ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ, ਪਹਿਲੇ ਹੀ ਦਿਨ ਸਰਕਾਰ ਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਨੋਕ-ਝੋਕ

ਚੰਡੀਗੜ੍ਹ
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ। ਸੈਸ਼ਨ ਦੇ ਪਹਿਲੇ ਦਿਨ ਹੀ ਸਦਨ ਦਾ ਮਾਹੌਲ ਗਰਮ ਰਿਹਾ, ਜਿੱਥੇ ਵਿਰੋਧੀ ਧਿਰ ਨੇ ਕਈ ਮੁੱਦਿਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਖ਼ਾਸ ਕਰਕੇ ਪੰਜਾਬ ਵਿੱਚ ਕਥਿਤ ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਸਦਨ ਵਿੱਚ ਤਿੱਖੀ ਬਹਿਸ ਹੋਈ ਅਤੇ ਸੱਤਾ ਪੱਖ ਤੇ ਵਿਰੋਧੀ ਧਿਰ ਆਹਮੋ-ਸਾਹਮਣੇ ਨਜ਼ਰ ਆਏ।
ਪ੍ਰਤਾਪ ਸਿੰਘ ਬਾਜਵਾ ਨੇ ਸਿੱਖਿਆ ਮੰਤਰੀ ਤੋਂ ਮੰਗਿਆ ਜਵਾਬ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਵਾਲ ਕੀਤਾ ਕਿ ਉਹ ਦਿੱਲੀ ਵਿੱਚ ਨੀਟ ਪੇਪਰ ਲੀਕ ਦੇ ਵਿਰੋਧ ਵਿੱਚ ਹੋਏ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਸਨ, ਪਰ ਪੰਜਾਬ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਛੇ ਪੇਪਰ ਲੀਕ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਵਿੱਚੋਂ ਪੰਜ ਮਾਮਲੇ ਸਿੱਖਿਆ ਵਿਭਾਗ ਅਤੇ ਇੱਕ ਸਿਹਤ ਵਿਭਾਗ ਨਾਲ ਸਬੰਧਤ ਹੈ। ਬਾਜਵਾ ਨੇ ਇਸ ਮਾਮਲੇ ਵਿੱਚ ਸਿੱਖਿਆ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਵੀ ਕੀਤੀ।
ਹਰਜੋਤ ਬੈਂਸ ਨੇ ਇਲਜ਼ਾਮਾਂ ਦਾ ਦਿੱਤਾ ਜਵਾਬ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਇਸ ਮੁੱਦੇ ‘ਤੇ ਖੁੱਲ੍ਹੀ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਜਵਾਬਦੇਹੀ ਤੋਂ ਭੱਜਣ ਵਾਲਿਆਂ ਵਿੱਚੋਂ ਨਹੀਂ, ਸਗੋਂ ਹਰ ਸਵਾਲ ਦਾ ਡਟ ਕੇ ਸਾਹਮਣਾ ਕਰਨ ਵਾਲਿਆਂ ਵਿੱਚੋਂ ਹਨ।
ਵਿਧਾਨ ਸਭਾ ਤੋਂ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਬੈਂਸ ਨੇ ਕਿਹਾ ਕਿ ਕਾਂਗਰਸ ਜ਼ਮੀਨੀ ਹਕੀਕਤ ਤੋਂ ਅਣਜਾਣ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਦਨ ਵਿੱਚ ਹਰ ਸਵਾਲ ਦਾ ਤੱਥਾਂ ਨਾਲ ਜਵਾਬ ਦਿੱਤਾ ਗਿਆ, ਜਿਸ ਤੋਂ ਬਾਅਦ ਕਾਂਗਰਸੀ ਵਿਧਾਇਕ ਚਰਚਾ ਤੋਂ ਪਿੱਛੇ ਹਟ ਗਏ। ਉਨ੍ਹਾਂ ਕਿਹਾ ਕਿ ਉਹ ਪੂਰੀ ਤਿਆਰੀ ਨਾਲ ਆਏ ਹਨ ਅਤੇ ਉਨ੍ਹਾਂ ਕੋਲ ਸਾਰੇ ਲੋੜੀਂਦੇ ਦਸਤਾਵੇਜ਼ ਅਤੇ ਅੰਕੜੇ ਮੌਜੂਦ ਹਨ, ਜੋ ਪੰਜਾਬ ਦੀ ਜਨਤਾ ਦੇ ਸਾਹਮਣੇ ਰੱਖੇ ਜਾਣਗੇ। ਉਨ੍ਹਾਂ ਵਿਰੋਧੀ ਧਿਰ ਨੂੰ ਸਦਨ ਵਿੱਚ ਆ ਕੇ ਚਰਚਾ ਕਰਨ ਦੀ ਚੁਣੌਤੀ ਵੀ ਦਿੱਤੀ।
ਹਰਪਾਲ ਸਿੰਘ ਚੀਮਾ ਨੇ ਕਾਂਗਰਸ ‘ਤੇ ਕੀਤਾ ਤਨਜ਼
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਕਾਂਗਰਸ ਨੂੰ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਸਭ ਤੋਂ ਵੱਡੀ “ਲੀਕੇਜ” ਕਾਂਗਰਸ ਦੇ ਅੰਦਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਕਾਂਗਰਸ ਲਗਾਤਾਰ ਕਮਜ਼ੋਰ ਹੋ ਰਹੀ ਹੈ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਰਹੀ ਹੈ।
ਸ਼ਰਧਾਂਜਲੀ ਨਾਲ ਹੋਈ ਸੈਸ਼ਨ ਦੀ ਸ਼ੁਰੂਆਤ
ਇਸ ਤੋਂ ਪਹਿਲਾਂ ਵਿਧਾਨ ਸਭਾ ਦੀ ਕਾਰਵਾਈ ਦੀ ਸ਼ੁਰੂਆਤ ਵਿਛੜੇ ਆਗੂਆਂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਇਸ ਦੌਰਾਨ ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ਨਾਲ ਜੁੜੇ ਹਾਦਸਿਆਂ ਵਿੱਚ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਸਦਨ ਵਿੱਚ ਸ਼ਰਧਾਂਜਲੀ ਦਿੱਤੀ ਗਈ।
-(ਟੀਵੀ 9 ਪੰਜਾਬੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


