‘ਸਤਲੁਜ’ ਫ਼ਿਲਮ ਨੂੰ ਪਿੰਡ-ਪਿੰਡ ਦਿਖਾਏਗਾ ਸ਼੍ਰੋਮਣੀ ਅਕਾਲੀ ਦਲ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ
ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਇਸ ਫ਼ਿਲਮ ਨੂੰ ਓਟੀਟੀ ਪਲੇਟਫਾਰਮ ਜ਼ੀ5 ਤੋਂ ਹਟਾਏ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ।

ਚੰਡੀਗੜ੍ਹ
ਪੰਜਾਬ ਵਿੱਚ ਇਨ੍ਹੀਂ ਦਿਨੀਂ ਦਿਲਜੀਤ ਦੁਸਾਂਝ ਦੀ ਫ਼ਿਲਮ ‘ਸਤਲੁਜ’ ਨੂੰ ਲੈ ਕੇ ਚਰਚਾ ਲਗਾਤਾਰ ਜਾਰੀ ਹੈ। ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਇਸ ਫ਼ਿਲਮ ਨੂੰ ਓਟੀਟੀ ਪਲੇਟਫਾਰਮ ਜ਼ੀ5 ਤੋਂ ਹਟਾਏ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹਿਲਾਂ ਹੀ ਫ਼ਿਲਮ ਨੂੰ ਓਟੀਟੀ ਤੋਂ ਹਟਾਏ ਜਾਣ ਦਾ ਵਿਰੋਧ ਕਰ ਰਹੇ ਹਨ। ਹੁਣ ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ‘ਸਤਲੁਜ’ ਨੂੰ ਪੰਜਾਬ ਦੇ ਪਿੰਡ-ਪਿੰਡ ਅਤੇ ਹਰ ਕੋਨੇ ਵਿੱਚ ਲੋਕਾਂ ਨੂੰ ਦਿਖਾਇਆ ਜਾਵੇਗਾ।
ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਕੀਤੀ ਪੋਸਟ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਅਤੇ ਹਜ਼ਾਰਾਂ ਬੇਕਸੂਰ ਸਿੱਖ ਨੌਜਵਾਨਾਂ ਤੇ ਹੋਰ ਸਿੱਖ ਸ਼ਖ਼ਸੀਅਤਾਂ ‘ਤੇ ਕਾਂਗਰਸ ਸਰਕਾਰ ਦੇ ਸਮੇਂ ਹੋਏ ਕਥਿਤ ਤਸ਼ੱਦਦ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਦਰਸਾਉਣ ਵਾਲੀ ਫ਼ਿਲਮ ‘ਸਤਲੁਜ’ ਪੰਜਾਬ ਦੇ ਹਰ ਪਿੰਡ ਅਤੇ ਹਰ ਖੇਤਰ ਵਿੱਚ ਦਿਖਾਏਗਾ, ਤਾਂ ਜੋ ਨਵੀਂ ਪੀੜ੍ਹੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਸ ਦੌਰ ਬਾਰੇ ਜਾਣਕਾਰੀ ਮਿਲ ਸਕੇ।
ਉਨ੍ਹਾਂ ਕਿਹਾ ਕਿ ਇਹ ਫ਼ਿਲਮ ਉਸ ਦੌਰ ਦੀ ਕਹਾਣੀ ਪੇਸ਼ ਕਰਦੀ ਹੈ, ਜਿਸ ਵਿੱਚ ਕਾਂਗਰਸ ਸਰਕਾਰ ਦੇ ਸਮੇਂ ਸ੍ਰੀ ਹਰਿਮੰਦਰ ਸਾਹਿਬ ‘ਤੇ ਫ਼ੌਜੀ ਕਾਰਵਾਈ ਅਤੇ ਇਸ ਤੋਂ ਬਾਅਦ ਦਿੱਲੀ ਤੇ ਹੋਰ ਸ਼ਹਿਰਾਂ ਵਿੱਚ ਸਿੱਖਾਂ ਖ਼ਿਲਾਫ਼ ਹੋਈ ਹਿੰਸਾ ਵਰਗੀਆਂ ਘਟਨਾਵਾਂ ਨੂੰ ਦਰਸਾਇਆ ਗਿਆ ਹੈ।
ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਇਸ ਤੋਂ ਬਾਅਦ ਪੰਜਾਬ ਵਿੱਚ ਰੋਸ ਪ੍ਰਗਟ ਕਰਨ ਵਾਲੇ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਕਥਿਤ ਤੌਰ ‘ਤੇ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਉਸ ਇਤਿਹਾਸ ਨੂੰ ਲੋਕਾਂ ਤੱਕ ਪਹੁੰਚਣ ਤੋਂ ਵੀ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਸ਼੍ਰੋਮਣੀ ਅਕਾਲੀ ਦਲ ਅਜਿਹਾ ਨਹੀਂ ਹੋਣ ਦੇਵੇਗਾ।
ਜ਼ਿਕਰਯੋਗ ਹੈ ਕਿ ਇਸ ਫ਼ਿਲਮ ਦਾ ਪਹਿਲਾਂ ਨਾਮ ‘ਪੰਜਾਬ 95’ ਸੀ, ਜਿਸ ਨੂੰ ਬਦਲ ਕੇ ‘ਸਤਲੁਜ’ ਰੱਖਿਆ ਗਿਆ। ਫ਼ਿਲਮ 3 ਜੁਲਾਈ ਨੂੰ ਜ਼ੀ5 ‘ਤੇ ਰਿਲੀਜ਼ ਹੋਈ ਸੀ, ਪਰ ਦੋ ਦਿਨ ਬਾਅਦ 5 ਜੁਲਾਈ ਨੂੰ ਇਸ ਨੂੰ ਭਾਰਤ ਵਿੱਚ ਪਲੇਟਫਾਰਮ ਤੋਂ ਹਟਾ ਦਿੱਤਾ ਗਿਆ। ਇਸ ਤੋਂ ਬਾਅਦ ਫ਼ਿਲਮ ਨੂੰ ਲੈ ਕੇ ਲੋਕਾਂ ਵਿੱਚ ਦਿਲਚਸਪੀ ਅਤੇ ਚਰਚਾ ਹੋਰ ਵੀ ਵੱਧ ਗਈ ਹੈ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


