ਨੋਟਿਸ ਦੇ ਮੁੱਦੇ ’ਤੇ ਜਸਟਿਸ ਰਣਜੀਤ ਸਿੰਘ ਦਾ ਰੁਖ ਸਖ਼ਤ, ਕਿਹਾ- ਜਵਾਬ ਦੇਣ ਦੀ ਬਜਾਏ ਅਦਾਲਤ ’ਚ ਰੱਖਾਂਗਾ ਆਪਣਾ ਪੱਖ
ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਨੂੰ ਅਦਾਲਤ ਦਾ ਰੁਖ ਕਰਨਾ ਹੈ, ਉਹ ਅਦਾਲਤ ਜਾ ਸਕਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮਾਮਲੇ ਨਾਲ ਸਬੰਧਤ ਸਾਰੇ ਤੱਥ ਅਦਾਲਤ ਦੇ ਸਾਹਮਣੇ ਰੱਖੇ ਜਾਣਗੇ।

ਚੰਡੀਗੜ੍ਹ
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਚੇਅਰਮੈਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਭੇਜੇ ਗਏ ਕਥਿਤ ਨੋਟਿਸ ਦੇ ਮਾਮਲੇ ਵਿੱਚ ਆਪਣਾ ਰੁਖ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਕੋਈ ਨੋਟਿਸ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਨੋਟਿਸ ਮਿਲਦਾ ਹੈ ਤਾਂ ਉਹ ਇਸ ਦਾ ਜਵਾਬ ਦੇਣ ਦੀ ਬਜਾਏ ਮਾਮਲਾ ਅਦਾਲਤ ਵਿੱਚ ਲੜਨਗੇ।
ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਨੂੰ ਅਦਾਲਤ ਦਾ ਰੁਖ ਕਰਨਾ ਹੈ, ਉਹ ਅਦਾਲਤ ਜਾ ਸਕਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮਾਮਲੇ ਨਾਲ ਸਬੰਧਤ ਸਾਰੇ ਤੱਥ ਅਦਾਲਤ ਦੇ ਸਾਹਮਣੇ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਦੇ ਘੇਰੇ ਵਿੱਚ ਪੁਲਿਸ ਸਮੇਤ ਕਈ ਅਧਿਕਾਰੀ ਵੀ ਆ ਸਕਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵੱਲੋਂ ਇਸ ਮਾਮਲੇ ਵਿੱਚ ਕੋਈ ਗਲਤ ਕੰਮ ਨਹੀਂ ਕੀਤਾ ਗਿਆ। ਸੰਗਠਨ ਨੇ 20 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੁਣਾਏ ਗਏ ਫੈਸਲੇ ਦੇ ਆਧਾਰ ’ਤੇ ਮਨੁੱਖੀ ਅਧਿਕਾਰਾਂ ਦੀ ਕਥਿਤ ਉਲੰਘਣਾ ਦੇ ਮੁੱਦੇ ਨੂੰ ਲੈ ਕੇ ਆਪਣਾ ਪੱਖ ਸਾਹਮਣੇ ਰੱਖਿਆ ਹੈ।
ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਸਰਕਾਰ ਦੀ ਭੂਮਿਕਾ ’ਤੇ ਸਵਾਲ
ਜਸਟਿਸ ਰਣਜੀਤ ਸਿੰਘ ਨੇ ਸਵਾਲ ਉਠਾਇਆ ਕਿ ਜਦੋਂ 20 ਜੁਲਾਈ ਨੂੰ ਹਾਈ ਕੋਰਟ ਦਾ ਫੈਸਲਾ ਆ ਗਿਆ ਸੀ ਤਾਂ ਪੰਜਾਬ ਸਰਕਾਰ ਵੱਲੋਂ, ਮੁੱਖ ਮੰਤਰੀ ਵੱਲੋਂ ਗ੍ਰਹਿ ਮੰਤਰੀ ਦੇ ਤੌਰ ’ਤੇ ਇਸ ਮਾਮਲੇ ’ਤੇ ਆਪਣਾ ਪੱਖ ਕਿਉਂ ਨਹੀਂ ਰੱਖਿਆ ਗਿਆ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਡਾ. ਗੁਰਪ੍ਰੀਤ ਕੌਰ ਵੱਲੋਂ ਪਹਿਲਾਂ ਲਗਾਏ ਗਏ ਦੋਸ਼ਾਂ ਸਬੰਧੀ ਆਪਣਾ ਪੱਖ ਸਪੱਸ਼ਟ ਜਾਂ ਉਨ੍ਹਾਂ ਦਾ ਖੰਡਨ ਕਿਉਂ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਫਰਜ਼ ਸਮਝਦੇ ਹੋਏ ਮਾਮਲੇ ਨਾਲ ਜੁੜੀ ਸਥਿਤੀ ਲੋਕਾਂ ਦੇ ਸਾਹਮਣੇ ਰੱਖੀ ਹੈ। ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਉਹ ਅੱਗੇ ਵੀ ਮਨੁੱਖੀ ਅਧਿਕਾਰਾਂ ਨਾਲ ਜੁੜੇ ਮੁੱਦਿਆਂ ’ਤੇ ਆਪਣੀ ਆਵਾਜ਼ ਉਠਾਉਂਦੇ ਰਹਿਣਗੇ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਲੜਾਈ ਜਾਰੀ ਰੱਖਣਗੇ।
-(ਪੰਜਾਬੀ ਜਾਗਰਣ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


