ਅਸਤੀਫਾ ਦੇ ਸਕਦੇ ਹਨ ਚਰਨਜੀਤ ਚੰਨੀ, ਹਾਈਕਮਾਨ ਅੱਗੇ ਵੜਿੰਗ ਦੀ ਅਗਵਾਈ ‘ਤੇ ਚੁੱਕੇ ਸਵਾਲ
ਚੰਨੀ ਧੜੇ ਨਾਲ ਜੁੜੇ ਆਗੂਆਂ ਦੇ ਦਾਅਵੇ ਮੁਤਾਬਕ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬਣਾਈ ਗਈ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਜਲਦੀ ਅਸਤੀਫਾ ਦੇ ਸਕਦੇ ਹਨ।

ਚੰਡੀਗੜ੍ਹ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਕਾਂਗਰਸ ਹਾਈਕਮਾਨ ਨੂੰ ਵੱਡਾ ਸਿਆਸੀ ਸੰਕੇਤ ਦਿੱਤੇ ਜਾਣ ਦੀ ਚਰਚਾ ਹੈ। ਚੰਨੀ ਧੜੇ ਨਾਲ ਜੁੜੇ ਆਗੂਆਂ ਦੇ ਦਾਅਵੇ ਮੁਤਾਬਕ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬਣਾਈ ਗਈ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਜਲਦੀ ਅਸਤੀਫਾ ਦੇ ਸਕਦੇ ਹਨ। ਇਹ ਚਰਚਾ ਦਿੱਲੀ ਵਿੱਚ ਹੋਈ ਦੋ ਦਿਨਾਂ ਹਾਈਕਮਾਨ ਮੀਟਿੰਗ ਤੋਂ ਬਾਅਦ ਤੇਜ਼ ਹੋਈ ਹੈ।
ਮੀਟਿੰਗ ਵਿੱਚ ਸ਼ਾਮਲ ਕੁਝ ਆਗੂਆਂ ਦੇ ਅਨੁਸਾਰ, ਚੰਨੀ ਧੜੇ ਨੇ ਕੇਸੀ ਵੇਣੂਗੋਪਾਲ ਦੀ ਅਗਵਾਈ ਹੇਠ ਹੋਈ ਬੈਠਕ ਵਿੱਚ ਆਪਣਾ ਵੱਖਰਾ ਰੁਖ਼ ਦੁਹਰਾਇਆ। ਦੱਸਿਆ ਜਾ ਰਿਹਾ ਹੈ ਕਿ ਚੰਨੀ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੂੰ ਕਿਹਾ ਕਿ ਮੌਜੂਦਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਪਾਰਟੀ 2027 ਦੀਆਂ ਚੋਣਾਂ ਨਹੀਂ ਜਿੱਤ ਸਕਦੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਵੜਿੰਗ ਨੂੰ ਅਹੁਦੇ ‘ਤੇ ਬਣਾਈ ਰੱਖਿਆ ਜਾਂਦਾ ਹੈ ਤਾਂ ਚੋਣ ਨਤੀਜਿਆਂ ਦੀ ਜ਼ਿੰਮੇਵਾਰੀ ਹਾਈਕਮਾਨ ਦੀ ਹੋਵੇਗੀ।
ਪਾਰਟੀ ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਉਸ ਵੇਲੇ ਤਣਾਅ ਹੋਰ ਵੱਧ ਗਿਆ ਜਦੋਂ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਚੰਨੀ ਅਤੇ ਉਨ੍ਹਾਂ ਦੇ ਧੜੇ ਨੂੰ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਦਿੱਤੀਆਂ ਹਨ, ਫਿਰ ਵੀ ਉਹ ਪੂਰਾ ਸਹਿਯੋਗ ਨਹੀਂ ਦੇ ਰਹੇ। ਇਸ ਦੇ ਜਵਾਬ ਵਿੱਚ ਚੰਨੀ ਨੇ ਕਥਿਤ ਤੌਰ ‘ਤੇ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਉਹ ਪ੍ਰਚਾਰ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਤਿਆਰ ਹਨ।
ਦਿੱਲੀ ਵਿੱਚ ਹੋਈ ਇਸ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸ਼ੁਰੂ ਵਿੱਚ ਚੁੱਪ ਰਹੇ, ਪਰ ਜਦੋਂ ਚੰਨੀ ਧੜੇ ਵੱਲੋਂ ਉਨ੍ਹਾਂ ਦੀ ਅਗਵਾਈ ‘ਤੇ ਸਵਾਲ ਚੁੱਕੇ ਗਏ ਤਾਂ ਵੜਿੰਗ ਨੇ ਵੀ ਕਿਹਾ ਕਿ ਜੇਕਰ ਕਿਸੇ ਨੂੰ ਉਨ੍ਹਾਂ ਨਾਲ ਇਤਰਾਜ਼ ਹੈ ਤਾਂ ਉਹ ਅਹੁਦਾ ਛੱਡਣ ਲਈ ਤਿਆਰ ਹਨ। ਇਸ ‘ਤੇ ਕੇਸੀ ਵੇਣੂਗੋਪਾਲ ਨੇ ਸਪੱਸ਼ਟ ਕੀਤਾ ਕਿ ਰਾਜਾ ਵੜਿੰਗ ਨੂੰ ਹਾਈਕਮਾਨ ਨੇ ਪ੍ਰਧਾਨ ਨਿਯੁਕਤ ਕੀਤਾ ਹੈ ਅਤੇ ਉਹ ਹੀ ਇਸ ਅਹੁਦੇ ‘ਤੇ ਬਣੇ ਰਹਿਣਗੇ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


