ਰਾਜਪਾਲ ਹਾਊਸ ਵੱਲ ਵਧੇ ਕੌਮੀ ਇਨਸਾਫ਼ ਮੋਰਚੇ ਦੇ ਸਮਰਥਕ, ਪੁਲਿਸ ਨੇ ਕੀਤੀ ਰੋਕਥਾਮ; ਵਾਟਰ ਕੈਨਨ ਤੇ ਅੱਥਰੂ ਗੈਸ ਦੀ ਵਰਤੋਂ
ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਵੱਲੋਂ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ। ਇਸ ਕਾਰਨ ਇਲਾਕੇ ਵਿੱਚ ਕੁਝ ਸਮੇਂ ਲਈ ਤਣਾਅ ਦਾ ਮਾਹੌਲ ਬਣ ਗਿਆ।

ਮੁਹਾਲੀ
ਦੇਸ਼ ਭਰ ਵਿੱਚ 80ਵੇਂ ਆਜ਼ਾਦੀ ਦਿਹਾੜੇ ਦੇ ਸਮਾਗਮ ਹੋ ਰਹੇ ਹਨ, ਉੱਥੇ ਹੀ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਕੌਮੀ ਇਨਸਾਫ਼ ਮੋਰਚੇ ਦੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਤਣਾਅ ਵਾਲੀ ਸਥਿਤੀ ਬਣੀ ਹੋਈ ਹੈ। ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਮੋਰਚੇ ਦੇ ਸਮਰਥਕ ਰਾਜਪਾਲ ਹਾਊਸ ਵੱਲ ਵਧੇ, ਜਿਨ੍ਹਾਂ ਨੂੰ ਰੋਕਣ ਲਈ ਪੁਲਿਸ ਨੇ ਕਾਰਵਾਈ ਕੀਤੀ।
ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਵੱਲੋਂ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ। ਇਸ ਕਾਰਨ ਇਲਾਕੇ ਵਿੱਚ ਕੁਝ ਸਮੇਂ ਲਈ ਤਣਾਅ ਦਾ ਮਾਹੌਲ ਬਣ ਗਿਆ।
ਉਧਰ ਕੌਮੀ ਇਨਸਾਫ਼ ਮੋਰਚੇ ਦੇ ਸਮਰਥਕ ਮੁਹਾਲੀ ਵਿੱਚ ਇਕੱਠੇ ਹੋ ਰਹੇ ਹਨ ਅਤੇ ਚੰਡੀਗੜ੍ਹ ਵੱਲ ਕੂਚ ਕਰਨ ਦੀ ਤਿਆਰੀ ਕਰ ਰਹੇ ਹਨ। ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
ਸਰਹੱਦਾਂ ’ਤੇ ਸਖ਼ਤੀ, ਬੱਸਾਂ ਦੀ ਆਵਾਜਾਈ ਪ੍ਰਭਾਵਿਤ
ਪ੍ਰਦਰਸ਼ਨ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਮੁਹਾਲੀ ਅਤੇ ਚੰਡੀਗੜ੍ਹ ਦੇ ਕਈ ਐਂਟਰੀ ਪੁਆਇੰਟਾਂ ’ਤੇ ਸਖ਼ਤੀ ਕੀਤੀ ਗਈ ਹੈ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵੱਲੋਂ ਚੰਡੀਗੜ੍ਹ ਆਉਣ ਵਾਲੀਆਂ ਕੁਝ ਬੱਸਾਂ ਨੂੰ ਸ਼ਹਿਰ ਵਿੱਚ ਦਾਖ਼ਲ ਹੋਣ ਵਿੱਚ ਮੁਸ਼ਕਲ ਆ ਰਹੀ ਹੈ। ਯਾਤਰੀਆਂ ਨੂੰ ਸਰਹੱਦੀ ਪੁਆਇੰਟਾਂ ’ਤੇ ਹੀ ਉਤਾਰੇ ਜਾਣ ਕਾਰਨ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੁਲਿਸ ਨਾਕਿਆਂ ’ਤੇ ਆਉਣ-ਜਾਣ ਵਾਲੇ ਲੋਕਾਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਅੱਗੇ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।

