NEET-UG ਵਿਵਾਦ ‘ਤੇ ਦਿੱਲੀ ‘ਚ ਹੰਗਾਮਾ: ਦਿਲਜੀਤ ਦੁਸਾਂਝ ਨੇ ਵਿਦਿਆਰਥੀਆਂ ਦਾ ਕੀਤਾ ਸਮਰਥਨ, ਸਰਕਾਰ ਨੂੰ ਕੀਤੀ ਅਪੀਲ
ਪ੍ਰਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੋਈਆਂ ਝੜਪਾਂ ਤੋਂ ਬਾਅਦ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਹੋਈ ਬੈਠਕ ਵੀ ਬੇਨਤੀਜਾ ਰਹੀ। ਸੀ.ਜੇ.ਪੀ. ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਧਰਨਾ ਅਤੇ ਪ੍ਰਦਰਸ਼ਨ ਜਾਰੀ ਰਹੇਗਾ।

ਚੰਡੀਗੜ੍ਹ
ਨੀਟ-ਯੂਜੀ 2026 (NEET-UG) ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੀ ‘ਕੋਕਰੋਚ ਜਨਤਾ ਪਾਰਟੀ’ (CJP) ਦੇ ਸੰਸਦ ਮਾਰਚ ਦੌਰਾਨ ਦਿੱਲੀ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੋਈਆਂ ਝੜਪਾਂ ਤੋਂ ਬਾਅਦ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਹੋਈ ਬੈਠਕ ਵੀ ਬੇਨਤੀਜਾ ਰਹੀ। ਸੀ.ਜੇ.ਪੀ. ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਧਰਨਾ ਅਤੇ ਪ੍ਰਦਰਸ਼ਨ ਜਾਰੀ ਰਹੇਗਾ।
ਦੂਜੇ ਪਾਸੇ, ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਚੱਲ ਰਹੇ ਵਿਦਿਆਰਥੀ ਅੰਦੋਲਨ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਟਕਰਾਅ ਦੀ ਬਜਾਏ ਗੱਲਬਾਤ ਰਾਹੀਂ ਹੱਲ ਕੱਢਣ ਦੀ ਅਪੀਲ ਕੀਤੀ ਹੈ। ਉਨ੍ਹਾਂ ਵਿਦਿਆਰਥੀਆਂ ਨਾਲ ਇਕਜੁੱਟਤਾ ਜਤਾਉਂਦਿਆਂ ਕਿਹਾ ਕਿ ਮਹੱਤਵਪੂਰਨ ਪਰ ਵਿਵਾਦਤ ਮੁੱਦਿਆਂ ‘ਤੇ ਆਪਣੀ ਰਾਏ ਦੇਣ ਨਾਲ ਆਲੋਚਨਾ ਦਾ ਸਾਹਮਣਾ ਕਰਨਾ ਪੈਂਦਾ ਹੈ।
ਵਿਦਿਆਰਥੀਆਂ ਦੀਆਂ ਮੰਗਾਂ ਸੁਣਨ ਦੀ ਕੀਤੀ ਅਪੀਲ
ਦਿਲਜੀਤ ਦੁਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਨੋਟ ਸਾਂਝਾ ਕਰਦਿਆਂ ਪ੍ਰਸ਼ਾਸਨ ਨੂੰ ਵਿਦਿਆਰਥੀਆਂ ਦੀਆਂ ਮੰਗਾਂ ਸੁਣਨ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬੀ ਵਿੱਚ ਲਿਖਿਆ, “ਅੱਜ ਜੋ ਹੋਇਆ ਬਹੁਤ ਮਾੜਾ ਹੋਇਆ… ਸਟੂਡੈਂਟਸ ਨਾਲ ਇੱਦਾਂ ਟ੍ਰੀਟ ਨਹੀਂ ਹੋਣਾ ਚਾਹੀਦਾ ਸੀ… ਮੈਂ ਪ੍ਰਸ਼ਾਸਨ ਨੂੰ ਬੇਨਤੀ ਕਰਦਾ ਹਾਂ ਕਿ ਸਟੂਡੈਂਟਸ ਦੀਆਂ ਡਿਮਾਂਡਜ਼ ਸੁਣੀਆਂ ਜਾਣ, ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼ ਹੁੰਦੀ ਹੈ।”
ਉਨ੍ਹਾਂ ਅੱਗੇ ਲਿਖਿਆ ਕਿ “ਮੈਨੂੰ ਪਹਿਲਾਂ ਵੀ ਕਈ ਵਾਰ ਦੇਸ਼ ਵਿਰੋਧੀ ਕਿਹਾ ਗਿਆ ਹੈ ਅਤੇ ਹੁਣ ਵੀ ਸ਼ਾਇਦ ਕਿਹਾ ਜਾਵੇ। ਕਿਸਾਨ ਅੰਦੋਲਨ ਤੋਂ ਬਾਅਦ ਮੈਨੂੰ ਕਈ ਪ੍ਰਤੀਕਿਰਿਆਵਾਂ ਅਤੇ ਕਾਨੂੰਨੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਜਿਨ੍ਹਾਂ ਬਾਰੇ ਮੈਂ ਗੱਲ ਵੀ ਨਹੀਂ ਕਰ ਸਕਦਾ। ਬਾਕੀ ਸਭ ਕੁਝ ਪਰਮਾਤਮਾ ਦੇ ਹੱਥ ਵਿੱਚ ਹੈ।”

ਝੜਪਾਂ ‘ਚ ਕਈ ਜ਼ਖ਼ਮੀ, 100 ਤੋਂ ਵੱਧ ਲੋਕ ਹਿਰਾਸਤ ‘ਚ
ਸੋਮਵਾਰ ਨੂੰ ਕੇਂਦਰੀ ਦਿੱਲੀ ਵਿੱਚ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਦਿੱਲੀ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਹੰਝੂ ਗੈਸ ਦੇ ਗੋਲੇ ਵੀ ਛੱਡੇ। ਇਸ ਦੌਰਾਨ ਹੋਈਆਂ ਝੜਪਾਂ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਕਰਮੀ ਅਤੇ ਪ੍ਰਦਰਸ਼ਨਕਾਰੀ ਜ਼ਖ਼ਮੀ ਹੋਏ, ਜਦਕਿ 100 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। 20 ਜੂਨ ਤੋਂ ਚੱਲ ਰਹੇ ਧਰਨੇ ਤੋਂ ਬਾਅਦ ਕੇਂਦਰ ਸਰਕਾਰ ਨੇ ਪਹਿਲੀ ਵਾਰ ਸੀ.ਜੇ.ਪੀ. ਆਗੂਆਂ ਨਾਲ ਰਸਮੀ ਗੱਲਬਾਤ ਕੀਤੀ।
ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਸੀ.ਜੇ.ਪੀ. ਦੇ ਨੁਮਾਇੰਦਿਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਤੋਂ ਮੰਗ-ਪੱਤਰ ਪ੍ਰਾਪਤ ਕੀਤਾ, ਜਿਸ ਵਿੱਚ ਸਿੱਖਿਆ ਮੰਤਰੀ ਦੀ ਬਰਖ਼ਾਸਤਗੀ ਸਮੇਤ ਹੋਰ ਮੰਗਾਂ ਸ਼ਾਮਲ ਹਨ। ਸਰਕਾਰ ਨੇ ਮੰਗਾਂ ‘ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਇਸੇ ਦੌਰਾਨ ਹਸਪਤਾਲ ਵਿੱਚ ਜ਼ੇਰੇ ਇਲਾਜ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਭੁੱਖ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਨੌਜਵਾਨ ਆਗੂਆਂ ਨੂੰ ਸੰਸਦ ਮੈਂਬਰਾਂ ਨਾਲ ਮਿਲਣ ਦੀ ਇਜਾਜ਼ਤ ਨਹੀਂ ਮਿਲਦੀ ਜਾਂ ਸੰਸਦ ਮੈਂਬਰ ਖੁਦ ਹਸਪਤਾਲ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਨਹੀਂ ਕਰਦੇ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


