ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਬਾਹਰ ਗੋਲੀਕਾਂਡ, ਪੁਲਿਸ ਨੇ ਜਾਂਚ ਤੇਜ਼ ਕੀਤੀ
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨੂੰ ਹਰ ਸੰਭਵ ਪਹਿਲੂ ਤੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਜਲਦ ਹੀ ਰਿਪੋਰਟ ਸਾਹਮਣੇ ਆਉਣ ਦੀ ਉਮੀਦ ਹੈ।

ਸ੍ਰੀ ਅੰਮ੍ਰਿਤਸਰ ਸਾਹਿਬ
ਬਿਊਰੋ ਰਿਪੋਰਟ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਪ੍ਰਤਾਪ ਨਗਰ ਸਥਿਤ ਰਿਹਾਇਸ਼ ਦੇ ਬਾਹਰ ਖੜ੍ਹੀ ਸੁਰੱਖਿਆ ਕਰਮੀਆਂ ਦੀ ਸਰਕਾਰੀ ਸਕਾਰਪੀਓ ’ਤੇ ਗੋਲੀ ਲੱਗਣ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਲਈ ਫੋਰੈਨਸਿਕ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵੀ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ’ਤੇ ਪਹੁੰਚੇ ਅਤੇ ਮੌਕੇ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਨਾਲ ਵੀ ਗੱਲਬਾਤ ਕੀਤੀ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨੂੰ ਹਰ ਸੰਭਵ ਪਹਿਲੂ ਤੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਜਲਦ ਹੀ ਰਿਪੋਰਟ ਸਾਹਮਣੇ ਆਉਣ ਦੀ ਉਮੀਦ ਹੈ।
ਸਕਾਰਪੀਓ ਦੇ ਬੋਨਟ ’ਤੇ ਲੱਗੀ ਗੋਲੀ
ਦੱਸਿਆ ਜਾ ਰਿਹਾ ਹੈ ਕਿ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਕਰਮੀਆਂ ਲਈ ਤਾਇਨਾਤ ਸਰਕਾਰੀ ਸਕਾਰਪੀਓ ਖੜ੍ਹੀ ਸੀ। ਇਸੇ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਕਥਿਤ ਤੌਰ ’ਤੇ ਹਵਾਈ ਫਾਇਰ ਕੀਤਾ ਗਿਆ, ਜਿਸ ਦੀ ਗੋਲੀ ਸਕਾਰਪੀਓ ਦੇ ਬੋਨਟ ’ਤੇ ਆ ਲੱਗੀ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਗੋਲੀ ਕਿੱਥੋਂ ਚਲਾਈ ਗਈ ਅਤੇ ਇਸ ਘਟਨਾ ਪਿੱਛੇ ਕੀ ਕਾਰਨ ਹੋ ਸਕਦਾ ਹੈ।
ਫੋਰੈਨਸਿਕ ਟੀਮ ਨੇ ਇਕੱਠੇ ਕੀਤੇ ਸਬੂਤ
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਫੋਰੈਨਸਿਕ ਟੀਮ ਨੇ ਮੌਕੇ ’ਤੇ ਪਹੁੰਚ ਕੇ ਗੋਲੀ ਅਤੇ ਵਾਹਨ ਦੀ ਜਾਂਚ ਕੀਤੀ ਹੈ। ਜਾਂਚ ਦੌਰਾਨ ਘਟਨਾ ਨਾਲ ਸਬੰਧਤ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਗਿਆਨੀ ਰਘਬੀਰ ਸਿੰਘ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਵੱਲੋਂ ਮੁਲਾਜ਼ਮ ਤਾਇਨਾਤ ਕੀਤੇ ਹੋਏ ਹਨ। ਹੁਣ ਜਾਂਚ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇਹ ਗੋਲੀਬਾਰੀ ਅਚਾਨਕ ਹੋਈ ਘਟਨਾ ਸੀ ਜਾਂ ਇਸ ਦੇ ਪਿੱਛੇ ਕੋਈ ਹੋਰ ਕਾਰਨ ਹੈ।
-(ਪੰਜਾਬੀ ਜਾਗਰਣ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