ਬੱਚੇ ਵੀ ਪਹੁੰਚੇ ਮੋਰਚੇ ’ਚ
ਰੋਸ ਮਾਰਚ ਵਿੱਚ ਛੋਟੀ ਉਮਰ ਦੇ ਬੱਚੇ ਵੀ ਪਹੁੰਚੇ ਹੋਏ ਹਨ। ਉਨ੍ਹਾਂ ਦੇ ਹੱਥਾਂ ਵਿੱਚ ਜਗਤਾਰ ਸਿੰਘ ਹਵਾਰਾ ਅਤੇ ਹੋਰ ਬੰਦੀ ਸਿੰਘਾਂ ਦੀਆਂ ਤਸਵੀਰਾਂ ਨਜ਼ਰ ਆ ਰਹੀਆਂ ਹਨ। ਪ੍ਰਦਰਸ਼ਨਕਾਰੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ।
ਲੰਬੇ ਸਮੇਂ ਤੋਂ ਜਾਰੀ ਹੈ ਕੌਮੀ ਇਨਸਾਫ਼ ਮੋਰਚਾ
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਕੌਮੀ ਇਨਸਾਫ਼ ਮੋਰਚੇ ਵੱਲੋਂ ਲੰਬੇ ਸਮੇਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਮੋਰਚੇ ਦਾ ਕਹਿਣਾ ਹੈ ਕਿ 7 ਜਨਵਰੀ 2023 ਤੋਂ ਲਗਾਤਾਰ ਸੰਘਰਸ਼ ਚੱਲ ਰਿਹਾ ਹੈ, ਪਰ ਉਨ੍ਹਾਂ ਦੀਆਂ ਮੰਗਾਂ ਦਾ ਅਜੇ ਤੱਕ ਕੋਈ ਢੁੱਕਵਾਂ ਹੱਲ ਨਹੀਂ ਨਿਕਲਿਆ।
ਇਸੇ ਦੇ ਚਲਦਿਆਂ ਮੋਰਚੇ ਨੇ ਹੁਣ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। 15 ਅਗਸਤ ਨੂੰ ਪੰਜਾਬ ਦੇ ਰਾਜਪਾਲ ਹਾਊਸ ਦੇ ਘਿਰਾਓ ਦਾ ਐਲਾਨ ਇਸੇ ਸੰਘਰਸ਼ ਦਾ ਹਿੱਸਾ ਹੈ।
ਦੁਪਹਿਰ 12 ਵਜੇ ਵੱਡੇ ਕਾਫ਼ਲੇ ਨਾਲ ਚੰਡੀਗੜ੍ਹ ਵੱਲ ਕੂਚ ਦਾ ਐਲਾਨ
ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸਿੱਖ ਸੰਗਤ, ਇਨਸਾਫ਼ ਪਸੰਦ ਲੋਕ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਮੁਹਾਲੀ ਸਥਿਤ ਪੱਕੇ ਮੋਰਚੇ ਵਾਲੀ ਥਾਂ ’ਤੇ ਪਹੁੰਚ ਰਹੇ ਹਨ।
ਮੋਰਚੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਦੁਪਹਿਰ 12 ਵਜੇ ਸਿੱਖ ਸੰਗਤ ਵੱਡੇ ਕਾਫ਼ਲੇ ਦੇ ਰੂਪ ਵਿੱਚ ਰਾਜਪਾਲ ਹਾਊਸ ਦੇ ਘਿਰਾਓ ਲਈ ਚੰਡੀਗੜ੍ਹ ਵੱਲ ਕੂਚ ਕਰੇਗੀ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ ਅਤੇ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
-(ਪੰਜਾਬੀ ਜਾਗਰਣ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


