ਆਪ ਸਰਕਾਰ ਨੇ ਰਾਜ ਸਭਾ ਲਈ ਪੰਜਾਬ ਨਾਲ ਕੀਤਾ ਧੋਖਾ : ਛਾਬੜਾ
ਜ਼ੀਰਾ 22 ਮਾਰਚ ( ਅੰਗਰੇਜ਼ ਬਰਾੜ ) – ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਸਰਕਾਰ ਨੇ ਰਾਜ ਸਭਾ ਵਿੱਚ ਸਹੀ ਨੁਮਾਇੰਦੇ ਨਾ ਭੇਜ ਕੇ ਪੰਜਾਬ ਨਾਲ ਧੋਖਾ ਕੀਤਾ ਹੈ । ਇਸ ਸੰਬੰਧ ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਕਮੇਟੀ ਜਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਰਜਿੰਦਰ ਕੁਮਾਰ ਛਾਬੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਚਾਹੁੰਦੇ ਹੋਏ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿਚ ਵੱਡਾ ਸਮਰਥਨ ਦਿੱਤਾ ਹੈ ਅਤੇ ਲੋਕਾਂ ਨੂੰ ਆਪ ਸਰਕਾਰ ਤੋਂ ਵੱਡੀਆਂ ਉਮੀਦਾਂ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਸਰਕਾਰ ਬਣਦਿਆਂ ਹੀ ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਪੰਜਾਬੀਆਂ ਨੂੰ ਅਣਗੌਲਿਆਂ ਕਰ ਦਿੱਤਾ ਹੈ । ਸ੍ਰੀ ਰਾਜਿੰਦਰ ਛਾਬੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸੇ ਸਮੇਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਧਰਮ ਪਤਨੀ ਸ੍ਰੀਮਤੀ ਪਰਮਜੀਤ ਕੌਰ ਖਾਲੜਾ ਜਿਹੜੇ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਹਾਰੇ ਹਨ ਨੂੰ ਰਾਜ ਸਭਾ ਭੇਜਣ ਦੀਆਂ ਗੱਲਾਂ ਕਰਿਆ ਕਰਦੇ ਸਨ ਪਰ ਹੁਣ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ ਤੇ ਕੰਮ ਕਰ ਰਹੇ ਹਨ । ਰਜਿੰਦਰ ਕੁਮਾਰ ਛਾਬੜਾ ਨੇ ਕਿਹਾ ਕਿ ਰਾਜ ਸਭਾ ਵਿੱਚ ਕਿਸਾਨਾਂ ਦੇ ਨਾਲ ਨਾਲ ਸੁਹਿਰਦ ਪੰਜਾਬੀਆਂ ਨੂੰ ਭੇਜਣਾ ਚਾਹੀਦਾ ਸੀ ਜੋ ਕਿ ਪੰਜਾਬ ਦੇ ਮਸਲੇ ਰਾਜ ਸਭਾ ਵਿੱਚ ਚੁੱਕ ਸਕਦੇ । ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀ ਖੁੱਲ੍ਹੇ ਦਿਲ ਨਾਲ ਸਰਕਾਰ ਬਣਾਈ ਹੈ ਜਿਸ ਕਰਕੇ ਆਮ ਆਦਮੀ ਪਾਰਟੀ ਨੂੰ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨਾ ਚਾਹੀਦਾ ਹੈ ।
ਸ੍ਰੀ ਰਜਿੰਦਰ ਕੁਮਾਰ ਛਾਬੜਾ ਦੀ ਫੋਟੋ