SGPC ਦੇ ਕਾਨੂੰਨੀ ਨੋਟਿਸ ਮਗਰੋਂ GTC ਦੇ ਐੱਮਡੀ ਰਾਬਿੰਦਰਾ ਨਾਰਾਇਣ ਦਾ ਜਵਾਬ, ਕਿਹਾ- ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਜਾਰੀ ਰਹੇਗਾ
ਰਾਬਿੰਦਰਾ ਨਾਰਾਇਣ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਕੋਈ ਕਾਨੂੰਨੀ ਨੋਟਿਸ ਮਿਲਦਾ ਹੈ ਤਾਂ ਉਸ ਦਾ ਢੁੱਕਵਾਂ ਜਵਾਬ ਦਿੱਤਾ ਜਾਵੇਗਾ।

ਸ੍ਰੀ ਅੰਮ੍ਰਿਤਸਰ ਸਾਹਿਬ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਕਥਿਤ ਬਿਨਾਂ ਮਨਜ਼ੂਰੀ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ GTC ਚੈਨਲ ਨੂੰ ਕਾਨੂੰਨੀ ਨੋਟਿਸ ਭੇਜੇ ਜਾਣ ਤੋਂ ਬਾਅਦ ਚੈਨਲ ਦੇ ਮੈਨੇਜਿੰਗ ਡਾਇਰੈਕਟਰ ਰਾਬਿੰਦਰਾ ਨਾਰਾਇਣ ਨੇ ਆਪਣਾ ਪੱਖ ਜਨਤਕ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਸਬੰਧੀ ਪ੍ਰੈੱਸ ਕਾਨਫਰੰਸ ਕੀਤੇ ਜਾਣ ਉਪਰੰਤ ਰਾਬਿੰਦਰਾ ਨਾਰਾਇਣ ਨੇ ਫੇਸਬੁੱਕ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਗੁਰਬਾਣੀ ਦਾ ਪ੍ਰਸਾਰਣ ਸ਼ੁਰੂ ਹੋ ਚੁੱਕਾ ਹੈ ਅਤੇ ਇਸ ਨੂੰ ਰੋਕਿਆ ਨਹੀਂ ਜਾਵੇਗਾ।
ਰਾਬਿੰਦਰਾ ਨਾਰਾਇਣ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਕੋਈ ਕਾਨੂੰਨੀ ਨੋਟਿਸ ਮਿਲਦਾ ਹੈ ਤਾਂ ਉਸ ਦਾ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਸੀ ਕਿ GTC ਚੈਨਲ ‘ਤੇ ਗੁਰਬਾਣੀ ਦਾ ਪ੍ਰਸਾਰਣ ਕਰਕੇ ਉਹ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਧਾਰਮਿਕ ਪ੍ਰਚਾਰ ਵਿੱਚ ਹੀ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪ੍ਰਸਾਰਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਧਾਰਮਿਕ ਮਰਿਆਦਾ ਦੀ ਉਲੰਘਣਾ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨਾਲ ਉਨ੍ਹਾਂ ਦਾ ਤਜਰਬਾ ਸਾਲ 1998 ਤੋਂ ਹੈ। ਜੇਕਰ ਫਿਰ ਵੀ ਕਿਸੇ ਪਾਸੇ ਨੂੰ ਕੋਈ ਇਤਰਾਜ਼ ਹੈ ਤਾਂ ਉਸ ਨੂੰ ਗੱਲਬਾਤ ਰਾਹੀਂ ਦੂਰ ਕਰਨ ਲਈ ਉਹ ਤਿਆਰ ਹਨ। ਰਾਬਿੰਦਰਾ ਨਾਰਾਇਣ ਨੇ ਕਿਹਾ ਕਿ ਉਨ੍ਹਾਂ ਵੱਲੋਂ ਨਾ ਤਾਂ ਗੁਰਬਾਣੀ ਪ੍ਰਸਾਰਣ ਦੌਰਾਨ ਕਿਸੇ ਮਰਿਆਦਾ ਦੀ ਉਲੰਘਣਾ ਕੀਤੀ ਗਈ ਹੈ ਅਤੇ ਨਾ ਹੀ ਸ਼੍ਰੋਮਣੀ ਕਮੇਟੀ ਨੂੰ ਕਿਸੇ ਕਿਸਮ ਦਾ ਵਿੱਤੀ ਨੁਕਸਾਨ ਪਹੁੰਚਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਗੁਰਬਾਣੀ ਦਾ ਪ੍ਰਸਾਰਣ ਹੋਰ ਚੈਨਲਾਂ ਨੂੰ ਵੀ ਕਰਨ ਦੀ ਆਜ਼ਾਦੀ ਹੋਣੀ ਚਾਹੀਦੀ ਹੈ ਅਤੇ ਇਸ ‘ਤੇ ਕਿਸੇ ਇੱਕ ਸੰਸਥਾ ਜਾਂ ਚੈਨਲ ਦਾ ਇਕੱਲਾ ਅਧਿਕਾਰ ਨਹੀਂ ਹੋਣਾ ਚਾਹੀਦਾ।
-(ਪੰਜਾਬੀ ਜਾਗਰਣ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


