SIR ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਨਵੀਂ ਪਟੀਸ਼ਨ, CEC ਗਿਆਨੇਸ਼ ਕੁਮਾਰ ਖ਼ਿਲਾਫ਼ ਕਾਰਵਾਈ ਦੀ ਮੰਗ
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਇੱਕ ਪਟੀਸ਼ਨ ਦਾਇਰ ਕਰਕੇ SIR ਨਾਲ ਜੁੜੇ ਕੁਝ ਫ਼ੈਸਲਿਆਂ ਅਤੇ ਪ੍ਰਕਿਰਿਆ ਦੀ ਜਾਂਚ ਦੀ ਮੰਗ ਕੀਤੀ ਗਈ ਹੈ।

ਨਵੀਂ ਦਿੱਲੀ
ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕੀਤੀ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਨੂੰ ਲੈ ਕੇ ਵਿਵਾਦ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਇੱਕ ਪਟੀਸ਼ਨ ਦਾਇਰ ਕਰਕੇ SIR ਨਾਲ ਜੁੜੇ ਕੁਝ ਫ਼ੈਸਲਿਆਂ ਅਤੇ ਪ੍ਰਕਿਰਿਆ ਦੀ ਜਾਂਚ ਦੀ ਮੰਗ ਕੀਤੀ ਗਈ ਹੈ।
ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਚੋਣ ਕਮਿਸ਼ਨ ਦੇ ਕੁਝ ਫ਼ੈਸਲੇ ਦੋ ਹੋਰ ਚੋਣ ਕਮਿਸ਼ਨਰਾਂ ਦੀ ਸਹਿਮਤੀ ਤੋਂ ਬਿਨਾਂ ਲਏ ਗਏ। ਪਟੀਸ਼ਨਕਰਤਾ ਨੇ ਅਜਿਹੇ ਫ਼ੈਸਲਿਆਂ ਨੂੰ ਗੈਰ-ਕਾਨੂੰਨੀ ਕਰਾਰ ਦੇਣ ਦੀ ਮੰਗ ਕੀਤੀ ਹੈ।
ਇਸ ਮਾਮਲੇ ਵਿੱਚ ‘ਦ ਇੰਡੀਅਨ ਐਕਸਪ੍ਰੈੱਸ’ ਦੀ ਇੱਕ ਜਾਂਚ ਰਿਪੋਰਟ ਦਾ ਵੀ ਹਵਾਲਾ ਦਿੱਤਾ ਗਿਆ ਹੈ, ਜਿਸ ਵਿੱਚ ਚੋਣ ਕਮਿਸ਼ਨ ਦੇ ਦੋ ਮੈਂਬਰਾਂ ਵੱਲੋਂ SIR ਨਾਲ ਸਬੰਧਤ ਕੁਝ ਕਾਰਵਾਈਆਂ ਅਤੇ ਫ਼ੈਸਲਿਆਂ ’ਤੇ ਇਤਰਾਜ਼ ਦਰਜ ਕਰਨ ਦੀ ਗੱਲ ਸਾਹਮਣੇ ਆਈ ਸੀ।
ਪਟੀਸ਼ਨ ਵਿੱਚ SIR ਦੌਰਾਨ ਵੋਟਰ ਸੂਚੀਆਂ ਵਿੱਚੋਂ ਲਗਭਗ 13 ਕਰੋੜ ਨਾਮ ਹਟਾਏ ਜਾਣ ਨਾਲ ਜੁੜੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਬਣਾਉਣ ਦੀ ਮੰਗ ਵੀ ਕੀਤੀ ਗਈ ਹੈ। ਇਸ ਤੋਂ ਇਲਾਵਾ ਵੋਟਰ ਰਜਿਸਟ੍ਰੇਸ਼ਨ ਨਾਲ ਸਬੰਧਤ ਫਾਰਮ-6 ਵਿੱਚ ਕੀਤੀਆਂ ਤਬਦੀਲੀਆਂ ਨੂੰ ਵੀ ਚੁਣੌਤੀ ਦਿੱਤੀ ਗਈ ਹੈ।
ਪਟੀਸ਼ਨਕਰਤਾ ਨੇ ਮੰਗ ਕੀਤੀ ਹੈ ਕਿ ਪੂਰੇ ਮਾਮਲੇ ਦੀ ਸੁਤੰਤਰ ਜਾਂਚ ਕਰਵਾਈ ਜਾਵੇ ਅਤੇ SIR ਨਾਲ ਸਬੰਧਤ ਫ਼ੈਸਲਿਆਂ ਤੇ ਡਿਜ਼ੀਟਲ ਡਾਟਾ ਵਿੱਚ ਹੋਈਆਂ ਕਥਿਤ ਤਬਦੀਲੀਆਂ ਦੀ ਵੀ ਜਾਂਚ ਕੀਤੀ ਜਾਵੇ।
ਉੱਧਰ, ਚੋਣ ਕਮਿਸ਼ਨ ਵੱਲੋਂ ਇਹ ਕਿਹਾ ਗਿਆ ਹੈ ਕਿ SIR ਨਾਲ ਸਬੰਧਤ ਫ਼ੈਸਲੇ ਕਮਿਸ਼ਨ ਦੇ ਮੈਂਬਰਾਂ ਦੀ ਮਨਜ਼ੂਰੀ ਨਾਲ ਲਏ ਗਏ ਹਨ।
(ਪੰਜਾਬੀ ਜਾਗਰਨ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ


