Monday, August 3, 2026
Google search engine
Homeਤਾਜ਼ਾ ਖਬਰCM ਭਗਵੰਤ ਮਾਨ ਦਾ ਕੇਂਦਰ ਤੇ ਵਿਰੋਧੀ ਧਿਰ 'ਤੇ ਨਿਸ਼ਾਨਾ, NEET ਪੇਪਰ...

CM ਭਗਵੰਤ ਮਾਨ ਦਾ ਕੇਂਦਰ ਤੇ ਵਿਰੋਧੀ ਧਿਰ ‘ਤੇ ਨਿਸ਼ਾਨਾ, NEET ਪੇਪਰ ਲੀਕ ਤੇ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਚੁੱਕੇ ਸਵਾਲ

CM ਭਗਵੰਤ ਮਾਨ ਦਾ ਕੇਂਦਰ ਤੇ ਵਿਰੋਧੀ ਧਿਰ ‘ਤੇ ਨਿਸ਼ਾਨਾ, NEET ਪੇਪਰ ਲੀਕ ਤੇ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਚੁੱਕੇ ਸਵਾਲ

ਉਨ੍ਹਾਂ ਦੇਸ਼ ਵਿੱਚ ਵਾਰ-ਵਾਰ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ ‘ਤੇ ਚਿੰਤਾ ਜਤਾਈ ਅਤੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਨਿੰਦਾ ਮਤੇ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਚੰਡੀਗੜ੍ਹ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ, ਦੇਸ਼ ਦੀ ਸਿੱਖਿਆ ਪ੍ਰਣਾਲੀ ਅਤੇ ਵਿਰੋਧੀ ਧਿਰ ਕਾਂਗਰਸ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਦੇਸ਼ ਵਿੱਚ ਵਾਰ-ਵਾਰ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ ‘ਤੇ ਚਿੰਤਾ ਜਤਾਈ ਅਤੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਨਿੰਦਾ ਮਤੇ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਸਿੱਖਿਆ ਪ੍ਰਣਾਲੀ ਨੂੰ ਲੈ ਕੇ ਕੇਂਦਰ ਨੂੰ ਘੇਰਿਆ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਅਣਗੌਲਿਆ ਛੱਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੱਖਾਂ ਵਿਦਿਆਰਥੀ ਦਿਨ-ਰਾਤ ਮਿਹਨਤ ਕਰਕੇ ਡਾਕਟਰ ਅਤੇ ਇੰਜੀਨੀਅਰ ਬਣਨ ਦੇ ਸੁਪਨੇ ਦੇਖਦੇ ਹਨ, ਪਰ ਪ੍ਰੀਖਿਆ ਤੋਂ ਪਹਿਲਾਂ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਉਨ੍ਹਾਂ ਦੀ ਮਿਹਨਤ ‘ਤੇ ਪਾਣੀ ਫੇਰ ਦਿੰਦੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੇ ਮਾਮਲਿਆਂ ਕਾਰਨ ਕਈ ਵਿਦਿਆਰਥੀ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੇ ਹਨ ਅਤੇ ਕੁਝ ਖ਼ੁਦਕੁਸ਼ੀ ਵਰਗੇ ਕਦਮ ਵੀ ਚੁੱਕਣ ਲਈ ਮਜਬੂਰ ਹੋ ਜਾਂਦੇ ਹਨ।

ਵਿਧਾਨ ਸਭਾ ਵਿੱਚ ਨਿੰਦਾ ਮਤਾ ਕੀਤਾ ਗਿਆ ਪਾਸ

ਭਗਵੰਤ ਮਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਅਤੇ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਵਿੱਚ ਆ ਰਹੀਆਂ ਖਾਮੀਆਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਨਿੰਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਕਾਂਗਰਸ ਤੋਂ ਇਲਾਵਾ ਬਾਕੀ ਮੈਂਬਰਾਂ ਨੇ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮਤਾ ਪ੍ਰਧਾਨ ਮੰਤਰੀ ਦਫ਼ਤਰ (PMO), ਕੇਂਦਰੀ ਸਿੱਖਿਆ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਨੂੰ ਭੇਜਿਆ ਜਾਵੇਗਾ, ਤਾਂ ਜੋ ਰਾਸ਼ਟਰੀ ਪੱਧਰ ਦੀਆਂ ਪ੍ਰੀਖਿਆਵਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ।

