ਜੇਲ੍ਹ ਤੋਂ ਜਗਤਾਰ ਸਿੰਘ ਹਵਾਰਾ ਦਾ ਵੀਡੀਓ ਸੰਦੇਸ਼, 15 ਅਗਸਤ ਦੇ ਮਾਰਚ ਨੂੰ ਲੈ ਕੇ ਸੰਗਤ ਨੂੰ ਕੀਤਾ ਸੁਚੇਤ
ਵੀਡੀਓ ਵਿੱਚ ਉਨ੍ਹਾਂ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਚੰਡੀਗੜ੍ਹ ਵਿੱਚ ਕੀਤੇ ਜਾਣ ਵਾਲੇ ਰੋਸ ਮਾਰਚ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ ਅਤੇ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

ਚੰਡੀਗੜ੍ਹ
ਜਗਤਾਰ ਸਿੰਘ ਹਵਾਰਾ, ਜੋ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਨ, ਦਾ ਜੇਲ੍ਹ ਤੋਂ ਇੱਕ ਵੀਡੀਓ ਸੰਦੇਸ਼ ਸਾਹਮਣੇ ਆਇਆ ਹੈ। ਵੀਡੀਓ ਵਿੱਚ ਉਨ੍ਹਾਂ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਚੰਡੀਗੜ੍ਹ ਵਿੱਚ ਕੀਤੇ ਜਾਣ ਵਾਲੇ ਰੋਸ ਮਾਰਚ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ ਅਤੇ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਹਵਾਰਾ ਨੇ ਕਿਹਾ ਕਿ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿੱਚ ਰੋਸ ਮਾਰਚ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਖਦਸ਼ਾ ਜ਼ਾਹਰ ਕੀਤਾ ਕਿ ਇਸ ਦੌਰਾਨ ਕੋਈ ਅਣਚਾਹੀ ਘਟਨਾ ਵਾਪਰ ਸਕਦੀ ਹੈ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਰੋਸ ਮਾਰਚ ਵਿੱਚ ਕੋਈ ਗਲਤ ਅਨਸਰ ਦਾਖ਼ਲ ਹੋ ਕੇ ਹੰਗਾਮਾ ਜਾਂ ਅਜਿਹੀ ਕੋਈ ਕਾਰਵਾਈ ਨਾ ਕਰ ਸਕੇ, ਜਿਸ ਨਾਲ ਮਾਹੌਲ ਖਰਾਬ ਹੋਵੇ। ਉਨ੍ਹਾਂ ਲੋਕਾਂ ਨੂੰ ਚੌਕਸ ਰਹਿਣ ਅਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਕਿਹਾ।
ਸਿੱਖ ਨੌਜਵਾਨਾਂ ਨੂੰ ਵਲੰਟੀਅਰ ਬਣਨ ਦੀ ਅਪੀਲ
ਜਗਤਾਰ ਸਿੰਘ ਹਵਾਰਾ ਨੇ ਸੰਗਤ ਅਤੇ ਖਾਸ ਕਰਕੇ ਸਿੱਖ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਰੋਸ ਮਾਰਚ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ।
ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਮੋਰਚੇ ਦੇ ਵਲੰਟੀਅਰ ਬਣ ਕੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਵਿਅਕਤੀ ਹਿੰਸਕ ਗਤੀਵਿਧੀ ਨਾ ਕਰੇ ਅਤੇ ਕਿਸੇ ਹੋਰ ਨੂੰ ਵੀ ਹਿੰਸਕ ਹੋਣ ਦੀ ਇਜਾਜ਼ਤ ਨਾ ਦਿੱਤੀ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ ਮੋਰਚੇ ਦੇ ਆਗੂਆਂ ਵੱਲੋਂ ਜੋ ਵੀ ਹਦਾਇਤਾਂ ਦਿੱਤੀਆਂ ਜਾਣ, ਉਨ੍ਹਾਂ ਨੂੰ ਜ਼ਿੰਮੇਵਾਰੀ ਨਾਲ ਮੰਨਿਆ ਜਾਵੇ। ਹਵਾਰਾ ਨੇ ਕਿਹਾ ਕਿ ਮੋਰਚਾ ਸਹੀ ਦਿਸ਼ਾ ਵਿੱਚ ਅੱਗੇ ਵੱਧ ਰਿਹਾ ਹੈ ਅਤੇ ਵਾਹਿਗੁਰੂ ਦੀ ਕਿਰਪਾ ਨਾਲ ਇਸ ਨੂੰ ਫਤਿਹ ਮਿਲੇਗੀ।
ਹਾਈਕੋਰਟ ਵਿੱਚ ਵੀ ਕਾਨੂੰਨ-ਵਿਵਸਥਾ ਨੂੰ ਲੈ ਕੇ ਚਿੰਤਾ
15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਅਤੇ ਇਸ ਤੋਂ ਬਾਅਦ ਰਾਜ ਭਵਨ ਦੇ ਘਿਰਾਓ ਦੇ ਐਲਾਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੀ ਸੁਣਵਾਈ ਹੋਈ ਸੀ।
ਰਾਜ ਭਵਨ ਦੇ ਘਿਰਾਓ ਦੇ ਵਿਰੋਧ ਵਿੱਚ ਦਾਇਰ ਪਟੀਸ਼ਨ ਵਿੱਚ ਕਾਨੂੰਨ-ਵਿਵਸਥਾ ਪ੍ਰਭਾਵਿਤ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਗਿਆ ਸੀ। ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਸ਼ਾਂਤੀਪੂਰਨ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨਾ ਹਰ ਵਿਅਕਤੀ ਦਾ ਅਧਿਕਾਰ ਹੈ।
ਹਾਲਾਂਕਿ ਅਦਾਲਤ ਨੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪ੍ਰਦਰਸ਼ਨ ਦੌਰਾਨ ਕਾਨੂੰਨ-ਵਿਵਸਥਾ ਦੀ ਸਥਿਤੀ ਨਾ ਵਿਗੜੇ ਅਤੇ ਜਨਤਕ ਜਾਇਦਾਦ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ।
ਮੋਰਚੇ ਦੇ ਐਲਾਨ ਮਗਰੋਂ ਸੁਰੱਖਿਆ ਪ੍ਰਬੰਧਾਂ ’ਤੇ ਨਜ਼ਰ
ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। 15 ਅਗਸਤ ਨੂੰ ਰੋਸ ਮਾਰਚ ਤੋਂ ਬਾਅਦ ਰਾਜ ਭਵਨ ਦੇ ਘਿਰਾਓ ਦੇ ਐਲਾਨ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤੇ ਜਾਣ ਦੀ ਸੰਭਾਵਨਾ ਹੈ।
ਇਸ ਪੂਰੇ ਮਾਮਲੇ ਦੌਰਾਨ ਜਗਤਾਰ ਸਿੰਘ ਹਵਾਰਾ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਅਤੇ ਅਮਨ-ਕਾਨੂੰਨ ਬਣਾਈ ਰੱਖਣ ਦੀ ਕੀਤੀ ਗਈ ਅਪੀਲ ਵੀ ਚਰਚਾ ਵਿੱਚ ਆ ਗਈ ਹੈ।
-(ਪੀਟੀਸੀ ਨਿਊਜ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


