿਲ ਰਹੀ ਹੈ।
ਜੇ ਪਿਛਲੇ ਸਾਲਾਂ ਨਾਲ ਤੁਲਨਾ ਕੀਤੀ ਜਾਵੇ ਤਾਂ 29 ਜੂਨ 2025 ਨੂੰ ਸੂਬੇ ਵਿੱਚ ਬਿਜਲੀ ਦੀ ਮੰਗ 15,421 ਮੈਗਾਵਾਟ ਸੀ, ਜਦਕਿ 29 ਜੂਨ 2024 ਨੂੰ ਇਹ ਅੰਕੜਾ 16,083 ਮੈਗਾਵਾਟ ਰਿਹਾ ਸੀ। ਇਸ ਵਾਰ ਦੇ ਅੰਕੜੇ ਸਾਫ਼ ਦਰਸਾਉਂਦੇ ਹਨ ਕਿ ਪੰਜਾਬ ਵਿੱਚ ਬਿਜਲੀ ਦੀ ਲੋੜ ਪਿਛਲੇ ਸਾਲਾਂ ਦੇ ਮੁਕਾਬਲੇ ਕਾਫ਼ੀ ਵੱਧ ਗਈ ਹੈ।
ਗਰਮੀ ਅਤੇ ਝੋਨੇ ਦੀ ਲੁਆਈ ਕਾਰਨ ਵਧੀ ਖਪਤ
ਤਿੱਖੀ ਗਰਮੀ ਅਤੇ ਝੋਨੇ ਦੇ ਸੀਜ਼ਨ ਨੇ ਬਿਜਲੀ ਦੀ ਮੰਗ ਨੂੰ ਕਾਫ਼ੀ ਵਧਾ ਦਿੱਤਾ ਹੈ। ਖੇਤਾਂ ਵਿੱਚ ਕੱਦੂ ਕਰਨ ਅਤੇ ਝੋਨੇ ਦੀ ਲੁਆਈ ਲਈ ਕਿਸਾਨ ਵੱਡੇ ਪੱਧਰ ‘ਤੇ ਟਿਊਬਵੈੱਲ ਚਲਾ ਰਹੇ ਹਨ, ਜਿਸ ਨਾਲ ਬਿਜਲੀ ਦੀ ਖਪਤ ਵਿੱਚ ਤੇਜ਼ੀ ਆਈ ਹੈ। ਇਸ ਦੌਰਾਨ ਕਈ ਥਾਵਾਂ ‘ਤੇ ਕਿਸਾਨਾਂ ਨੂੰ ਬਿਜਲੀ ਕੱਟਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਗਰਮੀ ਤੋਂ ਬਚਣ ਲਈ ਘਰਾਂ ਵਿੱਚ ਏਅਰ ਕੰਡੀਸ਼ਨਰ, ਕੂਲਰ, ਫਰਿੱਜ ਅਤੇ ਪੱਖਿਆਂ ਦੀ ਵਰਤੋਂ ਵਧ ਗਈ ਹੈ, ਜਦਕਿ ਉਦਯੋਗਿਕ ਖੇਤਰ ਵਿੱਚ ਵੀ ਬਿਜਲੀ ਦੀ ਮੰਗ ਵਿੱਚ ਇਜ਼ਾਫ਼ਾ ਹੋਇਆ ਹੈ।
ਪਾਵਰ ਵਿਭਾਗ ਦੀ ਨਜ਼ਰ ਹੁਣ ਮੌਸਮ ਦੀਆਂ ਸਥਿਤੀਆਂ ‘ਤੇ ਟਿਕੀ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਜੇ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੁੰਦੀ ਹੈ ਤਾਂ ਬਿਜਲੀ ਦੀ ਮੰਗ ਵਿੱਚ ਕੁਝ ਕਮੀ ਆ ਸਕਦੀ ਹੈ। ਝੋਨੇ ਦੀ ਫ਼ਸਲ ਲਈ ਵੀ ਕਿਸਾਨ ਮੌਨਸੂਨ ਦੀ ਉਡੀਕ ਕਰ ਰਹੇ ਹਨ, ਕਿਉਂਕਿ ਭਰਪੂਰ ਮੀਂਹ ਨਾਲ ਸਿੰਚਾਈ ਦਾ ਬੋਝ ਘੱਟ ਹੋ ਸਕਦਾ ਹੈ।
ਜੁਲਾਈ ਦੇ ਪਹਿਲੇ ਹਫ਼ਤੇ ਮੌਨਸੂਨ ਦੀ ਸੰਭਾਵਨਾ
ਇਸ ਵਾਰ ਮੌਨਸੂਨ ਆਪਣੇ ਆਮ ਸਮੇਂ ਨਾਲੋਂ ਕੁਝ ਦੇਰੀ ਨਾਲ ਅੱਗੇ ਵੱਧ ਰਿਹਾ ਹੈ। ਮੌਸਮ ਵਿਗਿਆਨੀਆਂ ਦਾ ਅਨੁਮਾਨ ਹੈ ਕਿ ਜੁਲਾਈ ਦੇ ਪਹਿਲੇ ਹਫ਼ਤੇ ਦੌਰਾਨ ਮੌਨਸੂਨ ਪੰਜਾਬ ਵਿੱਚ ਦਸਤਕ ਦੇ ਸਕਦਾ ਹੈ। ਇਸ ਤੋਂ ਪਹਿਲਾਂ ਪ੍ਰੀ-ਮੌਨਸੂਨ ਸਰਗਰਮੀਆਂ ਦੇਖਣ ਨੂੰ ਮਿਲਣਗੀਆਂ। ਮੌਸਮ ਵਿਭਾਗ ਨੇ 1 ਤੋਂ 3 ਜੁਲਾਈ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਈ ਹਿੱਸਿਆਂ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