ਕਾਂਗਰਸ ‘ਤੇ ਵੀ ਕੀਤੇ ਤਿੱਖੇ ਸਿਆਸੀ ਹਮਲੇ

ਕਾਂਗਰਸ ਨੂੰ ਨਿਸ਼ਾਨੇ ‘ਤੇ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਵਿਦਿਆਰਥੀਆਂ ਜਾਂ ਆਮ ਲੋਕਾਂ ਦੇ ਹੱਕਾਂ ਦੀ ਗੱਲ ਹੁੰਦੀ ਹੈ ਤਾਂ ਕਾਂਗਰਸੀ ਵਿਧਾਇਕ ਸਦਨ ਦਾ ਬਾਈਕਾਟ ਕਰਕੇ ਬਾਹਰ ਚਲੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੇ ਅੰਦਰੂਨੀ ਵਿਵਾਦਾਂ ਵਿੱਚ ਉਲਝੀ ਹੋਈ ਹੈ। ਰਾਹੁਲ ਗਾਂਧੀ ਦਿੱਲੀ ਵਿੱਚ ਧਰਨੇ ਦਿੰਦੇ ਹਨ, ਪਰ ਪੰਜਾਬ ਵਿੱਚ ਉਨ੍ਹਾਂ ਦੇ ਨੇਤਾ ਸਿੱਖਿਆ ਵਰਗੇ ਗੰਭੀਰ ਮੁੱਦੇ ‘ਤੇ ਚਰਚਾ ਤੋਂ ਬਚਦੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਖਾਲੀ ਪਈਆਂ ਵਿਰੋਧੀ ਧਿਰ ਦੀਆਂ ਕੁਰਸੀਆਂ 2027 ਦੀਆਂ ਚੋਣਾਂ ਦੀ ਤਸਵੀਰ ਦਿਖਾ ਰਹੀਆਂ ਹਨ।

2014 ਤੋਂ ਬਾਅਦ 93 ਪੇਪਰ ਲੀਕ ਹੋਣ ਦਾ ਦਾਅਵਾ

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2014 ਤੋਂ ਬਾਅਦ ਦੇਸ਼ ਭਰ ਵਿੱਚ ਕਰੀਬ 93 ਪੇਪਰ ਲੀਕ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਕਾਰਨ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਭ ਤੋਂ ਵੱਧ ਅਜਿਹੇ ਮਾਮਲੇ ਭਾਜਪਾ ਸ਼ਾਸਿਤ ਰਾਜਾਂ ਵਿੱਚ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਫਾਸਟ ਟ੍ਰੈਕ ਅਦਾਲਤਾਂ ਦੀ ਗੱਲ ਕਰਨਾ ਕਾਫ਼ੀ ਨਹੀਂ, ਸਗੋਂ ਪੇਪਰ ਲੀਕ ਦੀਆਂ ਘਟਨਾਵਾਂ ਨੂੰ ਰੋਕਣਾ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ।

ਪੰਜਾਬ ਵਿੱਚ ਪੇਪਰ ਲੀਕ ਨਾ ਹੋਣ ਦਾ ਕੀਤਾ ਦਾਅਵਾ

ਪੰਜਾਬ ਵਿੱਚ ਪੇਪਰ ਲੀਕ ਦੇ ਦੋਸ਼ਾਂ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਕੋਈ ਵੀ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਜੋ ਮਾਮਲੇ ਸਾਹਮਣੇ ਆਏ ਸਨ, ਉਹ ਪੇਪਰ ਲੀਕ ਨਹੀਂ ਸਗੋਂ ਸਕੈਨਿੰਗ ਪੈੱਨ ਵਰਗੀਆਂ ਹਾਈ-ਟੈਕ ਡਿਵਾਈਸਾਂ ਰਾਹੀਂ ਨਕਲ ਕਰਨ ਨਾਲ ਜੁੜੇ ਹੋਏ ਸਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ 15 ਮਿੰਟਾਂ ਦੇ ਅੰਦਰ 21 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਐਫਆਈਆਰ ਦਰਜ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਗਿਰੋਹ ਦੇ ਤਾਰ ਹਰਿਆਣਾ ਨਾਲ ਜੁੜੇ ਹੋਏ ਸਨ, ਜਿਨ੍ਹਾਂ ਨੂੰ ਪੰਜਾਬ ਪੁਲਿਸ ਨੇ ਕਾਬੂ ਕੀਤਾ ਹੈ।

ਭੂਪੇਸ਼ ਬਘੇਲ ਦੇ ਪੋਸਟਰਾਂ ਅਤੇ E20 ਫਿਊਲ ‘ਤੇ ਵੀ ਦਿੱਤਾ ਜਵਾਬ

ਭੂਪੇਸ਼ ਬਘੇਲ ਦੇ ਪੰਜਾਬ ਦੌਰੇ ਦੌਰਾਨ ਲੱਗੇ ‘Go Back’ ਪੋਸਟਰਾਂ ਬਾਰੇ ਪੁੱਛੇ ਸਵਾਲ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਆਮ ਆਦਮੀ ਪਾਰਟੀ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਵਿੱਚ ਵੀ ਕਾਂਗਰਸੀ ਆਗੂ ਆਪਸ ਵਿੱਚ ਭਿੜੇ ਸਨ ਅਤੇ ਪਾਰਟੀ ਦੀ ਕਮਜ਼ੋਰੀ ਦਾ ਕਾਰਨ ਉਸਦੇ ਆਪਣੇ ਨੇਤਾ ਹਨ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਅਗਲੇ ਦਿਨ ਵਿਧਾਨ ਸਭਾ ਵਿੱਚ E20 ਫਿਊਲ ਦੇ ਮੁੱਦੇ ‘ਤੇ ਵਿਸਥਾਰ ਨਾਲ ਚਰਚਾ ਹੋਵੇਗੀ, ਕਿਉਂਕਿ ਇਸ ਕਾਰਨ ਵਾਹਨਾਂ ਦੇ ਇੰਜਣਾਂ ਨੂੰ ਨੁਕਸਾਨ ਹੋਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ।

-(ਟੀਵੀ 9 ਪੰਜਾਬੀ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments