Saturday, August 15, 2026
Google search engine
Homeਤਾਜ਼ਾ ਖਬਰਫ਼ਿਰੋਜ਼ਪੁਰ ਵਿੱਚ CM ਮਾਨ ਨੇ ਲਹਿਰਾਇਆ ਤਿਰੰਗਾ, ਸ਼ਹੀਦਾਂ ਨੂੰ ਨਮਨ ਕਰਦਿਆਂ ਪੰਜਾਬ...

ਫ਼ਿਰੋਜ਼ਪੁਰ ਵਿੱਚ CM ਮਾਨ ਨੇ ਲਹਿਰਾਇਆ ਤਿਰੰਗਾ, ਸ਼ਹੀਦਾਂ ਨੂੰ ਨਮਨ ਕਰਦਿਆਂ ਪੰਜਾਬ ਦੀ ਏਕਤਾ ਦਾ ਦਿੱਤਾ ਸੰਦੇਸ਼

ਫ਼ਿਰੋਜ਼ਪੁਰ ਵਿੱਚ CM ਮਾਨ ਨੇ ਲਹਿਰਾਇਆ ਤਿਰੰਗਾ, ਸ਼ਹੀਦਾਂ ਨੂੰ ਨਮਨ ਕਰਦਿਆਂ ਪੰਜਾਬ ਦੀ ਏਕਤਾ ਦਾ ਦਿੱਤਾ ਸੰਦੇਸ਼

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1947 ਦੀ ਵੰਡ ਦਾ ਸਭ ਤੋਂ ਵੱਡਾ ਅਤੇ ਭਾਰੀ ਦਰਦ ਪੰਜਾਬੀਆਂ ਨੇ ਸਹਿਣ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਦੇ ਸੰਘਰਸ਼ ਵਿੱਚ ਪੰਜਾਬੀਆਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਅਤੇ ਮੋਹਰੀ ਰਿਹਾ ਹੈ।

ਫਿਰੋਜਪੁਰ

ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਹੱਦੀ ਸ਼ਹਿਰ ਫ਼ਿਰੋਜ਼ਪੁਰ ਦੇ ਛਾਉਣੀ ਬੋਰਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦੀ ਸਮਾਰਕ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1947 ਦੀ ਵੰਡ ਦਾ ਸਭ ਤੋਂ ਵੱਡਾ ਅਤੇ ਭਾਰੀ ਦਰਦ ਪੰਜਾਬੀਆਂ ਨੇ ਸਹਿਣ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਦੇ ਸੰਘਰਸ਼ ਵਿੱਚ ਪੰਜਾਬੀਆਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਅਤੇ ਮੋਹਰੀ ਰਿਹਾ ਹੈ।

ਇਸ ਮੌਕੇ ਬਹਾਦਰੀ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 25 ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਇੱਕ ਹੋਰ ਖਾਸ ਗੱਲ ਇਹ ਰਹੀ ਕਿ ਸਰਕਾਰੀ ਸਮਾਗਮ ਦੌਰਾਨ ਪਹਿਲੀ ਵਾਰ ‘ਵੰਦੇ ਮਾਤਰਮ’ ਦਾ ਗਾਇਨ ਵੀ ਕੀਤਾ ਗਿਆ।

ਸੁਰੱਖਿਆ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਸਮਾਗਮ ਵਾਲੀਆਂ ਥਾਵਾਂ ਦੇ ਆਲੇ-ਦੁਆਲੇ ਵਿਸ਼ੇਸ਼ ਨਿਗਰਾਨੀ ਰੱਖੀ ਗਈ ਅਤੇ ਪੁਲਿਸ ਫ਼ੋਰਸ ਨੂੰ ਅਲਰਟ ਮੋਡ ’ਤੇ ਰੱਖਿਆ ਗਿਆ। ਪੁਲਿਸ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਜੇਕਰ ਕਿਤੇ ਕੋਈ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

8 ਟੁਕੜੀਆਂ ਨੇ ਮਾਰਚ ਪਾਸਟ ਵਿੱਚ ਲਿਆ ਹਿੱਸਾ

ਸਮਾਗਮ ਦੌਰਾਨ ਬੀਐੱਸਐੱਫ, ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਹਿਮਾਚਲ ਪੁਲਿਸ, ਪੰਜਾਬ ਹੋਮਗਾਰਡਜ਼, ਹੋਮਗਾਰਡਜ਼ ਮਹਿਲਾ ਵਿੰਗ, ਐੱਨਸੀਸੀ ਅਤੇ ਸਕਾਊਟਸ ਐਂਡ ਗਾਈਡਜ਼ ਦੀਆਂ ਕੁੱਲ 8 ਟੁਕੜੀਆਂ ਨੇ ਮਾਰਚ ਪਾਸਟ ਵਿੱਚ ਹਿੱਸਾ ਲਿਆ।

ਇਸ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ, ਦੇਸ਼ ਭਗਤੀ ’ਤੇ ਆਧਾਰਿਤ ਕੋਰੀਓਗ੍ਰਾਫ਼ੀ, ਗਿੱਧਾ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਅਤੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਸਮਾਗਮ ਦਾ ਖਾਸ ਆਕਰਸ਼ਣ ਰਹੀਆਂ।

ਸ਼ਹੀਦਾਂ ਦੀ ਧਰਤੀ ’ਤੇ ਸਹੁੰ ਚੁੱਕਣ ਦਾ ਕੀਤਾ ਜ਼ਿਕਰ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਮੁੱਖ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਰਾਜਭਵਨ ਜਾਂ ਵੱਡੇ ਸਟੇਡੀਅਮਾਂ ਵਿੱਚ ਹੁੰਦੇ ਹਨ, ਪਰ ਉਨ੍ਹਾਂ ਨੇ ਸ਼ਹੀਦਾਂ ਦੀ ਧਰਤੀ ਨੂੰ ਚੁਣਿਆ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕੀ।

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਮੁੱਖ ਮੰਤਰੀ ਦੀ ਤਸਵੀਰ ਲਗਾਉਣ ਦੀ ਰਵਾਇਤ ਦੀ ਥਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਗਾਉਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਅਤੇ ਉੱਥੇ ਉਨ੍ਹਾਂ ਦਾ ਬੁੱਤ ਸਥਾਪਿਤ ਕਰਨ ਦਾ ਵੀ ਜ਼ਿਕਰ ਕੀਤਾ।

ਪੰਜਾਬ ਦੀ ਏਕਤਾ ਨੂੰ ਤੋੜਨ ਵਾਲੀਆਂ ਤਾਕਤਾਂ ਨੂੰ ਦਿੱਤਾ ਸੰਦੇਸ਼

ਮੁੱਖ ਮੰਤਰੀ ਨੇ ਪੰਜਾਬ ਦੀ ਭਾਈਚਾਰਕ ਸਾਂਝ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਨਫ਼ਰਤ ਦਾ ਬੀਜ ਕਦੇ ਨਹੀਂ ਪੁੰਗਰ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਅਤੇ ਆਪਸੀ ਏਕਤਾ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣਗੀਆਂ।

ਆਜ਼ਾਦੀ ਤੋਂ ਲੈ ਕੇ ਸਰਹੱਦਾਂ ਦੀ ਰਾਖੀ ਤੱਕ ਪੰਜਾਬੀਆਂ ਦੀ ਕੁਰਬਾਨੀ

ਭਗਵੰਤ ਮਾਨ ਨੇ ਕੂਕਾ ਲਹਿਰ, ਗ਼ਦਰ ਲਹਿਰ ਅਤੇ ਬੱਬਰ ਅਕਾਲੀ ਲਹਿਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ। ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਮੇਤ ਹਜ਼ਾਰਾਂ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ।

ਉਨ੍ਹਾਂ ਕਿਹਾ ਕਿ ਕਈ ਅਜਿਹੇ ਗੁਮਨਾਮ ਦੇਸ਼ ਭਗਤ ਵੀ ਰਹੇ, ਜਿਨ੍ਹਾਂ ਦੇ ਨਾਂ ਇਤਿਹਾਸ ਦੇ ਪੰਨਿਆਂ ’ਤੇ ਦਰਜ ਨਹੀਂ ਹੋ ਸਕੇ, ਪਰ ਉਨ੍ਹਾਂ ਦੀ ਕੁਰਬਾਨੀ ਵੀ ਬੇਮਿਸਾਲ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ’ਤੇ ਜਦੋਂ ਵੀ ਜੰਗ ਥੋਪੀ ਗਈ, ਪੰਜਾਬੀ ਜਵਾਨ ਹਮੇਸ਼ਾ ਮੂਹਰੇ ਹੋ ਕੇ ਲੜੇ। ਅੱਜ ਵੀ ਪੰਜਾਬ ਦੇ ਹਜ਼ਾਰਾਂ ਨੌਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਜਦੋਂ ਗਰਮੀਆਂ ਵਿੱਚ ਲੋਕ ਆਪਣੇ ਘਰਾਂ ਵਿੱਚ ਏਸੀ ਅਤੇ ਕੂਲਰ ਦੀ ਠੰਢ ਵਿੱਚ ਆਰਾਮ ਕਰ ਰਹੇ ਹੁੰਦੇ ਹਨ, ਉਸ ਵੇਲੇ ਸਾਡੇ ਜਵਾਨ ਤਪਦੇ ਰੇਗਿਸਤਾਨਾਂ ਵਿੱਚ ਦੇਸ਼ ਦੀ ਰਾਖੀ ਕਰ ਰਹੇ ਹੁੰਦੇ ਹਨ। ਇਸੇ ਤਰ੍ਹਾਂ ਕੜਾਕੇ ਦੀ ਸਰਦੀ ਵਿੱਚ ਜਦੋਂ ਲੋਕ ਰਜ਼ਾਈਆਂ ਵਿੱਚ ਬੈਠੇ ਹੁੰਦੇ ਹਨ, ਉਸ ਸਮੇਂ ਵੀ ਸਾਡੇ ਫ਼ੌਜੀ ਸਰਹੱਦਾਂ ’ਤੇ ਡਟੇ ਰਹਿੰਦੇ ਹਨ।

ਸੁਤੰਤਰਤਾ ਦਿਵਸ ਦੇ ਇਸ ਮੌਕੇ ’ਤੇ ਫ਼ਿਰੋਜ਼ਪੁਰ ਦੀ ਧਰਤੀ ਤੋਂ ਮੁੱਖ ਮੰਤਰੀ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਪੰਜਾਬ ਦੀ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਦੇਸ਼ ਦੀ ਏਕਤਾ ਨੂੰ ਮਜ਼ਬੂਤ ਰੱਖਣ ਦਾ ਸੰਦੇਸ਼ ਦਿੱਤਾ।

-(ਟੀਵੀ 9 ਪੰਜਾਬੀ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments