ਰਾਹੁਲ ਗਾਂਧੀ ਤੇ ਰਾਜਾ ਵੜਿੰਗ ਦੇ ਹੱਕ ’ਚ ਸੜਕਾਂ ’ਤੇ ਉਤਰੀ ਪੰਜਾਬ ਕਾਂਗਰਸ, ਪੁਲਿਸ ਨਾਲ ਹੋਈ ਧੱਕਾ-ਮੁੱਕੀ
ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਡਾ. ਰਾਜਕੁਮਾਰ ਵੇਰਕਾ ਨੇ ਕੀਤੀ। ਕਾਂਗਰਸੀ ਆਗੂਆਂ ਨੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਮਾਮਲੇ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਇਸ ਦੀ ਨਿੰਦਾ ਕੀਤੀ।

ਚੰਡੀਗੜ੍ਹ
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐੱਫ.ਆਈ.ਆਰ. ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਜਾਰੀ ਗ੍ਰਿਫ਼ਤਾਰੀ ਦੇ ਹੁਕਮਾਂ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਕਾਰ ਕਾਫ਼ੀ ਦੇਰ ਤੱਕ ਤਣਾਅਪੂਰਨ ਸਥਿਤੀ ਬਣੀ ਰਹੀ।
ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਦੇ ਬਾਹਰ ਹੋਏ ਇਸ ਪ੍ਰਦਰਸ਼ਨ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਜਵਾਨ ਤਾਇਨਾਤ ਕੀਤੇ ਗਏ ਸਨ। ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੇ ਆਗੂਆਂ ਦੇ ਸਮਰਥਨ ਵਿੱਚ ਆਵਾਜ਼ ਬੁਲੰਦ ਕੀਤੀ।
ਰਾਜਕੁਮਾਰ ਵੇਰਕਾ ਦੀ ਅਗਵਾਈ ’ਚ ਕੀਤਾ ਗਿਆ ਰੋਸ ਪ੍ਰਦਰਸ਼ਨ
ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਡਾ. ਰਾਜਕੁਮਾਰ ਵੇਰਕਾ ਨੇ ਕੀਤੀ। ਕਾਂਗਰਸੀ ਆਗੂਆਂ ਨੇ ਰਾਹੁਲ ਗਾਂਧੀ ਖ਼ਿਲਾਫ਼ ਦਰਜ ਮਾਮਲੇ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਇਸ ਦੀ ਨਿੰਦਾ ਕੀਤੀ।
ਇਸ ਤੋਂ ਇਲਾਵਾ ਉਤਰਾਖੰਡ ਦੇ ਹਲਦਵਾਨੀ ਵਿੱਚ ਸਾਹਮਣੇ ਆਏ ਕਥਿਤ ‘ਸ਼ੁੱਧੀਕਰਨ’ ਮਾਮਲੇ ਅਤੇ ਇਸ ਨਾਲ ਜੁੜੀ ਕਾਰਵਾਈ ਨੂੰ ਲੈ ਕੇ ਵੀ ਕਾਂਗਰਸ ਵੱਲੋਂ ਸਵਾਲ ਚੁੱਕੇ ਗਏ। ਰਾਜਾ ਵੜਿੰਗ ਖ਼ਿਲਾਫ਼ ਜਾਰੀ ਕੀਤੇ ਗਏ ਗ੍ਰਿਫ਼ਤਾਰੀ ਹੁਕਮਾਂ ਨੂੰ ਲੈ ਕੇ ਵੀ ਕਾਂਗਰਸੀ ਵਰਕਰਾਂ ਨੇ ਤਿੱਖਾ ਵਿਰੋਧ ਦਰਜ ਕਰਵਾਇਆ।
ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ
ਰੋਸ ਪ੍ਰਦਰਸ਼ਨ ਦੌਰਾਨ ਸਥਿਤੀ ਉਸ ਸਮੇਂ ਹੋਰ ਤਣਾਅਪੂਰਨ ਹੋ ਗਈ, ਜਦੋਂ ਪੁਲਿਸ ਨੇ ਡਾ. ਰਾਜਕੁਮਾਰ ਵੇਰਕਾ ਸਮੇਤ ਕੁਝ ਕਾਂਗਰਸੀ ਸਮਰਥਕਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਉਨ੍ਹਾਂ ਨੂੰ ਸੈਕਟਰ-11 ਥਾਣੇ ਲੈ ਗਈ, ਜਿੱਥੇ ਕਰੀਬ ਅੱਧੇ ਘੰਟੇ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।
ਹਿਰਾਸਤ ਤੋਂ ਬਾਅਦ ਡਾ. ਵੇਰਕਾ ਨੇ ਅਨੁਸੂਚਿਤ ਜਾਤੀ ਕਮਿਸ਼ਨ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਕਮਿਸ਼ਨ ਬੰਧੂਆ ਮਜ਼ਦੂਰਾਂ ਵਾਂਗ ਕੰਮ ਕਰ ਰਿਹਾ ਹੈ।
ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮਾਂ ’ਤੇ ਚੁੱਕੇ ਸਵਾਲ
ਡਾ. ਵੇਰਕਾ ਨੇ ਰਾਜਾ ਵੜਿੰਗ ਖ਼ਿਲਾਫ਼ ਜਾਰੀ ਕੀਤੇ ਗਏ ਗ੍ਰਿਫ਼ਤਾਰੀ ਹੁਕਮਾਂ ਨੂੰ ਗਲਤ ਕਰਾਰ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਇਹ ਮਾਮਲਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ ਤਾਂ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਇਸ ਤਰ੍ਹਾਂ ਦੇ ਹੁਕਮ ਜਾਰੀ ਕਰਨ ’ਤੇ ਸਵਾਲ ਖੜ੍ਹੇ ਹੁੰਦੇ ਹਨ।
ਪ੍ਰਦਰਸ਼ਨ ਕਾਰਨ ਚੰਡੀਗੜ੍ਹ ਦੇ ਮੱਧ ਮਾਰਗ ’ਤੇ ਵੀ ਆਵਾਜਾਈ ਪ੍ਰਭਾਵਿਤ ਹੋਈ। ਕਰੀਬ ਇੱਕ ਘੰਟੇ ਤੱਕ ਆਵਾਜਾਈ ਵਿੱਚ ਵਿਘਨ ਪਿਆ ਅਤੇ ਮਾਰਗ ਨੂੰ ਕੁਝ ਸਮੇਂ ਲਈ ਬੰਦ ਕਰਨਾ ਪਿਆ। ਬਾਅਦ ਵਿੱਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਉੱਥੋਂ ਹਟਾ ਕੇ ਆਵਾਜਾਈ ਨੂੰ ਮੁੜ ਬਹਾਲ ਕਰਵਾਇਆ।
-(ਪੰਜਾਬੀ ਜਾਗਰਣ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


