Friday, July 3, 2026
Google search engine
Homeਰਾਜਨੀਤੀਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਕਿਹਾ- 'ਇੰਨੀਆਂ...

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਕਿਹਾ- ‘ਇੰਨੀਆਂ ਮੀਟਿੰਗਾਂ ਤੋਂ ਬਾਅਦ ਅਜਿਹੇ ਹਾਲਾਤ ਨਹੀਂ ਬਣਨੇ ਚਾਹੀਦੇ ਸਨ’

ਇਸ ਮੁਲਾਕਾਤ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ, ਖ਼ਾਸ ਕਰਕੇ ਉਸ ਵੇਲੇ ਜਦੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਆਪਣੇ ਸਮਰਥਕਾਂ ਦੀ ਅਹਿਮ ਮੀਟਿੰਗ ਸੱਦੀ ਹੋਈ ਸੀ।

ਚੰਡੀਗੜ੍ਹ
ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚਤਾਣ ਦਰਮਿਆਨ ਸੀਨੀਅਰ ਕਾਂਗਰਸੀ ਆਗੂ ਅਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ, ਖ਼ਾਸ ਕਰਕੇ ਉਸ ਵੇਲੇ ਜਦੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਆਪਣੇ ਸਮਰਥਕਾਂ ਦੀ ਅਹਿਮ ਮੀਟਿੰਗ ਸੱਦੀ ਹੋਈ ਸੀ।

ਹਾਲਾਂਕਿ, ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਸਾਰੀਆਂ ਅਟਕਲਾਂ ਨੂੰ ਰੱਦ ਕਰਦਿਆਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਇਹ ਮੁਲਾਕਾਤ ਸਿਰਫ਼ ਸਰਹੱਦੀ ਖੇਤਰਾਂ ਨਾਲ ਜੁੜੇ ਮਸਲਿਆਂ ਅਤੇ ਪੰਜਾਬ ਦੀ ਸੁਰੱਖਿਆ ਬਾਰੇ ਸੀ। ਉਨ੍ਹਾਂ ਕਿਹਾ ਕਿ ਉਹ ਆਪਣੀ ਮੌਜੂਦਾ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾ ਰਹੇ ਹਨ ਅਤੇ ਇਸ ਅਹੁਦੇ ‘ਤੇ ਰਹਿੰਦੇ ਹੋਏ ਕਿਸੇ ਹੋਰ ਸਿਆਸੀ ਵਿਕਲਪ ਬਾਰੇ ਸੋਚਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਮੁਲਾਕਾਤ ਪਹਿਲਾਂ ਤੋਂ ਹੀ ਤੈਅ ਸੀ।

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਸਥਿਤੀ ਬਾਰੇ ਗੱਲ ਕਰਦਿਆਂ ਰੰਧਾਵਾ ਨੇ ਕਿਹਾ ਕਿ ਇੰਨੀਆਂ ਮੀਟਿੰਗਾਂ ਅਤੇ ਵਿਚਾਰ-ਵਟਾਂਦਰਿਆਂ ਤੋਂ ਬਾਅਦ ਅਜਿਹੇ ਹਾਲਾਤ ਨਹੀਂ ਬਣਨੇ ਚਾਹੀਦੇ ਸਨ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਅਜੇ ਹਾਲਾਤ ਇੰਨੇ ਗੰਭੀਰ ਨਹੀਂ ਹਨ ਕਿ ਕਿਸੇ ਹੋਰ ਪਾਰਟੀ ਵਿੱਚ ਜਾਣ ਬਾਰੇ ਸੋਚਿਆ ਜਾਵੇ।

ਚਰਨਜੀਤ ਸਿੰਘ ਚੰਨੀ ਵੱਲੋਂ ਸੱਦੀ ਗਈ ਮੀਟਿੰਗ ਬਾਰੇ ਪੁੱਛੇ ਜਾਣ ‘ਤੇ ਰੰਧਾਵਾ ਨੇ ਕਿਹਾ ਕਿ ਚੰਨੀ ਦੀ ਨਾਰਾਜ਼ਗੀ ਬਾਰੇ ਉਹੀ ਬਿਹਤਰ ਦੱਸ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਕੋਈ ਵੀ ਟਿੱਪਣੀ ਕਰਨਾ ਠੀਕ ਨਹੀਂ ਹੋਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਨਵੇਂ ਸੰਗਠਨਾਤਮਕ ਢਾਂਚੇ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ, ਜਦਕਿ ਚਰਨਜੀਤ ਸਿੰਘ ਚੰਨੀ ਨੂੰ ਕੈਂਪੇਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਸੇ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੋਰਿੰਡਾ ਸਥਿਤ ਨਿਵਾਸ ‘ਤੇ ਸਮਰਥਕਾਂ ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਵਿੱਚ ਕਾਂਗਰਸ ਦੇ ਕਈ ਸੰਸਦ ਮੈਂਬਰ, ਵਿਧਾਇਕ, ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਸ਼ਾਮਲ ਹੋਏ। ਮੀਟਿੰਗ ਵਿੱਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਓਪੀ ਸੋਨੀ, ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਸਿੰਘ ਕੋਟਲੀ, ਗੁਰਪ੍ਰੀਤ ਸਿੰਘ ਕਾਂਗੜ, ਨਾਜ਼ਰ ਸਿੰਘ ਮਾਨਸ਼ਾਹੀਆ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ, ਲਖਬੀਰ ਸਿੰਘ ਲੱਖਾ, ਤਰਸੇਮ ਡੀ.ਸੀ., ਦਰਸ਼ਨ ਬਰਾੜ, ਹਰਮਿੰਦਰ ਸਿੰਘ ਗਿੱਲ, ਮਦਨ ਲਾਲ ਜਲਾਲਪੁਰ, ਕਮਿੰਦਰ ਸਿੰਘ ਕੜਵਲਪੁਰ ਅਤੇ ਸਾਬਕਾ ਸੰਸਦ ਮੈਂਬਰ ਮੁਹੰਮਦ ਸਾਦਿਕ ਸਮੇਤ ਕਈ ਹੋਰ ਆਗੂ ਮੌਜੂਦ ਰਹੇ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments