ਤਰਨਤਾਰਨ ’ਚ ਰਾਤ ਸਮੇਂ ਵਾਪਰੀ ਵੱਡੀ ਵਾਰਦਾਤ, ਪਿੰਡ ਦੇ ਸਾਬਕਾ ਅਕਾਲੀ ਆਗੂ ਦੀ ਗੋਲੀ ਲੱਗਣ ਨਾਲ ਮੌਤ
ਮਿਲੀ ਜਾਣਕਾਰੀ ਮੁਤਾਬਕ ਨਵਪ੍ਰੀਤ ਸਿੰਘ ਦੀ ਇੱਕ ਵਿਅਕਤੀ ਨਾਲ ਪਹਿਲਾਂ ਤੋਂ ਰੰਜਿਸ਼ ਚੱਲ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਅੱਡਾ ਗੱਗੋ ਬੂਹਾ ਵਿਖੇ ਬੀਤੀ ਰਾਤ ਦੋਵਾਂ ਧਿਰਾਂ ਦਾ ਆਹਮੋ-ਸਾਹਮਣਾ ਹੋ ਗਿਆ।

ਤਰਨਤਾਰਨ
ਥਾਣਾ ਝਬਾਲ ਦੇ ਅਧੀਨ ਪੈਂਦੇ ਪਿੰਡ ਗੱਗੋ ਬੂਹਾ ਵਿੱਚ ਬੀਤੀ ਰਾਤ ਗੋਲੀ ਚੱਲਣ ਦੀ ਘਟਨਾ ਵਿੱਚ ਅਕਾਲੀ ਆਗੂ ਨਵਪ੍ਰੀਤ ਸਿੰਘ ਨਵੀ ਦੀ ਮੌਤ ਹੋ ਗਈ। ਨਵਪ੍ਰੀਤ ਸਿੰਘ ਮੌਜੂਦਾ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਦੱਸੇ ਜਾ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਕ ਨਵਪ੍ਰੀਤ ਸਿੰਘ ਦੀ ਇੱਕ ਵਿਅਕਤੀ ਨਾਲ ਪਹਿਲਾਂ ਤੋਂ ਰੰਜਿਸ਼ ਚੱਲ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਅੱਡਾ ਗੱਗੋ ਬੂਹਾ ਵਿਖੇ ਬੀਤੀ ਰਾਤ ਦੋਵਾਂ ਧਿਰਾਂ ਦਾ ਆਹਮੋ-ਸਾਹਮਣਾ ਹੋ ਗਿਆ। ਇਸ ਦੌਰਾਨ ਦੋਵਾਂ ਵਿਚਾਲੇ ਤਕਰਾਰ ਹੋਈ, ਜਿਸ ਤੋਂ ਬਾਅਦ ਗੋਲੀਆਂ ਚੱਲ ਗਈਆਂ।
ਘਟਨਾ ਵਿੱਚ ਨਵਪ੍ਰੀਤ ਸਿੰਘ ਨਵੀ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਰਾਣੀ ਰੰਜਿਸ਼ ਨੂੰ ਦੱਸਿਆ ਜਾ ਰਿਹਾ ਹੈ ਕਾਰਨ
ਮੁੱਢਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਸੋਨੂੰ ਕੰਡਾ ਨਾਮ ਦੇ ਵਿਅਕਤੀ ਦਾ ਨਾਂ ਸਾਹਮਣੇ ਆ ਰਿਹਾ ਹੈ, ਜੋ ਅੱਡਾ ਗੱਗੋ ਬੂਹਾ ਵਿਖੇ ਸੁਨਿਆਰੇ ਦੀ ਦੁਕਾਨ ਚਲਾਉਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਨਵਪ੍ਰੀਤ ਸਿੰਘ ਅਤੇ ਸੋਨੂੰ ਕੰਡਾ ਵਿਚਾਲੇ ਪਹਿਲਾਂ ਤੋਂ ਵਿਵਾਦ ਚੱਲ ਰਿਹਾ ਸੀ।
ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਲੀ ਚਲਾਉਣ ਵਾਲੇ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਫਿਲਹਾਲ ਘਟਨਾ ਦੇ ਪਿੱਛੇ ਅਸਲ ਕਾਰਨ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਸਬੰਧੀ ਪੁਲਿਸ ਜਾਂਚ ਜਾਰੀ ਹੈ।
ਝਬਾਲ ਇਲਾਕੇ ਵਿੱਚ ਲਗਾਤਾਰ ਵਾਰਦਾਤਾਂ ਨਾਲ ਚਿੰਤਾ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਝਬਾਲ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਦੀ ਜਾਣਕਾਰੀ ਇਕੱਠੀ ਕਰਨ ਦੇ ਨਾਲ-ਨਾਲ ਮਾਮਲੇ ਨਾਲ ਜੁੜੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਿਛਲੇ ਕੁਝ ਦਿਨਾਂ ਦੌਰਾਨ ਝਬਾਲ ਇਲਾਕੇ ਵਿੱਚ ਗੋਲੀ ਚੱਲਣ ਦੀਆਂ ਕਈ ਘਟਨਾਵਾਂ ਸਾਹਮਣੇ ਆਉਣ ਕਾਰਨ ਸਥਾਨਕ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ। ਤਾਜ਼ਾ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਮੁੜ ਸਵਾਲ ਖੜ੍ਹੇ ਹੋ ਰਹੇ ਹਨ।
-(ਪੀਟੀਸੀ ਨਿਊਜ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


