ਗੁਰਪ੍ਰੀਤ ਕੌਰ ਦਾ ਵੱਡਾ ਕਾਨੂੰਨੀ ਕਦਮ, ਮਜੀਠੀਆ-ਹਰਸਿਮਰਤ-ਖਹਿਰਾ ਖ਼ਿਲਾਫ਼ ਅਦਾਲਤ ਪਹੁੰਚੀ; ਲਗਾਏ ਗੰਭੀਰ ਦੋਸ਼
ਉਨ੍ਹਾਂ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਚੰਡੀਗੜ੍ਹ ਦੀ ਅਦਾਲਤ ਵਿੱਚ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਹੈ।

ਚੰਡੀਗੜ੍ਹ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਖ਼ਿਲਾਫ਼ ਕਥਿਤ ਤੌਰ ’ਤੇ ਲਗਾਏ ਗਏ ਝੂਠੇ ਅਤੇ ਮਾਣਹਾਨੀ ਵਾਲੇ ਦੋਸ਼ਾਂ ਨੂੰ ਲੈ ਕੇ ਕਾਨੂੰਨੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਚੰਡੀਗੜ੍ਹ ਦੀ ਅਦਾਲਤ ਵਿੱਚ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਦਾਇਰ ਕੀਤੀ ਹੈ।
ਡਾ. ਗੁਰਪ੍ਰੀਤ ਕੌਰ ਵੱਲੋਂ ਦਾਇਰ ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਤਿੰਨਾਂ ਆਗੂਆਂ ਵੱਲੋਂ ਉਨ੍ਹਾਂ ਦੀ ਸਾਖ ਅਤੇ ਨਿੱਜੀ ਛਵੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਬਿਆਨ ਦਿੱਤੇ ਗਏ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਬੰਧਤ ਆਗੂਆਂ ਨੂੰ ਕਾਨੂੰਨੀ ਨੋਟਿਸ ਭੇਜ ਕੇ 24 ਘੰਟਿਆਂ ਅੰਦਰ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ ਸੀ, ਪਰ ਉਨ੍ਹਾਂ ਦੇ ਮੁਤਾਬਕ ਮੰਗੀ ਗਈ ਮੁਆਫ਼ੀ ਨਹੀਂ ਮਿਲੀ।
ਮਜੀਠੀਆ ’ਤੇ ਲਗਾਇਆ ਗੰਭੀਰ ਦੋਸ਼
ਸ਼ਿਕਾਇਤ ਵਿੱਚ ਡਾ. ਗੁਰਪ੍ਰੀਤ ਕੌਰ ਨੇ ਕਿਹਾ ਹੈ ਕਿ 1 ਸਤੰਬਰ ਨੂੰ ਚੰਡੀਗੜ੍ਹ ਵਿੱਚ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਬਿਕਰਮ ਸਿੰਘ ਮਜੀਠੀਆ ਵੱਲੋਂ ਉਨ੍ਹਾਂ ਖ਼ਿਲਾਫ਼ ਗੰਭੀਰ ਦੋਸ਼ ਲਗਾਏ ਗਏ। ਉਨ੍ਹਾਂ ਦੇ ਮੁਤਾਬਕ ਇਨ੍ਹਾਂ ਦੋਸ਼ਾਂ ਵਿੱਚ ਇਹ ਦਾਅਵਾ ਵੀ ਕੀਤਾ ਗਿਆ ਕਿ ਉਨ੍ਹਾਂ ਨੇ ਇੱਕ ਰਿਸ਼ਤੇਦਾਰ ਰਾਹੀਂ ਬਲਾਤਕਾਰ ਦੇ ਮਾਮਲੇ ਵਿੱਚ ਨਾਮਜ਼ਦ ਵਿਅਕਤੀ ਦੀ ਮਦਦ ਕਰਨ ਲਈ ਸਰਕਾਰੀ ਤੰਤਰ ਨੂੰ ਪ੍ਰਭਾਵਿਤ ਕਰਨ ਵਾਸਤੇ ਪੈਸਿਆਂ ਦੀ ਮੰਗ ਕੀਤੀ।
ਡਾ. ਗੁਰਪ੍ਰੀਤ ਕੌਰ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਪ੍ਰੈੱਸ ਕਾਨਫਰੰਸ ਦੌਰਾਨ ਕਥਿਤ ਆਡੀਓ ਰਿਕਾਰਡਿੰਗਾਂ, ਤਸਵੀਰਾਂ ਅਤੇ ਸੀਸੀਟੀਵੀ ਫੁਟੇਜ ਦਾ ਹਵਾਲਾ ਦੇ ਕੇ ਉਨ੍ਹਾਂ ਨਾਲ ਜੁੜੇ ਲੋਕਾਂ ’ਤੇ ਵੀ ਗੰਭੀਰ ਇਲਜ਼ਾਮ ਲਗਾਏ ਗਏ।
‘ਮੇਰੀ ਸਾਖ ਅਤੇ ਨਿੱਜੀ ਪਛਾਣ ਨੂੰ ਨੁਕਸਾਨ ਪਹੁੰਚਿਆ’
ਸ਼ਿਕਾਇਤ ਵਿੱਚ ਡਾ. ਗੁਰਪ੍ਰੀਤ ਕੌਰ ਨੇ ਆਪਣੇ ਆਪ ਨੂੰ ਮੈਡੀਕਲ ਪੇਸ਼ੇ ਨਾਲ ਜੁੜੀ ਇੱਕ ਯੋਗਤਾ ਪ੍ਰਾਪਤ ਪੇਸ਼ੇਵਰ ਦੱਸਦਿਆਂ ਕਿਹਾ ਕਿ ਇਨ੍ਹਾਂ ਦੋਸ਼ਾਂ ਕਾਰਨ ਉਨ੍ਹਾਂ ਦੀ ਸਮਾਜਿਕ ਸਾਖ, ਮਾਣ-ਸਨਮਾਨ ਅਤੇ ਨਿੱਜੀ ਪਛਾਣ ਨੂੰ ਠੇਸ ਪਹੁੰਚੀ ਹੈ।
ਉਨ੍ਹਾਂ ਅਦਾਲਤ ਅੱਗੇ ਮੰਗ ਕੀਤੀ ਹੈ ਕਿ ਸਬੰਧਤ ਵਿਅਕਤੀਆਂ ਨੂੰ ਅਦਾਲਤ ਵਿੱਚ ਤਲਬ ਕੀਤਾ ਜਾਵੇ ਅਤੇ ਕਥਿਤ ਮਾਣਹਾਨੀ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਪਹਿਲਾਂ ਵੀ ਅਦਾਲਤ ਲਗਾ ਚੁੱਕੀ ਹੈ ਅੰਤਰਿਮ ਰੋਕ
ਇਸ ਮਾਮਲੇ ਨਾਲ ਜੁੜੇ ਇੱਕ ਵੱਖਰੇ ਸਿਵਲ ਕੇਸ ਵਿੱਚ ਚੰਡੀਗੜ੍ਹ ਦੀ ਅਦਾਲਤ ਨੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ, ਬਿਕਰਮ ਸਿੰਘ ਮਜੀਠੀਆ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਡਾ. ਗੁਰਪ੍ਰੀਤ ਕੌਰ ਨਾਲ ਸਬੰਧਤ ਰਿਸ਼ਵਤ ਦੀ ਮੰਗ ਵਾਲੇ ਦੋਸ਼ਾਂ ਬਾਰੇ ਅਪੁਸ਼ਟ ਜਾਂ ਮਾਣਹਾਨੀ ਵਾਲੀ ਸਮੱਗਰੀ ਸੋਸ਼ਲ ਮੀਡੀਆ ਜਾਂ ਹੋਰ ਮਾਧਿਅਮਾਂ ’ਤੇ ਪ੍ਰਕਾਸ਼ਿਤ ਜਾਂ ਪ੍ਰਸਾਰਿਤ ਕਰਨ ਤੋਂ ਅਗਲੇ ਹੁਕਮਾਂ ਤੱਕ ਰੋਕਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 30 ਸਤੰਬਰ ਨੂੰ ਹੋਣੀ ਹੈ।
ਅਦਾਲਤ ਨੇ ਆਪਣੇ ਅੰਤਰਿਮ ਹੁਕਮ ਵਿੱਚ ਕਿਹਾ ਸੀ ਕਿ ਸਾਹਮਣੇ ਆਈ ਸਮੱਗਰੀ ਅਤੇ ਦੋਸ਼ਾਂ ਨੂੰ ਲੈ ਕੇ ਪਹਿਲੀ ਨਜ਼ਰ ਵਿੱਚ ਉਨ੍ਹਾਂ ਦੀ ਪੁਸ਼ਟੀ ਕਰਨ ਵਾਲਾ ਠੋਸ ਸਬੂਤ ਸਾਹਮਣੇ ਨਹੀਂ ਆਇਆ। ਹਾਲਾਂਕਿ, ਇਹ ਅੰਤਰਿਮ ਪੜਾਅ ਦਾ ਹੁਕਮ ਹੈ ਅਤੇ ਮਾਮਲੇ ਵਿੱਚ ਅੰਤਿਮ ਫੈਸਲਾ ਹਾਲੇ ਬਾਕੀ ਹੈ।
-(ਟੀਵੀ 9 ਪੰਜਾਬੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


