PM ਰਿਹਾਇਸ਼ ਵੱਲ ਕਾਂਗਰਸ ਦਾ ਮਾਰਚ, ਰਾਹੁਲ-ਪ੍ਰਿਯੰਕਾ ਸਮੇਤ ਕਈ ਆਗੂਆਂ ਦਾ ਪ੍ਰਦਰਸ਼ਨ, ਚੰਨੀ ਤੇ ਰੰਧਾਵਾ ਹਿਰਾਸਤ ‘ਚ
ਮਾਨਸੂਨ ਸੈਸ਼ਨ ਦੌਰਾਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਿਯੰਕਾ ਗਾਂਧੀ ਅਤੇ ਹੋਰ ਕਈ ਵਿਰੋਧੀ ਆਗੂਆਂ ਨਾਲ ਮਿਲ ਕੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ

ਨਵੀਂ ਦਿੱਲੀ
ਨੀਟ-ਯੂਜੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਹਮਲੇ ਹੋਰ ਤੇਜ਼ ਕਰ ਦਿੱਤੇ ਗਏ ਹਨ। ਮਾਨਸੂਨ ਸੈਸ਼ਨ ਦੌਰਾਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਿਯੰਕਾ ਗਾਂਧੀ ਅਤੇ ਹੋਰ ਕਈ ਵਿਰੋਧੀ ਆਗੂਆਂ ਨਾਲ ਮਿਲ ਕੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਅਤੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਮਾਰਚ ਸੰਸਦ ਤੋਂ ਸ਼ੁਰੂ ਹੋ ਕੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਵਧਿਆ।
ਇਸ ਪ੍ਰਦਰਸ਼ਨ ਵਿੱਚ ਪੰਜਾਬ ਕਾਂਗਰਸ ਦੇ ਕਈ ਆਗੂ ਵੀ ਸ਼ਾਮਲ ਹੋਏ। ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਕਈ ਆਗੂਆਂ ਨੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਪ੍ਰਦਰਸ਼ਨ ਦੌਰਾਨ ਪੁਲਿਸ ਨੇ ਚੰਨੀ ਅਤੇ ਕਈ ਹੋਰ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਬੱਸਾਂ ਰਾਹੀਂ ਉਨ੍ਹਾਂ ਨੂੰ ਹੋਰ ਥਾਂ ਲਿਜਾਇਆ ਗਿਆ।
ਰਾਹੁਲ ਗਾਂਧੀ ਨੇ ਸਰਕਾਰ ਨੂੰ ਘੇਰਿਆ
ਰਾਹੁਲ ਗਾਂਧੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪ੍ਰਦਰਸ਼ਨ ਦੀ ਇੱਕ ਵੀਡੀਓ ਸਾਂਝੀ ਕਰਦਿਆਂ ਲਿਖਿਆ ਕਿ “ਅਸੀਂ ਨੌਜਵਾਨ ਵਿਦਿਆਰਥੀਆਂ ਨਾਲ ਹੋਈ ਕਾਰਵਾਈ ਬਾਰੇ ਜਵਾਬ ਮੰਗਣ ਲਈ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰ ਰਹੇ ਹਾਂ। ਸਰਕਾਰ ਨਾ ਤਾਂ ਜ਼ਿੰਮੇਵਾਰੀ ਲੈ ਰਹੀ ਹੈ ਅਤੇ ਨਾ ਹੀ ਸੰਸਦ ਵਿੱਚ ਇਸ ਮੁੱਦੇ ‘ਤੇ ਚਰਚਾ ਕਰਨਾ ਚਾਹੁੰਦੀ ਹੈ। ਭਾਰਤ ਦੇ ਨੌਜਵਾਨਾਂ ਦਾ ਭਵਿੱਖ ਦਾਅ ‘ਤੇ ਲੱਗਿਆ ਹੋਇਆ ਹੈ।”
ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ ਵਿਦਿਆਰਥੀ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ, ਪਰ ਸਰਕਾਰ ਦੇ ਮੰਤਰੀ ਆਪਣੀਆਂ ਕੁਰਸੀਆਂ ਬਚਾਉਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਵਿੱਚ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਹੋਵੇ ਅਤੇ ਜ਼ਿੰਮੇਵਾਰ ਲੋਕ ਅਹੁਦੇ ਨਾ ਛੱਡਣ, ਉੱਥੇ ਨਿਆਂ ਦੀ ਉਮੀਦ ਕਰਨਾ ਮੁਸ਼ਕਲ ਹੈ। ਰਾਹੁਲ ਨੇ ਦੋਸ਼ ਲਾਇਆ ਕਿ ਸਰਕਾਰ ਇਸ ਮਾਮਲੇ ਵਿੱਚ ਜਵਾਬਦੇਹੀ ਤੋਂ ਬਚ ਰਹੀ ਹੈ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮੁੱਦੇ ‘ਤੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਆਪਣਾ ਪੱਖ ਰੱਖਣਾ ਚਾਹੀਦਾ ਹੈ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


