ਪਰਮੀਸ਼ ਵਰਮਾ ਹਮਲਾ ਤੇ ਫਿਰੌਤੀ ਮਾਮਲੇ ਵਿੱਚ ਅਦਾਲਤ ਸਖ਼ਤ, ਦੋ ਏਐਸਆਈ ਸਮੇਤ ਤਿੰਨ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ
ਅਦਾਲਤ ਨੇ ਆਪਣੇ ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ 18 ਜਨਵਰੀ 2024 ਨੂੰ ਹੀ ਦੋਸ਼ ਤੈਅ ਕੀਤੇ ਜਾ ਚੁੱਕੇ ਹਨ, ਪਰ ਇਸਤਗਾਸਾ ਪੱਖ ਨੂੰ ਕਈ ਮੌਕੇ ਮਿਲਣ ਦੇ ਬਾਵਜੂਦ ਅਜੇ ਤੱਕ ਸਬੂਤਾਂ ਦੀ ਪ੍ਰਕਿਰਿਆ ਪੂਰੀ ਨਹੀਂ ਕੀਤੀ ਗਈ।

ਐੱਸ.ਏ.ਐੱਸ. ਨਗਰ (ਮੋਹਾਲੀ)-
ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਤੋਂ ਫਿਰੌਤੀ ਮੰਗਣ ਅਤੇ ਉਨ੍ਹਾਂ ‘ਤੇ ਹੋਏ ਜਾਨਲੇਵਾ ਹਮਲੇ ਨਾਲ ਜੁੜੇ ਮਾਮਲੇ ਵਿੱਚ ਮੋਹਾਲੀ ਦੀ ਅਦਾਲਤ ਨੇ ਸਖ਼ਤ ਰੁਖ ਅਪਣਾਇਆ ਹੈ। ਕੇਸ ਦੀ ਸੁਣਵਾਈ ਦੌਰਾਨ ਵਾਰ-ਵਾਰ ਹੋ ਰਹੀ ਦੇਰੀ ਅਤੇ ਲਾਪਰਵਾਹੀ ‘ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਅਦਾਲਤ ਨੇ ਗਵਾਹੀ ਲਈ ਹਾਜ਼ਰ ਨਾ ਹੋਣ ਵਾਲੇ ਦੋ ਏਐਸਆਈ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਇਹ ਕਾਰਵਾਈ ਗੁਰਕੀਰਤ ਸਿੰਘ, ਏਐਸਆਈ ਸੁਖਪਾਲ ਸਿੰਘ ਅਤੇ ਏਐਸਆਈ ਜਸਪਾਲ ਸਿੰਘ ਦੇ ਵਿਰੁੱਧ ਕੀਤੀ ਗਈ ਹੈ।
ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਰੂਪਨਗਰ ਰੇਂਜ ਦੇ ਡੀਆਈਜੀ ਡਾ. ਨਾਨਕ ਸਿੰਘ ਨੂੰ ਵਿਸ਼ੇਸ਼ ਪੱਤਰ ਵੀ ਭੇਜਿਆ ਹੈ। ਇਸ ਪੱਤਰ ਰਾਹੀਂ ਹਦਾਇਤ ਕੀਤੀ ਗਈ ਹੈ ਕਿ ਕੇਸ ਨਾਲ ਸਬੰਧਤ ਸਾਰੇ ਮਹੱਤਵਪੂਰਨ ਗਵਾਹ ਅਤੇ ਸਬੂਤ ਨਿਰਧਾਰਤ ਸਮੇਂ ਅੰਦਰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਜੇਲ੍ਹ ਵਿੱਚ ਬੰਦ ਮੁੱਖ ਮੁਲਜ਼ਮ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ, ਸੁਖਪ੍ਰੀਤ ਬੁੱਢਾ, ਆਸ਼ੀਸ਼ ਅਤੇ ਹਰਜਿੰਦਰ ਸਿੰਘ ਨੂੰ 20 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕੀਤੇ ਗਏ ਹਨ।
ਅਦਾਲਤ ਨੇ ਆਪਣੇ ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ 18 ਜਨਵਰੀ 2024 ਨੂੰ ਹੀ ਦੋਸ਼ ਤੈਅ ਕੀਤੇ ਜਾ ਚੁੱਕੇ ਹਨ, ਪਰ ਇਸਤਗਾਸਾ ਪੱਖ ਨੂੰ ਕਈ ਮੌਕੇ ਮਿਲਣ ਦੇ ਬਾਵਜੂਦ ਅਜੇ ਤੱਕ ਸਬੂਤਾਂ ਦੀ ਪ੍ਰਕਿਰਿਆ ਪੂਰੀ ਨਹੀਂ ਕੀਤੀ ਗਈ। ਅਦਾਲਤ ਨੇ ਇਸ ਗੱਲ ‘ਤੇ ਨਾਰਾਜ਼ਗੀ ਜਤਾਉਂਦਿਆਂ ਹੁਣ ਇਸਤਗਾਸਾ ਪੱਖ ਨੂੰ ਸਬੂਤ ਪੇਸ਼ ਕਰਨ ਲਈ ਆਖ਼ਰੀ ਮੌਕਾ ਦਿੱਤਾ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਅਗਲੀ ਸੁਣਵਾਈ ਦੌਰਾਨ ਮਾਮਲੇ ਨੂੰ ਹੋਰ ਲੰਮਾ ਨਹੀਂ ਖਿੱਚਿਆ ਜਾਵੇਗਾ।
-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


